ਜਲੰਧਰ, 5 ਮਈ (ਜਸਪਾਲ ਸਿੰਘ)-ਭਾਜਪਾ ਦੇ ਕੌਂਸਲਰ ਪ੍ਰੋ. ਕੰਵਰ ਸਰਤਾਜ ਸਿੰਘ ਨੇ ਪੱਛਮੀਂ ਬੰਗਾਲ, ਆਸਾਮ ਤੇ ਪੁਡੂਚੇਰੀ 'ਚ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੰਦੇ ਹੋਏ ਇਸ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀਆਂ ਲੋਕ ਪੱਖੀ ਨੀਤੀਆਂ ਦੀ ਜਿੱਤ ਕਰਾਰ ਦਿੱਤਾ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਅਗਵਾਈ ਹੇਠ ਮੁਲਕ ਲਗਾਤਾਰ ਤਰੱਕੀ ਕਰ ਰਿਹਾ ਹੈ ਤੇ ਦੇਸ਼ ਦੇ ਲੋਕਾਂ ਨੂੰ ਇਹ ਚੰਗੀ ਤਰ੍ਹਾਂ ਸਮਝ ਆ ਚੁੱਕੀ ਹੈ ਕਿ ਭਾਜਪਾ ਹੀ ਦੇਸ਼ ਨੂੰ ਅੱਗੇ ਲਿਜਾ ਸਕਦੀ ਹੈ | ਉਨ੍ਹਾਂ ਕਿਹਾ ਕਿ ਪੱਛਮੀਂ ਬੰਗਾਲ 'ਚ ਜਿਸ ਤਰ੍ਹਾਂ ਲੋਕਾਂ ਨੇ ਤਿ੍ਣਮੂਲ ਕਾਂਗਰਸ ਨੂੰ ਨਕਾਰ ਦਿੱਤਾ ਹੈ, ਉਸੇ ਤਰ੍ਹਾਂ ਆਸਾਮ ਤੇ ਹੋਰਨਾਂ ਰਾਜਾਂ 'ਚ ਲੋਕਾਂ ਨੇ ਕਾਂਗਰਸ ਨੂੰ ਨਾ ਪਸੰਦ ਕਰਦੇ ਹੋਏ ਭਾਜਪਾ ਦੇ ਹੱਕ 'ਚ ਫੱਤਵਾ ਦਿੱਤਾ ਹੈ | ਪ੍ਰੋ. ਸਰਤਾਜ ਸਿੰਘ ਨੇ ਕਿਹਾ ਕਿ ਤਿੰਨ ਰਾਜਾਂ 'ਚ ਭਾਜਪਾ ਦੀ ਹੋਈ ਇਤਿਹਾਸਿਕ ਜਿੱਤ ਨੇ ਪੰਜਾਬ ਅੰਦਰ ਵੀ ਭਾਜਪਾ ਦੀ ਜਿੱਤ ਦਾ ਮੁੱਢ ਬੰਨ੍ਹ ਦਿੱਤਾ ਹੈ | ਉਨ੍ਹਾਂ ਦਾਅਵਾ ਕੀਤਾ ਕਿ ਆਉਂਦੀਆਂ 2027 ਦੀਆਂ ਰਾਜ ਵਿਧਾਨ ਸਭਾ ਚੋਣਾਂ 'ਚ ਵੀ ਭਾਜਪਾ ਸ਼ਾਨਦਾਰ ਜਿੱਤ ਹਾਸਿਲ ਕਰਕੇ ਸਰਕਾਰ ਬਣਾਏਗੀ | ਉਨ੍ਹਾਂ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦਾ ਭਰੋਸਾ ਗੁਆ ਚੁੱਕੀ ਹੈ ਤੇ ਲੋਕ ਭਾਜਪਾ ਵੱਲ ਇਕ ਆਸ ਤੇ ਉਮੀਦ ਭਰੀਆਂ ਨਜ਼ਰਾਂ ਨਾਲ ਦੇਖ ਰਹੇ ਹਨ |