ਕਰਤਾਰਪੁਰ, 5 ਮਈ (ਜਨਕ ਰਾਜ ਗਿੱਲ)-ਪੰਜਾਬ ਸਰਕਾਰ ਦੇ ਵਲੋਂ ਜਨਗਣਨਾ 2026 ਸਬੰਧੀ ਜਾਰੀ ਕੀਤੇ ਆਨ ਲਾਈਨ ਪ੍ਰੋਫਾਰਮੇ ਦੇ ਕਾਲਮ 'ਚ ਜਾਤੀ ਕਾਲਮ ਭਰਨ ਲਈ ਅਨੁਸੂਚਿਤ ਜਾਤੀਆਂ ਨੂੰ ਅਪਮਾਨਤ ਕਰਨ ਵਾਲੇ ਵਰਜਿਤ ਸ਼ਬਦ ਦਰਜ ਕਰਨ ਦੇ ਵਿਰੁੱਧ ਸੂਬਾ ਸੱਦੇ ਉੱਤੇ ਅੱਜ ਏਥੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਵਲੋਂ ਕੇਂਦਰ ਤੇ ਸੂਬਾ ਸਰਕਾਰ ਦਾ ਪੁਤਲਾ ਫ਼ੂਕ ਕੇ ਸਰਕਾਰਾਂ ਵਲੋਂ ਦਲਿਤਾਂ ਅਤੇ ਪਿਛੜੇ ਵਰਗਾਂ ਦੇ ਕੀਤੇ ਗਏ ਅਪਮਾਨ ਦਾ ਰੋਸ ਵਿਅਕਤ ਕੀਤਾ ਗਿਆ ਜਥੇਬੰਦੀ ਵਲੋਂ ਰੋਸ ਵਜੋਂ ਇਹ ਵੀ ਆਖਿਆ ਕਿ ਇਸ ਮਸਲੇ ਨੂੰ ਲੈ ਕੇ ਪਿਛੜੇ ਵਰਗ ਤੇ ਅਨੂਸੂਚਿਤ ਜਾਤੀਆਂ ਅੱਤਿਆਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰਨ ਲਈ ਥਾਣਾ ਮੁੱਖੀ ਦੀ ਗ਼ੈਰ ਮੌਜੂਦਗੀ 'ਚ ਕਿਸੇ ਵੀ ਅਧਿਕਾਰੀ, ਕਰਮਚਾਰੀ ਵਲੋਂ ਮੰਗ ਪੱਤਰ ਲੈਣ ਲਈ ਗੰਭੀਰਤਾ ਨਾ ਦਿਖਾਉਣ ਦੇ ਰੋਸ ਵਜੋਂ ਯੂਨੀਅਨ ਵਲੋਂ ਥਾਣੇ ਸਾਹਮਣੇ ਸੜਕ ਜਾਮ ਕੀਤੀ ਗਈ | ਅੱਧੇ ਘੰਟੇ ਉਪਰੰਤ ਆਖ਼ਰ ਪੁਲਿਸ ਅਧਿਕਾਰੀਆਂ ਨੂੰ ਮੌਕੇ ਉੱਤੇ ਪੁੱਜ ਕੇ ਧਰਨਾਕਾਰੀਆਂ ਤੋਂ ਮੰਗ ਪੱਤਰ ਲੈਣਾ ਪਿਆ | ਤਾਂ ਜਾ ਕਿ ਧਰਨਾ ਸਮਾਪਤ ਕੀਤਾ ਗਿਆ | ਇਸ ਮਾਮਲੇ ਸਬੰਧੀ ਮੌਕੇ 'ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾਈ ਪ੍ਰੈੱਸ ਸਕੱਤਰ ਕਸ਼ਮੀਰ ਸਿੰਘ ਘੁੱਗਸ਼ੋਰ ਨੇ ਆਖਿਆ ਕਿ ਸਰਵਉੱਚ ਸੁਪਰੀਮ ਕੋਰਟ ਦੇ ਹੁਕਮਾਂ ਦੀ ਸ਼ਰੇਆਮ ਉਲੰਘਣਾ ਕਰਦਿਆਂ ਪੰਜਾਬ ਸਰਕਾਰ ਦੇ ਜਨਗਣਨਾ 2026 ਸਬੰਧੀ ਜਾਰੀ ਕੀਤੇ ਆਨ ਲਾਈਨ ਪ੍ਰੋਫਾਰਮੇ ਦੇ ਕਾਲਮ 'ਚ ਜਾਤੀ ਕਾਲਮ ਭਰਨ ਲਈ ਅਨੁਸੂਚਿਤ ਜਾਤੀਆਂ ਨੂੰ ਅਪਮਾਨਤ ਕਰਨ ਵਾਲੇ ਵਰਜਿਤ ਸ਼ਬਦ(ਚੂਹੜਾ,ਭੰਗੀ,ਚਮਾਰ) ਦਰਜ ਕੀਤਾ ਗਿਆ ਹੈ ਅਤੇ ਸਰਕਾਰ ਦੀ ਇਹ ਕਾਰਵਾਈ ਨੂੰ ਗੈਰ ਜ਼ਿੰਮੇਵਾਰ ਤੇ ਗੈਰ ਕਾਨੂੰਨੀ ਕਰਾਰ ਦੱਸਿਆ ਹੈ ਅਤੇ ਮੰਗ ਕੀਤੀ ਜ਼ਿੰਮੇਵਾਰ ਅਧਿਕਾਰੀਆਂ ਖਿਲਾਫ ਐਸ ਸੀ,ਐਸ ਟੀ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਕਾਰਵਾਈ ਕੀਤਾ ਜਾਵੇ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਨਤਕ ਤੌਰ 'ਤੇ ਨੂੰ ਦਲਿਤ ਭਾਈਚਾਰੇ ਤੋਂ ਮਆਫੀ ਮੰਗਣ ਕਿਉਕਿ ਪ੍ਰਫਾਰਮੇ ਸਮੱਗਰੀ ਚ ਇਹਨਾਂ ਸ਼ਬਦਾਂ ਦੀ ਵਰਤੋਂ ਉੱਚ ਜਾਤੀ ਨਾਲ ਸੰਬੰਧਿਤ ਅਫ਼ਸਰਸ਼ਾਹੀ ਤੇ ਸਿਆਸਤਦਾਨਾਂ ਦੀ ਮਾਨਸਿਕਤਾ ਕਥਿਤ ਨੀਵੀਆਂ ਜਾਤੀਆਂ ਪ੍ਰਤੀ ਮਨਾਂ ਵਿੱਚ ਭਰੀ ਜਾਤ ਪਾਤੀ ਨਫ਼ਰਤ ਦਾ ਪ੍ਰਗਟਾਵਾ ਹੈ | ਉਥੇ ਨਾਲ ਹੀ ਰਾਖਵੇਂਕਰਨ ਦਾ ਲਾਹਾ ਲੈ ਕੇ ਪਾਰਲੀਮੈਂਟ ਅਤੇ ਵਿਧਾਨ ਸਭਾ ਦੀਆਂ ਪੌੜੀਆਂ ਚੜ੍ਹੇ ਮੰਤਰੀਆਂ ਸਾਂਸਦਾਂ, ਵਿਧਾਇਕਾਂ ਦੀ ਚੁੱਪ ਵੀ ਖਤਰਨਾਕ ਹੈ |ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਜਸਟਿਸ ਮਾਰਕੰਡੇ ਕਾਟਜੂ ਅਤੇ ਜਸਟਿਸ ਗਿਆਨ ਸੁਧਾ ਮਿਸ਼ਰਾ ਦੇ ਬੈਂਚ ਨੇ ਇਸ ਕੇਸ ਵਿੱਚ ਅਜਿਹੀ ਭਾਸ਼ਾ ਵਰਤੀ ਜੋ ਅੱਜ ਵੀ ਕਾਨੂੰਨੀ ਹਲਕਿਆਂ ਵਿੱਚ ਮਿਸਾਲ ਵਜੋਂ ਦਿੱਤੀ ਜਾਂਦੀ ਹੈ ਅਤੇ ਅਪਮਾਨਜਕ ਸ਼ਬਦਾਂ ਦੀ ਸੂਚੀ ਨੂੰ ਅਦਾਲਤ ਨੇ ਸਪੱਸ਼ਟ ਲਿਖਿਆ ਕਿ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿੱਚ ਲੋਕਾਂ ਨੂੰ ਨੀਵਾਂ ਦਿਖਾਉਣ ਲਈ 'ਚੂੜਾ', 'ਭੰਗੀ',ਚਮਾਰ (ਉੱਤਰ ਭਾਰਤ ਵਿੱਚ) ਅਤੇ 'ਪੱਲਨ', 'ਪਰਈਅਨ' (ਦੱਖਣ ਭਾਰਤ ਵਿੱਚ) ਵਰਗੇ ਸ਼ਬਦ ਵਰਤੇ ਜਾਂਦੇ ਹਨ | ਅਦਾਲਤ ਨੇ ਕਿਹਾ ਕਿ ਇਹ ਸ਼ਬਦ ਵਰਤਣੇ Tਬਹੁਤ ਹੀ ਘਿਣਾਉਣੇT ਹਨ | ਇਸ ਮੌਕੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਤਹਿਸੀਲ ਪ੍ਰਧਾਨ ਕੇ ਐੱਸ ਅਟਵਾਲ, ਤਹਿਸੀਲ ਸਕੱਤਰ ਸਰਬਜੀਤ ਕੌਰ ਕੁੱਦੋਵਾਲ, ਤਹਿਸੀਲ ਆਗੂ ਬਲਵਿੰਦਰ ਕੌਰ ਘੁੱਗਸ਼ੋਰ ਅਤੇ ਬਲਬੀਰ ਸਿੰਘ ਧੀਰਪੁਰ ਆਦਿ ਨੇ ਸੰਬੋਧਨ ਕੀਤਾ |