ਜਲੰਧਰ, 2 ਮਈ (ਜਤਿੰਦਰ ਪੰਮੀ)-ਜ਼ਿਲ੍ਹੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਹੁਣ ਤਕ ਕੁੱਲ 4,68,149 ਮੀਟਿ੍ਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੰਡੀਆਂ ਵਿੱਚ ਕੀਤੇ ਪੁਖਤਾ ਪ੍ਰਬੰਧਾਂ ਸਦਕਾ ਵੱਖ-ਵੱਖ ਖਰੀਦ ਏਜੰਸੀਆਂ ਵੱਲੋਂ 4,67,198 ਮੀਟਿ੍ਕ ਟਨ ਖਰੀਦ ਕੀਤੀ ਜਾ ਚੁੱਕੀ ਹੈ | ਇਸ ਸੰਬੰਧੀ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਿਸਾਨਾਂ ਨੂੰ ਖਰੀਦ ਕੀਤੀ ਕਣਕ ਦੀ ਅਦਾਇਗੀ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਈ ਜਾ ਰਹੀ ਹੈ ਅਤੇ 1150 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਨੇ ਲਿਫਟਿੰਗ ਵਿੱਚ ਤੇਜ਼ੀ ਲਿਆਉਣ 'ਤੇ ਜ਼ੋਰ ਦਿੰਦਿਆਂ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲਿਫਟਿੰਗ ਦੇ ਕੰਮ ਨੂੰ ਹੋਰ ਗਤੀ ਦਿੱਤੀ ਜਾਵੇ | ਫਸਲ ਦੀ ਮਿੱਥੇ ਸਮੇਂ ਵਿੱਚ ਚੁਕਾਈ ਹੋਣੀ ਚਾਹੀਦੀ ਹੈ | ਡੀਸੀ ਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਪ੍ਰਸ਼ਾਸਨ ਖਰੀਦ ਸੀਜ਼ਨ ਨੂੰ ਨਿਰਵਿਘਨ ਅਤੇ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਵਚਨਬੱਧ ਹੈ, ਜਿਸ ਤਹਿਤ ਸਮੁੱਚੀ ਖਰੀਦ ਪ੍ਰਕਿਰਿਆ ਨੂੰ ਬਿਨ੍ਹਾਂ ਕਿਸੇ ਰੁਕਾਵਟ ਦੇ ਸੁਚੱਜੇ ਢੰਗ ਨਾਲ ਸਿਰੇ ਚਾੜਿ੍ਹਆ ਜਾ ਰਿਹਾ ਹੈ | ਉਨ੍ਹਾਂ ਕਿਸਾਨਾਂ ਨੂੰ ਫਿਰ ਅਪੀਲ ਕੀਤੀ ਕਿ ਕਟਾਈ ਉਪਰੰਤ ਕਣਕ ਦੇ ਨਾੜ ਨੂੰ ਬਿਲਕੁਲ ਅੱਗ ਨਾ ਲਗਾਈ ਜਾਵੇ, ਕਿਉਂਕਿ ਇਸ ਨਾਲ ਨਾ ਸਿਰਫ ਵਾਤਾਵਰਣ ਪ੍ਰਦੂਸ਼ਿਤ ਹੁੰਦਾ ਹੈ ਸਗੋਂ ਮਿੱਟੀ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ ਅਤੇ ਫਸਲ ਦੀ ਰਹਿੰਦ-ਖੂਹੰਦ ਨੂੰ ਸਾੜਨ ਨਾਲ ਪੈਦਾ ਹੋਣ ਵਾਲੇ ਧੂੰਏਾ ਕਾਰਨ ਹਾਦਸੇ ਹੋਣ ਦਾ ਡਰ ਵੀ ਬਣਿਆ ਰਹਿੰਦਾ ਹੈ | ਉਨ੍ਹਾਂ ਕਿਸਾਨਾਂ ਨੂੰ ਨਾੜ ਨੂੰ ਅੱਗ ਨਾ ਲਾ ਕੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਫਸਲ ਦੀ ਰਹਿੰਦ-ਖੂਹੰਦ ਦੇ ਸੁਚੱਜੇ ਪ੍ਰਬੰਧਨ ਲਈ ਸਰਕਾਰ ਵੱਲੋਂ ਸਬਸਿਡੀ 'ਤੇ ਮੁਹੱਈਆ ਕਰਵਾਈ ਜਾ ਰਹੀ ਖੇਤੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ |