ਜਲੰਧਰ, 12 ਮਈ (ਜਤਿੰਦਰ ਪੰਮੀ)-ਪੰਜਾਬ ਰਾਜ ਸਫ਼ਾਈ ਕਰਚਮਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਨੇ ਮੰਗਲਵਾਰ ਨੂੰ ਸਥਾਨਕ ਸਰਕਾਰਾਂ ਵਿਭਾਗ ਦੇ ਨਵੇਂ ਬਣੇ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਹੁਦਾ ਸੰਭਾਲਣ ਉਪਰੰਤ ਮਿਲ ਕੇ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਇਸ ਮੌਕੇ ਉਨ੍ਹਾਂ ਵਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਪੰਜਾਬ ਦੇ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ | ਚੇਅਰਮੈਨ ਗਰੇਵਾਲ ਨੇ ਕਿਹਾ ਕਿ ਸਥਾਨਕ ਸਰਕਾਰ ਵਿਭਾਗ ਦੇ ਨਵੇਂ ਬਣੇ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿੱਚ ਵਿਭਾਗ ਵਲੋਂ ਹੋਰ ਮਜ਼ਬੂਤੀ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾਣਗੀਆ | ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨਰ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਵਲੋਂ ਹਮੇਸ਼ਾਂ ਹੀ ਕਰਮਚਾਰੀਆਂ ਦੀ ਭਲਾਈ ਲਈ ਸੰਜੀਦਾ ਯਤਨ ਕੀਤੇ ਜਾਂਦੇ ਹਨ | ਉਨ੍ਹਾਂ ਕਿਹਾ ਕਿ ਕਮਿਸ਼ਨ ਵਲੋਂ ਸਰਕਾਰੀ ਵਿਭਾਗਾਂ, ਨਗਰ ਨਿਗਮਾਂ ਤੇ ਨਗਰ ਕੌਂਸਲਾਂ ਵਿੱਚ ਕੰਮ ਕਰਦੇ ਸਫਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ 'ਤੇ ਹੱਲ ਕਰਵਾਇਆ ਜਾਂਦਾ ਹੈ | ਉਨ੍ਹਾਂ ਦੱਸਿਆ ਕਿ ਕੈਬਨਿਟ ਮੰਤਰੀ ਵਲੋਂ ਪੰਜਾਬ ਦੇ ਸਫ਼ਾਈ ਤੇ ਹੋਰ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ ਗਿਆ ਹੈ |