ਜਲੰਧਰ, 24 ਮਈ (ਜਤਿੰਦਰ ਪੰਮੀ)-ਜ਼ਿਲ੍ਹੇ 'ਚ ਮੰਗਲਵਾਰ ਨੂੰ ਨਗਰ ਕੌਂਸਲ ਆਦਮਪੁਰ, ਕਰਤਾਰਪੁਰ, ਨਕੋਦਰ, ਨੂਰਮਹਿਲ ਤੇ ਫਿਲੌਰ ਅਤੇ ਨਗਰ ਪੰਚਾਇਤ ਮਹਿਤਪੁਰ ਤੇ ਲੋਹੀਆਂ ਖਾਸ ਦੇ 99 ਵਾਰਡਾਂ ਲਈ ਪੈਣ ਵਾਲੀਆਂ ਵੋਟਾਂ ਦਾ ਚੋਣ ਪ੍ਰਚਾਰ ਐਤਵਾਰ ਸ਼ਾਮ 5 ਵਜੇ ਬੰਦ ਹੋ ਗਿਆ | ਹਾਲਾਂਕਿ ਉਮੀਦਵਾਰ ਦੇਰ ਰਾਤ ਘਰ-ਘਰ ਜਾ ਕੇ ਵੋਟਰਾਂ ਨੂੰ ਆਪਣੇ ਹੱਕ 'ਚ ਵੋਟ ਪਾਉਣ ਲਈ ਅਪੀਲਾਂ ਕਰਦੇ ਰਹੇ | 25 ਮਈ ਨੂੰ ਇਨ੍ਹਾਂ ਚੋਣਾਂ ਲਈ ਚੋਣ ਪਾਰਟੀਆਂ ਰਵਾਨਾ ਹੋਣਗੀਆਂ, ਜਿਸ ਲਈ 133 ਪੋਲਿੰਗ ਬੂਥ ਬਣਾਏ ਗਏ | ਵੋਟਾਂ ਪਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ 800 ਦੇ ਕਰੀਬ ਅਮਲਾ ਤਾਇਨਾਤ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਜ਼ਿਲ੍ਹੇ ਦੇ ਕੁੱਲ 99 ਵਾਰਡਾਂ 'ਤੇ ਚੋਣਾਂ ਹੋ ਰਹੀਆਂ ਹਨ, ਜਿਨ੍ਹਾਂ 'ਤੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਤੇ ਆਜ਼ਾਦ 342 ਉਮੀਦਵਾਰ ਆਪਣੀ ਕਿਸਮਤ ਅਜ਼ਮਾ ਰਹੇ ਹਨ | ਇਨ੍ਹਾਂ ਉਮੀਦਵਾਰਾਂ ਦੀ ਕਿਸਮਤ ਨੂੰ ਉਕਤ ਵਾਰਡਾਂ ਦੇ 1,08,067 ਵੋਟਰਾਂ ਈਵੀਐਮ 'ਚ ਬੰਦ ਕਰਨਗੇ, ਜਿਨ੍ਹਾਂ ਦੇ ਨਤੀਜੇ 29 ਮਈ ਨੂੰ ਐਲਾਨੇ ਜਾਣਗੇ | ਇਸੇ ਦੌਰਾਨ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਦੱਸਿਆ ਕਿ ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਦੌਰਾਨ ਵੋਟਾਂ ਪਾਉਣ ਲਈ ਵੋਟਰਾਂ ਵਾਸਤੇ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਜਾਰੀ ਕੀਤੇ ਗਏ ਵੋਟਰ ਫੋਟੋ ਸ਼ਨਾਖਤੀ ਕਾਰਡ ਤੋਂ ਇਲਾਵਾ 15 ਹੋਰ ਬਦਲਵੇਂ ਦਸਤਾਵੇਜ਼ਾਂ ਨੂੰ ਪਛਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਗਈ ਹੈ | ਜਿਨ੍ਹਾਂ ਵੋਟਰਾਂ ਕੋਲ ਵੋਟਰ ਫੋਟੋ ਸ਼ਨਾਖਤੀ ਕਾਰਡ ਨਹੀਂ ਹੈ ਪਰ ਵਾਰਡ ਵਾਈਜ਼ ਵੋਟਰ ਸੂਚੀ ਵਿੱਚ ਨਾਮ ਦਰਜ ਹੈ, ਉਹ ਬਦਲਵੇਂ ਦਸਤਾਵੇਜ਼ ਦਿਖਾ ਕੇ ਵੋਟ ਪਾ ਸਕਦੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਦਸਤਾਵੇਜ਼ਾਂ 'ਚ ਆਧਾਰ ਕਾਰਡ, ਭਾਰਤੀ ਪਾਸਪੋਰਟ, ਡਰਾਈਵਿੰਗ ਲਾਇਸੈਂਸ, ਪੈਨ ਕਾਰਡ ਸਮੇਤ ਫੋਟੋ, ਮਗਨਰੇਗਾ ਜਾਬ ਕਾਰਡ, ਰਾਸ਼ਨ ਕਾਰਡ/ਨੀਲਾ ਕਾਰਡ, ਹਥਿਆਰ ਲਾਇਸੈਂਸ ਸਮੇਤ ਫੋਟੋ, ਪੈਨਸ਼ਨ ਦਸਤਾਵੇਜ਼ ਸਮੇਤ ਫੋਟੋ, ਫਰੀਡਮ ਫਾਈਟਰ ਪਹਿਚਾਣ ਕਾਰਡ ਸਮੇਤ ਫੋਟੋ, ਕਿਸੇ ਵੀ ਬੈਂਕ/ਡਾਕਖਾਨੇ ਵਲੋਂ ਜਾਰੀ ਪਾਸ ਬੁੱਕ ਫੋਟੋ ਸਮੇਤ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਇਨਸੋਰੈਂਸ ਸਮਾਰਟ ਕਾਰਡ, ਐਮ.ਪੀਜ਼ ਅਤੇ ਐਮ.ਐਲ.ਏਜ਼ ਨੂੰ ਜਾਰੀ ਆਫੀਸ਼ੀਅਲ ਪਹਿਚਾਣ ਕਾਰਡ, ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰਾਲੇ ਵੱਲੋਂ ਜਾਰੀ ਯੂ.ਡੀ.ਆਈ.ਡੀ. ਕਾਰਡ, ਕੇਂਦਰੀ/ਰਾਜ ਸਰਕਾਰ/ਪੀ.ਐਸ.ਯੂਜ਼./ਪਬਲਿਕ ਲਿਮਟਿਡ ਕੰਪਨੀਆਂ ਵੱਲੋਂ ਕਰਮਚਾਰੀਆਂ ਨੂੰ ਜਾਰੀ ਸਰਵਿਸ ਪਛਾਣ ਕਾਰਡ ਸਮੇਤ ਫੋਟੋ ਅਤੇ ਮਾਨਤਾ ਪ੍ਰਾਪਤ ਵਿੱਦਿਅਕ ਸੰਸਥਾਵਾਂ ਵੱਲੋਂ ਵਿਦਿਆਰਥੀਆਂ ਨੂੰ ਜਾਰੀ ਫੋਟੋ ਪਹਿਚਾਣ ਕਾਰਡ ਸ਼ਾਮਲ ਹਨ | ਡੀਸੀ ਵਾਲੀਆ ਨੇ ਕਿਹਾ ਕਿ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਪ੍ਰਸ਼ਾਸਨ ਦੀ ਪ੍ਰਮੁੱਖ ਤਰਜੀਹ ਹੈ ਅਤੇ ਸਮੁੱਚੀ ਪ੍ਰਕਿਰਿਆ ਨੂੰ ਸੁਚਾਰੂ ਤੇ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਲਈ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਪੁਖਤਾ ਇੰਤਜ਼ਾਮ ਯਕੀਨੀ ਬਣਾਏ ਗਏ ਹਨ | ਉਨ੍ਹਾਂ ਵੋਟਰਾਂ ਨੂੰ 26 ਮਈ ਨੂੰ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਕਿਸੇ ਡਰ, ਭੈਅ ਜਾਂ ਲਾਲਚ ਦੇ ਵੱਧ-ਚੜ੍ਹ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਅਪੀਲ ਕੀਤੀ | ਉਨ੍ਹਾਂ ਦੱਸਿਆ ਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ |