ਜਲੰਧਰ, 30 ਮਈ (ਜਤਿੰਦਰ ਪੰਮੀ)-ਪੰਜਾਬ ਵਿਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ 'ਤੇ ਪੰਜਾਬ ਦੇ ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ ਇੱਕ ਰਾਜਨੀਤਿਕ ਪਾਰਟੀ ਦੀ ਜਿੱਤ ਨਹੀਂ, ਸਗੋਂ ਆਮ ਲੋਕਾਂ ਦੀਆਂ ਉਮੀਦਾਂ, ਵਿਸ਼ਵਾਸ ਅਤੇ ਬਦਲਾਅ ਦੀ ਸੋਚ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਹੁਣ ਰਾਜਨੀਤੀ ਜਾਤ-ਪਾਤ, ਧਰਮ ਤੇ ਝੂਠੇ ਵਾਅਦਿਆਂ ਦੇ ਆਧਾਰ 'ਤੇ ਨਹੀਂ, ਸਗੋਂ ਸਿੱਖਿਆ, ਸਿਹਤ, ਬਿਜਲੀ, ਪਾਣੀ, ਰੋਜ਼ਗਾਰ ਅਤੇ ਵਿਕਾਸ ਵਰਗੇ ਅਸਲ ਮੁੱਦਿਆਂ 'ਤੇ ਹੋਵੇਗੀ | ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਲੋਕਾਂ ਨੇ ਆਪਣੇ ਵੋਟ ਰਾਹੀਂ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਇਮਾਨਦਾਰ ਤੇ ਕੰਮ ਕਰਨ ਵਾਲੀ ਰਾਜਨੀਤੀ ਨੂੰ ਹੀ ਸਮਰਥਨ ਮਿਲੇਗਾ | ਇਹ ਜਿੱਤ ਉਹਨਾਂ ਲੱਖਾਂ ਵਰਕਰਾਂ ਦੀ ਮਿਹਨਤ ਦਾ ਨਤੀਜਾ ਹੈ, ਜਿਨ੍ਹਾਂ ਨੇ ਦਿਨ-ਰਾਤ ਲੋਕਾਂ ਵਿਚ ਰਹਿ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਮਝਿਆ ਅਤੇ ਉਨ੍ਹਾਂ ਦੇ ਹੱਲ ਲਈ ਸੰਘਰਸ਼ ਕੀਤਾ | ਕੈਬਨਿਟ ਮੰਤਰੀ ਨੇ ਕਿਹਾ ਕਿ ਅਸੀਂ ਉਨ੍ਹਾਂ ਸਾਰੇ ਵੋਟਰਾਂ ਦਾ ਦਿਲੋਂ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 'ਤੇ ਭਰੋਸਾ ਪ੍ਰਗਟਾਇਆ | ਇਹ ਭਰੋਸਾ ਸਾਡੇ ਲਈ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ | ਅਸੀਂ ਵਾਅਦਾ ਕਰਦੇ ਹਾਂ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੱਧ ਪਾਰਦਰਸ਼ਤਾ, ਇਮਾਨਦਾਰੀ ਅਤੇ ਸਮਰਪਣ ਨਾਲ ਲੋਕਾਂ ਦੀ ਸੇਵਾ ਕਰਾਂਗੇ | ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਜਿੱਤ ਲੋਕਤੰਤਰ ਦੀ ਤਾਕਤ ਅਤੇ ਆਮ ਆਦਮੀ ਦੀ ਆਵਾਜ਼ ਦੀ ਜਿੱਤ ਹੈ | ਹੁਣ ਸਾਡਾ ਮਕਸਦ ਸਿਰਫ ਸੱਤਾ ਹਾਸਲ ਕਰਨਾ ਨਹੀਂ, ਸਗੋਂ ਹਰ ਨਾਗਰਿਕ ਦੇ ਜੀਵਨ ਵਿੱਚ ਸਕਾਰਾਤਮਕ ਬਦਲਾਅ ਲਿਆਉਣਾ ਹੈ | ਲੋਕਾਂ ਦਾ ਇਹ ਪਿਆਰ ਅਤੇ ਸਮਰਥਨ ਸਾਨੂੰ ਹੋਰ ਵੱਧ ਮਿਹਨਤ ਕਰਨ ਅਤੇ ਪੰਜਾਬ ਦੀ ਤਰੱਕੀ ਲਈ ਨਿਰੰਤਰ ਕੰਮ ਕਰਨ ਦੀ ਪ੍ਰੇਰਣਾ ਦਿੰਦਾ ਰਹੇਗਾ |