ਜਲੰਧਰ, 9 ਮਈ (ਜਤਿੰਦਰ ਪੰਮੀ)-ਜ਼ਿਲ੍ਹੇ ਦੇ ਵੱਖ-ਵੱਖ ਹਿੱਸਿਆਂ ਵਿੱਚ ਪੁਲਿਸ ਟੀਮਾਂ ਵਲੋਂ ਨਾਕੇਬੰਦੀਆਂ ਕਰਕੇ ਸ਼ੱਕੀ ਵਿਅਕਤੀਆਂ, ਦੋਪਹੀਆ ਅਤੇ ਚੌਪਹੀਆ ਵਾਹਨਾਂ ਦੀ ਸਖਤੀ ਨਾਲ ਜਾਂਚ ਕੀਤੀ ਜਾ ਰਹੀ ਹੈ | ਇਸਦੇ ਨਾਲ ਹੀ ਸੰਵੇਦਨਸ਼ੀਲ ਥਾਵਾਂ, ਸੁੰਨੇ ਇਲਾਕਿਆਂ, ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਸਥਾਨਾਂ 'ਤੇ ਲਗਾਤਾਰ ਗਸ਼ਤ ਅਤੇ ਨਿਗਰਾਨੀ ਰਾਹੀਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕੀਤੇ ਗਏ ਹਨ | ਇਹ ਪ੍ਰਗਟਾਵਾ ਐੱਸਐੱਸਪੀ ਦਿਹਾਤੀ ਹਰਵਿੰਦਰ ਸਿੰਘ ਵਰਕ ਨੇ ਸ਼ੁੱਕਰਵਾਰ ਰਾਤ ਦਿਹਾਤੀ ਪੁਲਿਸ ਵਲੋਂ ਰਾਤਰੀ ਚੈਕਿੰਗ ਦੌਰਾਨ ਲਾਏ ਗਏ ਵੱਖ-ਵੱਖ ਨਾਕਿਆਂ ਦਾ ਦੌਰਾ ਕਰਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਕੀਤਾ | ਇਸ ਮੌਕੇ ਐੱਸਐੱਸਪੀ ਦਿਹਾਤੀ ਵਲੋਂ ਪੁਲਿਸ ਅਧਿਕਾਰੀਆਂ ਨੂੰ ਸਖਤ ਚੌਕਸੀ ਬਰਕਰਾਰ ਰੱਖਣ, ਗਸ਼ਤ ਹੋਰ ਵਧਾਉਣ ਅਤੇ ਜ਼ਿਲ੍ਹੇ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪ੍ਰਭਾਵਸ਼ਾਲੀ ਚੈਕਿੰਗ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ | ਉਨ੍ਹਾਂ ਕਿਹਾ ਕਿ ਦਿਹਾਤੀ ਪੁਲਿਸ ਵੱਲੋਂ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਜਨਤਕ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹੇ ਭਰ ਵਿੱਚ ਰਾਤ ਸਮੇਂ ਚੈਕਿੰਗ ਅਤੇ ਗਸ਼ਤ ਮੁਹਿੰਮ ਨੂੰ ਹੋਰ ਤੇਜ਼ ਕੀਤਾ ਗਿਆ ਹੈ | ਇਸ ਦੌਰਾਨ ਹੋਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਰਾਤ ਸਮੇਂ ਹੋਣ ਵਾਲੀਆਂ ਗਤੀਵਿਧੀਆਂ ਤੇ ਸ਼ੱਕੀ ਹਲਚਲ 'ਤੇ ਨਿਗਰਾਨੀ ਰੱਖਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਤਾਂ ਜੋ ਕਿਸੇ ਵੀ ਅਸਮਾਜਿਕ ਜਾਂ ਅਪਰਾਧਿਕ ਘਟਨਾ ਨੂੰ ਰੋਕਿਆ ਜਾ ਸਕੇ | ਸਾਰੇ ਥਾਣਾ ਮੁਖੀਆਂ ਨੂੰ ਆਪਣੇ-ਆਪਣੇ ਇਲਾਕਿਆਂ ਵਿੱਚ ਪੂਰੀ ਚੌਕਸੀ ਬਰਕਰਾਰ ਰੱਖਣ ਅਤੇ ਕਿਸੇ ਵੀ ਸ਼ੱਕੀ ਜਾਣਕਾਰੀ ਜਾਂ ਗਤੀਵਿਧੀ 'ਤੇ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ | ਐਮਰਜੈਂਸੀ ਰਿਸਪਾਂਸ ਵਾਹਨ ਟੀਮਾਂ ਵੀ 24 ਘੰਟੇ ਸਰਗਰਮ ਰਹਿ ਕੇ ਐਮਰਜੈਂਸੀ ਸਥਿਤੀਆਂ ਵਿੱਚ ਤੁਰੰਤ ਸਹਾਇਤਾ ਪ੍ਰਦਾਨ ਕਰ ਰਹੀਆਂ ਹਨ | ਪੁਲਿਸ ਅਧਿਕਾਰੀਆਂ ਨੇ ਜ਼ਿਲ੍ਹਾ ਵਾਸੀਆਂ ਨੂੰ ਕਿਸੇ ਵੀ ਸ਼ੱਕੀ ਵਿਅਕਤੀ, ਵਸਤੂ ਜਾਂ ਗਤੀਵਿਧੀ ਸਬੰਧੀ ਜਾਣਕਾਰੀ ਤੁਰੰਤ ਪੁਲਿਸ ਨਾਲ ਸਾਂਝੀ ਕਰਨ ਦੀ ਅਪੀਲ ਕੀਤੀ ਹੈ |