ਫਿਲੌਰ/ਗੋਰਾਇਆ, 31 ਮਈ (ਸਤਿੰਦਰ ਸ਼ਰਮਾ, ਵਿਪਨ ਗੈਰੀ, ਬਲਵਿੰਦਰ ਸਿੰਘ)-ਆਮ ਆਦਮੀ ਪਾਰਟੀ ਵੱਲੋਂ ਐਸ.ਸੀ. ਕਮਿਸ਼ਨ ਪੰਜਾਬ ਦੀ ਉਪ ਚੇਅਰ ਪਰਸਨ ਬੀਬਾ ਹਰਜੋਤ ਕੌਰ ਲੋਹਟੀਆ ਨੂੰ ਫਿਲੌਰ ਤੋਂ ਹਲਕਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ | ਜ਼ਿਕਰ ਯੋਗ ਹੈ ਕਿ ਬੀਬਾ ਹਰਜੋਤ ਕੌਰ ਲੋਹਟੀਆ 2017 ਵਿਚ ਆਮ ਆਦਮੀ ਪਾਰਟੀ ਵੱਲੋਂ ਹਲਕਾ ਬੰਗਾ ਤੋਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ ਅਤੇ ਉਹ ਉਸ ਵੇਲੇ ਦੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਡਾ. ਸੁਖਵਿੰਦਰ ਸਿੰਘ ਸੁੱਖੀ ਤੋਂ ਸਿਰਫ 1800 ਵੋਟਾਂ ਦੇ ਫਰਕ ਨਾਲ ਹਾਰ ਗਏ ਸਨ ਪਰ ਉਹ ਆਮ ਆਦਮੀ ਪਾਰਟੀ ਦੇ ਸਰਗਰਮ ਆਗੂਆਂ ਵਜੋਂ ਜਾਣੇ ਜਾਂਦੇ ਹਨ ਅਤੇ ਸ਼ੁਰੂ ਤੋਂ ਹੀ ਆਮ ਆਦਮੀ ਪਾਰਟੀ ਨਾਲ ਜੁੜੇ ਹੋਏ ਹਨ, ਜਿਸ ਕਰਕੇ ਪਾਰਟੀ ਪ੍ਰਤੀ ਉਨ੍ਹਾਂ ਦੀ ਵਫ਼ਾਦਾਰੀ ਨੂੰ ਦੇਖਦੇ ਹੋਏ ਅੱਜ ਆਮ ਆਦਮੀ ਪਾਰਟੀ ਨੇ ਉਹਨਾਂ ਨੂੰ ਹਲਕਾ ਫਿਲੌਰ ਤੋਂ ਇੰਚਾਰਜ ਨਿਯੁਕਤ ਕੀਤਾ ਹੈ ਅਤੇ ਉਹਨਾਂ ਵੱਲੋਂ ਕੀਤੀ ਮਿਹਨਤ ਦਾ ਮੁੱਲ ਪਾਇਆ ਹੈ | ਸੰਪਰਕ ਕਰਨ 'ਤੇ ਬੀਬਾ ਹਰਜੋਤ ਕੌਰ ਲੋਹਟੀਆ ਨੇ ਉਨ੍ਹਾਂ ਨੂੰ ਫਿਲੌਰ ਤੋਂ ਹਲਕਾ ਇੰਚਾਰਜ ਨਿਯੁਕਤ ਕਰਨ 'ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ, ਜਿਨ੍ਹਾਂ ਨੇ ਉਨ੍ਹਾਂ 'ਤੇ ਇਹ ਵਿਸ਼ਵਾਸ ਪ੍ਰਗਟਾਇਆ | ਉਨ੍ਹਾਂ ਕਿਹਾ ਕਿ ਉਹ ਵਿਧਾਨ ਸਭਾ ਹਲਕਾ ਫਿਲੌਰ ਦੇ ਲੋਕਾਂ ਦੀਆਂ ਆਸਾਂ ਅਤੇ ਉਮੀਦਾਂ 'ਤੇ ਖਰੇ ਉਤਰਣ ਦਾ ਯਤਨ ਕਰਨਗੇ ਤੇ ਪਾਰਟੀ ਹਾਈਕਮਾਨ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੰਮ ਕਰਨਗੇ |