ਸ਼ਾਹਕੋਟ, 19 ਮਈ (ਦਲਜੀਤ ਸਿੰਘ ਸਚਦੇਵਾ)- ਭਾਰਤੀ ਜਨਤਾ ਪਾਰਟੀ ਹਲਕਾ ਸ਼ਾਹਕੋਟ ਦੇ ਸੀਨੀਅਰ ਆਗੂ ਰਾਣਾ ਹਰਦੀਪ ਸਿੰਘ ਨੇ ਸੂਬੇ ਦੀ ਮੌਜੂਦਾ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਸਰਕਾਰ ਨੂੰ ਤੁਰੰਤ ਹੜਤਾਲੀ ਸਫ਼ਾਈ ਸੇਵਕਾਂ ਦੀਆਂ ਮੰਗਾਂ ਵੱਲ ਧਿਆਨ ਦੇਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਆਪਣੇ ਹੱਕਾਂ ਲਈ ਸੜਕਾਂ 'ਤੇ ਉਤਰੇ ਇਹ ਕਰਮਚਾਰੀ ਕੋਈ ਨਾਜਾਇਜ਼ ਮੰਗ ਨਹੀਂ ਕਰ ਰਹੇ, ਬਲਕਿ ਆਪਣੀਆਂ ਹੱਕੀ ਮੰਗਾਂ ਲਈ ਸੰਘਰਸ਼ ਕਰ ਰਹੇ ਹਨ | ਰਾਣਾ ਨੇ ਕਿਹਾ ਕਿ ਸਫ਼ਾਈ ਸੇਵਕ ਜੋ ਸ਼ਹਿਰਾਂ ਤੇ ਕਸਬਿਆਂ ਨੂੰ ਸਾਫ਼-ਸੁਥਰਾ ਰੱਖਣ ਲਈ ਸਖ਼ਤ ਮਿਹਨਤ ਕਰਦੇ ਹਨ, ਪਰ ਬੜੇ ਦੁੱਖ ਦੀ ਗੱਲ ਹੈ ਕਿ ਮੌਜੂਦਾ 'ਆਪ' ਸਰਕਾਰ ਉਨ੍ਹਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੀ ਹੈ, ਜਿਸ ਕਾਰਨ ਉਨ੍ਹਾਂ ਨੂੰ ਮਜਬੂਰਨ ਹੜਤਾਲ ਦਾ ਰਸਤਾ ਚੁਣਨਾ ਪਿਆ | ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਸੂਬੇ ਦੇ ਕਈ ਸ਼ਹਿਰਾਂ ਵਿਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ | ਜੇਕਰ ਸਰਕਾਰ ਨੇ ਜਲਦੀ ਹੀ ਕੋਈ ਕਦਮ ਨਾ ਚੁੱਕਿਆ ਤਾਂ ਸ਼ਹਿਰਾਂ ਵਿਚ ਗੰਦਗੀ ਕਾਰਨ ਭਿਆਨਕ ਬਿਮਾਰੀਆਂ ਫੈਲਣ ਦਾ ਖ਼ਤਰਾ ਪੈਦਾ ਹੋ ਜਾਵੇਗਾ | ਉਨ੍ਹਾਂ ਕਿਹਾ ਕਿ ਆਮ ਜਨਤਾ ਨੂੰ ਹੋ ਰਹੀ ਇਸ ਪ੍ਰੇਸ਼ਾਨੀ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਹੈ, ਜੋ ਮਸਲੇ ਨੂੰ ਹੱਲ ਕਰਨ ਦੀ ਬਜਾਏ ਅੱਖਾਂ ਬੰਦ ਕਰਕੇ ਬੈਠੀ ਹੈ | ਭਾਜਪਾ ਸਫ਼ਾਈ ਕਰਮਚਾਰੀਆਂ ਦੇ ਇਸ ਸੰਘਰਸ਼ ਵਿਚ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ | ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਉਹ ਖੁਦ ਇਸ ਮਾਮਲੇ ਵਿਚ ਦਖ਼ਲ ਦੇਣ, ਹੜਤਾਲੀ ਕਰਮਚਾਰੀਆਂ ਦੇ ਨੁਮਾਇੰਦਿਆਂ ਨਾਲ ਤੁਰੰਤ ਮੀਟਿੰਗ ਕਰਨ ਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪ੍ਰਵਾਨ ਕਰਕੇ ਹੜਤਾਲ ਖ਼ਤਮ ਕਰਵਾਉਣ, ਤਾਂ ਜੋ ਸੂਬੇ ਦੇ ਲੋਕਾਂ ਤੇ ਕਰਮਚਾਰੀਆਂ (ਦੋਵਾਂ) ਨੂੰ ਰਾਹਤ ਮਿਲ ਸਕੇ |