ਮਲਸੀਆਂ, 26 ਮਈ (ਦਲਜੀਤ ਸਿੰਘ ਸਚਦੇਵਾ)- ਪਿੰਡ ਚੱਕ ਚੇਲਾ ਵਿਖੇ ਬੀਤੀ ਰਾਤ ਇਕ ਕਰਿਆਨੇ ਦੀ ਦੁਕਾਨ ਨੂੰ ਅਚਾਨਕ ਭਿਆਨਕ ਅੱਗ ਲੱਗਣ ਕਾਰਨ ਸਾਰਾ ਸਾਮਾਨ ਸੜ੍ਹ ਕੇ ਸੁਆਹ ਹੋ ਗਿਆ | ਜਾਣਕਾਰੀ ਦਿੰਦਿਆਂ ਦੁਕਾਨ ਮਾਲਕ ਲਖਵੀਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਚੱਕ ਚੇਲਾ ਨੇ ਦੱਸਿਆ ਕਿ ਉਹ ਰੋਜ਼ਾਨਾਂ ਦੀ ਤਰ੍ਹਾਂ ਆਪਣੀ ਕਰਿਆਨੇ ਦੀ ਦੁਕਾਨ ਬੰਦ ਕਰਕੇ ਗਿਆ ਸੀ | ਉਨ੍ਹਾਂ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਦੇਰ ਰਾਤ ਕਰੀਬ ਢਾਈ ਵਜੇ ਵਾਪਰੀ, ਜਿਸ ਬਾਰੇ ਆਸ-ਪਾਸ ਦੇ ਲੋਕਾਂ ਨੇ ਉਸ ਨੂੰ ਸੂਚਿਤ ਕੀਤਾ | ਜਦੋਂ ਉਸ ਨੇ ਮੌਕੇ 'ਤੇ ਆ ਕੇ ਦੇਖਿਆ ਤਾਂ ਸਾਮਾਨ ਸੜ੍ਹ ਕੇ ਸੁਆਹ ਹੋ ਚੁੱਕਾ ਸੀ | ਇਸ ਵਾਪਰੀ ਘਟਨਾ ਵਿਚ ਦੁਕਾਨ ਅੰਦਰ ਪਈ ਇਕ ਫਰਿੱਜ ਤੇ ਕਰਿਆਨੇ ਦਾ ਹੋਰ ਸਾਰਾ ਸਾਮਾਨ ਪੂਰੀ ਤਰ੍ਹਾਂ ਸੜ੍ਹ ਗਿਆ | ਉਨ੍ਹਾਂ ਦੱਸਿਆ ਕਿ ਅੱਗ ਲੱਗਣ ਕਾਰਨ ਕਰੀਬ 50 ਤੋਂ 60 ਹਜ਼ਾਰ ਰੁਪਏ ਦਾ ਨੁਕਸਾਨ ਹੋਇਆ ਹੈ | ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ | ਉਨ੍ਹਾਂ ਪੰਜਾਬ ਸਰਕਾਰ ਕੋਲੋਂ ਅੱਗ ਲੱਗਣ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਮੰਗ ਕੀਤੀ ਹੈ |