ਨੂਰਮਹਿਲ, 31 ਮਈ (ਤਜਿੰਦਰ ਕੁਮਾਰ)-ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਕੇ.ਐੱਸ. ਮੱਖਣ ਨੇ ਨੂਰਮਹਿਲ ਵਿਖੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਹਲਕਾ ਨਕੋਦਰ ਅਤੇ ਨੂਰਮਹਿਲ ਵਿੱਚ ਪਾਰਟੀ ਦੀ 0 ਪਰਫਾਰਮੈਂਸ ਗੰਭੀਰ ਚਿੰਤਾ ਦਾ ਵਿਸ਼ਾ ਹੈ | ਉਨ੍ਹਾਂ ਕਿਹਾ ਕਿ ਇਹ ਨਤੀਜੇ ਪਾਰਟੀ ਨੂੰ ਆਤਮ-ਮੰਥਨ ਕਰਨ ਅਤੇ ਜ਼ਮੀਨੀ ਪੱਧਰ 'ਤੇ ਸੰਗਠਨ ਨੂੰ ਹੋਰ ਮਜ਼ਬੂਤ ਬਣਾਉਣ ਦਾ ਸੰਦੇਸ਼ ਦਿੰਦੇ ਹਨ | ਕੇ.ਐੱਸ. ਮੱਖਣ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇੱਕ ਮਜ਼ਬੂਤ ਅਤੇ ਇਤਿਹਾਸਕ ਪਾਰਟੀ ਹੈ, ਪਰ ਮੌਜੂਦਾ ਨਤੀਜਿਆਂ ਤੋਂ ਸਬਕ ਲੈ ਕੇ ਵਰਕਰਾਂ ਅਤੇ ਆਗੂਆਂ ਨੂੰ ਇਕਜੁੱਟ ਹੋ ਕੇ ਲੋਕਾਂ ਵਿੱਚ ਦੁਬਾਰਾ ਭਰੋਸਾ ਬਣਾਉਣ ਲਈ ਕੰਮ ਕਰਨਾ ਹੋਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਦੀਆਂ ਨੀਤੀਆਂ ਅਤੇ ਲੋਕ-ਹਿਤੈਸ਼ੀ ਕਾਰਜਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਨਵੀਂ ਰਣਨੀਤੀ ਤਿਆਰ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੀਆਂ ਚੋਣਾਂ ਵਿੱਚ ਬਿਹਤਰ ਨਤੀਜੇ ਪ੍ਰਾਪਤ ਕੀਤੇ ਜਾ ਸਕਣ | ਇਸ ਮੌਕੇ ਕੇ.ਐੱਸ. ਮੱਖਣ ਨੇ ਕਿਹਾ ਕਿ ਬਲਾਕ ਸਮਿਤੀ ਅਤੇ ਨਗਰ ਕੌਂਸਲ ਚੋਣਾਂ ਦੇ ਨਤੀਜਿਆਂ ਸਬੰਧੀ ਜਲਦ ਹੀ ਪਾਰਟੀ ਪ੍ਰਧਾਨ ਸੁਖਵੀਰ ਸਿੰਘ ਨਾਲ ਮੁਲਾਕਾਤ ਕਰਕੇ ਸਮੁੱਚੀ ਸਥਿਤੀ ਤੋਂ ਜਾਣੂ ਕਰਵਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਭਵਿੱਖ ਦੀ ਰਣਨੀਤੀ ਤਿਆਰ ਕਰਨ ਲਈ ਉੱਚ ਪੱਧਰ 'ਤੇ ਵਿਚਾਰ-ਵਟਾਂਦਰਾ ਕੀਤਾ ਜਾਵੇਗਾ |