ਜੰਡਿਆਲਾ ਮੰਜਕੀ, 15 ਮਈ (ਸੁਰਜੀਤ ਸਿੰਘ ਜੰਡਿਆਲਾ)-ਹਾਲ ਹੀ ਵਿੱਚ ਹੋਈ ਨੀਟ ਦੀ ਪ੍ਰੀਖਿਆ ਵਿੱਚ ਸਾਹਮਣੇ ਆਈਆਂ ਬੇਨਿਯਮੀਆਂ ਅਤੇ ਪੇਪਰ ਲੀਕ ਦੀਆਂ ਘਟਨਾਵਾਂ ਨੇ ਦੇਸ਼ ਭਰ ਦੇ ਵਿਦਿਆਰਥੀ ਜਗਤ ਵਿੱਚ ਗੁੱਸੇ ਦੀ ਲਹਿਰ ਪੈਦਾ ਕਰ ਦਿੱਤੀ ਹੈ | ਇਸ ਗੰਭੀਰ ਮੁੱਦੇ 'ਤੇ ਆਪਣਾ ਸਖ਼ਤ ਪ੍ਰਤੀਕਰਮ ਦਿੰਦਿਆਂ ਪੰਜਾਬ ਸਟੂਡੈਂਟਸ ਫੈਡਰੇਸ਼ਨ (ਪੀਐੱਸਐੱਫ) ਦੇ ਪ੍ਰਧਾਨ ਰਵੀ ਲੋਹਗੜ੍ਹ ਅਤੇ ਜਨਰਲ ਸਕੱਤਰ ਗਗਨਦੀਪ ਨੇ ਕਿਹਾ ਕਿ ਇਹ ਮਹਿਜ਼ ਇੱਕ ਪ੍ਰਸ਼ਾਸਨਿਕ ਗਲਤੀ ਨਹੀਂ, ਸਗੋਂ ਲੱਖਾਂ ਮਿਹਨਤੀ ਵਿਦਿਆਰਥੀਆਂ ਦੇ ਸੁਪਨਿਆਂ ਦਾ ਕਤਲ ਹੈ | ਉਨ੍ਹਾਂ ਕਿਹਾ ਕਿ ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਸਾਲਾਂ ਬੱਧੀ ਮਿਹਨਤ ਕਰਕੇ ਅਤੇ ਆਪਣੀ ਜਮ੍ਹਾਂ ਪੂੰਜੀ ਲਗਾ ਕੇ ਇਸ ਪ੍ਰੀਖਿਆ ਦੀ ਤਿਆਰੀ ਕਰਦੇ ਹਨ | ਪਰੰਤੂ ਨੈਸ਼ਨਲ ਟੈਸਟਿੰਗ ਏਜੰਸੀ ਦੀ ਨਾਕਾਮੀ ਨੇ ਉਨ੍ਹਾਂ ਦੇ ਭਵਿੱਖ ਨੂੰ ਹਨੇਰੇ ਵਿੱਚ ਧੱਕ ਦਿੱਤਾ ਹੈ | ਰਵੀ ਅਤੇ ਗਗਨਦੀਪ ਨੇ ਇਲਜ਼ਾਮ ਲਾਇਆ ਕਿ ਭਾਰਤ ਸਰਕਾਰ ਅਜਿਹੀਆਂ ਅਹਿਮ ਪ੍ਰੀਖਿਆਵਾਂ ਦੀ ਪਵਿੱਤਰਤਾ ਬਣਾਏ ਰੱਖਣ ਵਿੱਚ ਪੂਰੀ ਤਰ੍ਹਾਂ ਅਸਫ਼ਲ ਰਹੀ ਹੈ | ਉਹਨਾਂ ਕਿਹਾ ਕਿ ਵਾਰ-ਵਾਰ ਪੇਪਰ ਲੀਕ ਹੋਣਾ ਸਿੱਖਿਆ ਤੰਤਰ ਵਿੱਚ ਫੈਲੇ ਭਿ੍ਸ਼ਟਾਚਾਰ ਨੂੰ ਦਰਸਾਉਂਦਾ ਹੈ | ਉਨ੍ਹਾਂ ਇਸ ਪੂਰੇ ਮਾਮਲੇ ਦੀ ਨਿਰਪੱਖ ਅਤੇ ਉੱਚ-ਪੱਧਰੀ ਜਾਂਚ ਦੀ ਮੰਗ ਕੀਤੀ | ਪੰਜਾਬ ਸਟੂਡੈਂਟਸ ਫੈਡਰੇਸ਼ਨ ਨੇ ਐਲਾਨ ਕੀਤਾ ਕਿ ਜੇ ਸਰਕਾਰ ਨੇ ਵਿਦਿਆਰਥੀਆਂ ਨੂੰ ਜਲਦੀ ਇਨਸਾਫ਼ ਨਾ ਦਿੱਤਾ ਅਤੇ ਪ੍ਰੀਖਿਆ ਪ੍ਰਣਾਲੀ ਵਿੱਚ ਪਾਰਦਰਸ਼ਤਾ ਨਾ ਲਿਆਂਦੀ ਤਾਂ ਜਥੇਬੰਦੀ ਵੱਲੋਂ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਕੀਤੇ ਜਾਣਗੇ |