ਜਲੰਧਰ, 8 ਮਈ (ਜਤਿੰਦਰ ਪੰਮੀ)-ਕੁਦਰਤੀ ਸਰੋਤਾਂ ਨਾਲ ਖਿਲਵਾੜ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਡਰੇਨਾਂ ਨੂੰ ਪ੍ਰਦੂਸ਼ਿਤ ਕਰਨ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ ਨਿਯਮਾਂ ਅਨੁਸਾਰ ਬਣਦੀ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇ | ਇਹ ਹਦਾਇਤਾਂ ਰਾਜ ਸਭਾ ਮੈਂਬਰ ਪਦਮਸ਼੍ਰੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਡਰੇਨਾਂ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਸੰਬੰਧੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀਆਂ | ਉਨ੍ਹਾਂ ਨੇ ਨਗਰ ਨਿਗਮ ਜਲੰਧਰ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਅਤੇ ਸੀਵਰੇਜ ਬੋਰਡ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨਾਂ ਵਿੱਚ ਵੇਸਟ ਦੇ ਸਿੱਧੇ ਪ੍ਰਵਾਹ ਨੂੰ ਰੋਕਣ ਲਈ ਬਿਹਤਰ ਆਪਸੀ ਤਾਲਮੇਲ ਨਾਲ ਕੰਮ ਕੀਤਾ ਜਾਵੇ, ਤਾਂ ਜੋ ਇਨ੍ਹਾਂ ਕੁਦਰਤੀ ਸਰੋਤਾਂ ਨੂੰ ਪ੍ਰਦੂਸ਼ਣ ਮੁਕਤ ਕਰਕੇ ਇਨ੍ਹਾਂ ਵਿੱਚ ਸਾਫ ਪਾਣੀ ਵਗਣਾ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਪਾਸੋਂ ਐਸ.ਟੀ.ਪੀਜ਼ ਦੀ ਨਿਯਮਿਤ ਚੈਕਿੰਗ ਅਤੇ ਸੈਂਪਲਿੰਗ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੀਵਰੇਜ ਟ੍ਰੀਟਮੈਂਟ ਪਲਾਂਟਾ ਦੇ ਸੰਚਾਲਨ 'ਤੇ ਨੇੜਿਓਾ ਨਜ਼ਰ ਰੱਖੀ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਇਨ੍ਹਾਂ ਦੇ ਸੰਚਾਲਨ ਦੌਰਾਨ ਵਾਤਾਵਰਣ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਹੋਵੇ | ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਾਲਾ ਸੰਘਿਆ ਤੇ ਜਮਸ਼ੇਰ ਡਰੇਨ ਨੂੰ ਪ੍ਰਦੂਸ਼ਣ ਮੁਕਤ ਕਰਨ ਲਈ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਠੋਸ ਨੀਤੀ ਅਪਨਾਉਣ 'ਤੇ ਜ਼ੋਰ ਦਿੱਤਾ | ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਵੀ ਮੌਜੂਦ ਸਨ | ਸੰਤ ਸੀਚੇਵਾਲ ਨੇ ਕਾਲਾ ਸੰਘਿਆ ਡਰੇਨ ਵਿੱਚ ਸਾਫ ਪਾਣੀ ਛੱਡੇ ਜਾਣ ਦਾ ਵੀ ਜਾਇਜ਼ਾ ਲਿਆ ਅਤੇ ਨਿਰਮਾਣ ਕਾਰਜਾਂ ਕਰਕੇ ਬੰਦ ਪਿਆ ਪਾਣੀ ਜਲਦ ਤੋਂ ਜਲਦ ਛੱਡਣ ਨੂੰ ਯਕੀਨੀ ਬਣਾਉਣ ਲਈ ਕਿਹਾ | ਇਸ ਦੌਰਾਨ ਉਨ੍ਹਾਂ ਜਮਸ਼ੇਰ ਵਿਖੇ ਸੀ.ਬੀ.ਜ਼ੀ. ਪਲਾਂਟ ਅਤੇ ਵਰਿਆਣਾ ਵਿਖੇ ਬਾਇਓ-ਮਾਈਨਿੰਗ ਪ੍ਰਾਜੈਕਟ ਦਾ ਵੀ ਜਾਇਜ਼ਾ ਲਿਆ | ਉਨ੍ਹਾਂ ਨਗਰ ਨਿਗਮ ਨੂੰ ਗਾਈਡਲਾਈਨਜ਼ ਅਨੁਸਾਰ ਪਾਣੀ ਦੀ ਸਪਲਾਈ ਕਰਨ ਦੀ ਹਦਾਇਤ ਕੀਤੀ ਕਿਉਂਕਿ ਪਾਣੀ ਦੀ ਜ਼ਿਆਦਾ ਸਪਲਾਈ ਐਸ.ਟੀ.ਪੀਜ਼. ਅਤੇ ਡਰੇਨ ਦੇ ਕੰਮਕਾਜ ਵਿੱਚ ਰੁਕਾਵਟ ਪਾ ਸਕਦੀ ਹੈ | ਇਸ ਮੌਕੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਭਰੋਸਾ ਦਿਵਾਇਆ ਕਿ ਡਰੇਨਾਂ ਨੂੰ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਆ ਪੀ., ਸਮੂਹ ਐਸ.ਡੀ.ਐਮਜ਼, ਡਰੇਨੇਜ਼, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ, ਸੀਵਰੇਜ ਬੋਰਡ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ |