ਗੁਰਾਇਆ, 30 ਮਈ (ਬਲਵਿੰਦਰ ਸਿੰਘ)-ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਅੱਜ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ | ਉਨ੍ਹਾਂ ਮੌਕੇ 'ਤੇ ਸਬੰਧਿਤ ਅਧਿਕਾਰੀਆਂ ਨੂੰ ਫ਼ੋਨ ਕਰਕੇ ਜਲਦ ਤੋਂ ਜਲਦ ਢੁਕਵਾਂ ਹੱਲ ਕਰਨ ਦੇ ਨਿਰਦੇਸ਼ ਦਿੱਤੇ | ਚੇਅਰਮੈਨ ਸ਼੍ਰੀ ਗੜ੍ਹੀ ਨੇ ਕਿਹਾ ਕਿ ਇਹ ਦੌਰਾ ਸਮੁੱਚੇ ਭਾਈਚਾਰਿਆਂ ਦੇ ਹਿੱਤ ਵਿਚ ਕੀਤਾ ਗਿਆ ਹੈ ਤਾਂ ਜੋ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਯੋਗ ਹੱਲ ਕੀਤਾ ਜਾ ਸਕੇ | ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਰਾਜ ਐੱਸ.ਸੀ. ਕਮਿਸ਼ਨ ਅਨੁਸੂਚਿਤ ਜਾਤੀ ਭਾਈਚਾਰੇ ਦੇ ਸੰਵਿਧਾਨਕ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਦੇ ਸਮਾਜਿਕ-ਆਰਥਿਕ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਅਨੁਸੂਚਿਤ ਜਾਤੀ ਨਾਲ ਸਬੰਧਿਤ ਲੋਕਾਂ ਨੂੰ ਉਨ੍ਹਾਂ ਦੇ ਅਧਿਕਾਰ ਅਤੇ ਸਰਕਾਰੀ ਸਕੀਮਾਂ ਦਾ ਪੂਰਾ ਲਾਭ ਮਿਲੇ, ਇਸ ਦੇ ਲਈ ਕਮਿਸ਼ਨ ਵੱਲੋਂ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ | ਉਨ੍ਹਾਂ ਅੱਜ ਬੜਾ ਪਿੰਡ, ਪੱਦੀ ਖਾਲਸਾ, ਚੱਕ ਸਾਬੂ, ਬੰਡਾਲਾ ਮੰਜਕੀ, ਬੀੜ ਬੰਸੀਆਂ ਅਤੇ ਅੱਟਾ ਵਿਖੇ ਵੱਖ-ਵੱਖ ਮੀਟਿੰਗਾਂ ਦੌਰਾਨ ਮੁਸ਼ਕਿਲਾਂ ਦੀ ਸੁਣਵਾਈ ਕਰਦਿਆਂ ਕਿਹਾ ਕਿ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਢੁਕਵਾਂ ਹੱਲ ਕਰਵਾਇਆ ਜਾਵੇਗਾ | ਉਨ੍ਹਾਂ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਹਰ ਵਰਗ ਦੇ ਲੋਕਾਂ ਦੀ ਭਲਾਈ ਤੇ ਵਿਕਾਸ ਦੀ ਵਚਨਬੱਧਤਾ ਵੀ ਦੁਹਰਾਈ | ਉਨ੍ਹਾਂ ਅੱਪਰਾ ਸਥਿਤ ਡੇਰਾ ਸੰਤ ਟਹਿਲ ਦਾਸ ਵਿਖੇ ਨਤਮਸਤਕ ਹੋ ਕੇ ਗੱਦੀਨਸ਼ੀਨ ਸੰਤ ਆਤਮਾ ਦਾਸ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਉਪਰੰਤ ਉਹ ਪਿੰਡ ਰੁੜਕਾ ਵਿਖੇ ਧਰਮ ਅਸਥਾਨ ਬਾਬਾ ਚਿੰਤਾ ਭਗਤ ਜੀ ਵਿਖੇ ਨਤਮਸਤਕ ਹੋਏ | ਚੇਅਰਮੈਨ ਵੱਲੋਂ ਪਿੰਡ ਬੁੰਡਾਲਾ ਮੰਜਕੀ ਦਾ ਦੌਰਾ ਵੀ ਕੀਤਾ ਗਿਆ, ਜਿੱਥੇ ਉਨ੍ਹਾਂ ਵਲੋਂ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ |