ਜਲੰਧਰ, 25 ਅਪ੍ਰੈਲ (ਪਵਨ)-ਪੰਜਾਬ ਭਰ ਵਿਚ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਨੇ ਆਮ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਬਣਾ ਦਿੱਤੀ ਹੈ | ਅਜੇ ਗਰਮੀ ਦੀ ਸ਼ੁਰੂਆਤ ਹੀ ਹੋਈ ਹੈ ਤੇ ਹਾਲਾਤ ਇੰਨੇ ਖਰਾਬ ਹਨ ਕਿ ਲੋਕਾਂ ਨੂੰ ਦਿਨ-ਰਾਤ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਕ ਪਾਸੇ ਪੰਜਾਬ ਸਰਕਾਰ ਇਹ ਦਾਅਵਾ ਕਰਦੀ ਹੈ ਕਿ ਰਾਜ ਵਿਚ ਬਿਜਲੀ ਦੀ ਕੋਈ ਘਾਟ ਨਹੀਂ ਹੈ ਤੇ ਅਸੀਂ 'ਪਾਵਰ ਸਰਪਲਸ' ਹਾਂ, ਦੂਜੇ ਪਾਸੇ ਹਕੀਕਤ ਇਹ ਹੈ ਕਿ ਹਰ ਰੋਜ਼ ਲੰਬੇ-ਲੰਬੇ ਬਿਜਲੀ ਕੱਟ ਲੱਗ ਰਹੇ ਹਨ | ਕਈ ਇਲਾਕਿਆਂ ਵਿਚ ਰਾਤ ਦੇ ਸਮੇਂ ਪੂਰਾ ਬਲੈਕਆਉਟ ਹੋ ਜਾਂਦਾ ਹੈ, ਜਿਸ ਨਾਲ ਲੋਕਾਂ ਦੀ ਸੁਰੱਖਿਆ 'ਤੇ ਵੀ ਸਵਾਲ ਖੜੇ੍ਹ ਹੋ ਰਹੇ ਹਨ | ਡਾ. ਨਵਜੋਤ ਦਹੀਆ ਨੇ ਕਿਹਾ ਕਿ ਸਰਕਾਰ ਦੀ ਬਿਜਲੀ ਪ੍ਰਬੰਧਨ ਪ੍ਰਣਾਲੀ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ | ਜੇ ਅਜੇ, ਜਦੋਂ ਗਰਮੀ ਦੀ ਸ਼ੁਰੂਆਤ ਹੈ, ਇਹ ਹਾਲਤ ਹੈ, ਤਾਂ ਆਉਣ ਵਾਲੇ ਦਿਨਾਂ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ | ਉਨ੍ਹਾਂ ਨੇ ਅੱਗੇ ਕਿਹਾ ਕਿ ਰਾਤ ਦੇ ਸਮੇਂ ਹਨੇਰਾ ਰਹਿਣ ਨਾਲ ਚੋਰੀ ਤੇ ਹੋਰ ਅਪਰਾਧਿਕ ਗਤੀਵਿਧੀਆਂ ਦਾ ਖਤਰਾ ਵੀ ਵੱਧ ਜਾਂਦਾ ਹੈ, ਜਿਸ ਨਾਲ ਆਮ ਲੋਕਾਂ ਵਿਚ ਡਰ ਦਾ ਮਾਹੌਲ ਬਣ ਰਿਹਾ ਹੈ | ਡਾ. ਦਹੀਆ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਬਿਜਲੀ ਸਪਲਾਈ ਨੂੰ ਤੁਰੰਤ ਸੁਧਾਰਣ ਲਈ ਠੋਸ ਕਦਮ ਚੁੱਕੇ ਜਾਣ ਅਤੇ ਲੋਕਾਂ ਨੂੰ ਇਸ ਪ੍ਰੇਸ਼ਾਨੀ ਤੋਂ ਰਾਹਤ ਦਿੱਤੀ ਜਾਵੇ |