ਕੈਬਨਿਟ ਮੰਤਰੀ ਮਹਿੰਦਰ ਭਗਤ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਦਿੱਤਾ ਵਿਸ਼ੇਸ਼ ਸੱਦਾ
ਅਜੀਤ ਡੈਸਕ
02-06-2026
ਜਲੰਧਰ, 1 ਜੂਨ (ਜਤਿੰਦਰ ਪੰਮੀ)-ਸਤਿਗੁਰੂ ਕਬੀਰ ਜੀ ਦੇ 628ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਕਰਵਾਏ ਜਾ ਰਹੇ ਤਿੰਨ ਰੋਜ਼ਾ ਧਾਰਮਿਕ ਸਮਾਗਮ ਸਬੰਧੀ ਕੈਬਨਿਟ ਮੰਤਰੀ ਮੋਹਿੰਦਰ ਭਗਤ ਵਲੋਂ ਸੋਮਵਾਰ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਮਾਗਮ ਵਿੱਚ ਸ਼ਾਮਲ ਹੋਣ ਲਈ ਵਿਸ਼ੇਸ਼ ਸੱਦਾ ਦਿੱਤਾ ਗਿਆ | ਮੁੱਖ ਮੰਤਰੀ ਦੇ ਨਾਮ ਸੱਦਾ ਪੱਤਰ ਉਨ੍ਹਾਂ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨੂੰ ਸੌਂਪਿਆ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਸਤਿਗੁਰੂ ਕਬੀਰ ਸਾਹਿਬ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਸਮਾਨਤਾ, ਮਨੁੱਖਤਾ, ਭਾਈਚਾਰੇ ਅਤੇ ਸਮਾਜਿਕ ਸਦਭਾਵਨਾ ਦਾ ਸੰਦੇਸ਼ ਦਿੰਦੀਆਂ ਹਨ | ਉਨ੍ਹਾਂ ਕਿਹਾ ਕਿ ਸਤਿਗੁਰੂ ਕਬੀਰ ਸਾਹਿਬ ਜੀ ਦੇ ਆਦਰਸ਼ਾਂ ਨੂੰ ਲੋਕਾਂ ਤੱਕ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ ਹੈ | ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ 27 ਤੋਂ 29 ਜੂਨ ਤੱਕ ਕਰਵਾਏ ਜਾ ਰਹੇ ਹਨ | ਪ੍ਰੋਗਰਾਮ ਅਨੁਸਾਰ 27 ਜੂਨ ਨੂੰ ਵਿਸ਼ਾਲ ਸੋਭਾ ਯਾਤਰਾ ਕੱਢੀ ਜਾਵੇਗੀ, ਜਿਸ ਵਿੱਚ ਵੱਖ-ਵੱਖ ਧਾਰਮਿਕ, ਸਮਾਜਿਕ ਅਤੇ ਸੱਭਿਆਚਾਰਕ ਸੰਸਥਾਵਾਂ ਸਮੂਲੀਅਤ ਕਰਨਗੀਆਂ | 28 ਜੂਨ ਨੂੰ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਜਾਵੇਗਾ, ਜਿਸ ਵਿੱਚ ਪ੍ਰਸਿੱਧ ਰਾਗੀ ਜਥੇ ਅਤੇ ਭਜਨ ਮੰਡਲੀਆਂ ਕਬੀਰ ਬਾਣੀ ਦਾ ਗੁਣਗਾਨ ਕਰਨਗੀਆਂ | ਇਸੇ ਤਰ੍ਹਾਂ 29 ਜੂਨ ਨੂੰ ਸਤਿਗੁਰੂ ਕਬੀਰ ਸਾਹਿਬ ਜੀ ਦਾ 628ਵਾਂ ਪ੍ਰਕਾਸ਼ ਦਿਹਾੜਾ ਤੇ ਸਾਲਾਨਾ ਉਤਸਵ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ | ਸਮਾਗਮ ਦੌਰਾਨ ਧਾਰਮਿਕ ਪ੍ਰਵਚਨ, ਭਜਨ-ਕੀਰਤਨ, ਗੁਰੂ ਮਹਿਮਾ ਦਾ ਗੁਣਗਾਨ ਅਤੇ ਸੰਗਤਾਂ ਲਈ ਵਿਸ਼ੇਸ਼ ਲੰਗਰ ਸਮੇਤ ਹੋਰ ਪ੍ਰਬੰਧ ਕੀਤੇ ਜਾਣਗੇ |