ਜਲੰਧਰ, 1 ਜੂਨ (ਜਤਿੰਦਰ ਪੰਮੀ)-ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਤੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਡੀ.ਸੀ. ਵਰਜੀਤ ਵਾਲੀਆ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਨੂੰ ਤਰਜੀਹ ਦਿੰਦਿਆਂ ਸਮਾਂਬੱਧ ਢੰਗ ਨਾਲ ਨਿਪਟਾਰਾ ਕੀਤਾ ਜਾਵੇ | ਇਸ ਦੌਰਾਨ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ਡੀ.ਸੀ. ਨੇ ਕਿਹਾ ਕਿ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਵਲੋਂ ਉਠਾਈਆਂ ਗਈਆਂ ਵਪਾਰੀਆਂ ਦੀਆਂ ਮੁਸ਼ਕਿਲਾਂ ਦੇ ਢੁੱਕਵੇਂ ਹੱਲ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਲਗਾਤਾਰ ਗੰਭੀਰ ਯਤਨ ਕੀਤੇ ਜਾ ਰਹੇ ਹਨ ਅਤੇ ਹਰ ਹਫਤੇ ਸਮੀਖਿਆ ਮੀਟਿੰਗ ਕੀਤੀ ਜਾਂਦੀ ਹੈ, ਤਾਂ ਜੋ ਸਬੰਧਤ ਵਿਭਾਗਾਂ ਰਾਹੀਂ ਮੁਸ਼ਕਲਾਂ ਦਾ ਸਮਾਂਬੱਧ ਢੰਗ ਨਾਲ ਹੱਲ ਯਕੀਨੀ ਬਣਾਇਆ ਜਾ ਸਕੇ | ਉਨ੍ਹਾਂ ਹਲਕਾ ਵਾਈਜ਼ ਵੱਖ-ਵੱਖ ਸਮੱਸਿਆਵਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਉਨ੍ਹਾਂ ਦਾ ਨਿਰਧਾਰਿਤ ਸਮੇਂ ਦੇ ਅੰਦਰ ਯੋਗ ਹੱਲ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ | ਬਕਾਇਆ ਮਾਮਲਿਆਂ ਦੀ ਸਮੀਖਿਆ ਕਰਦਿਆਂ ਉਨ੍ਹਾਂ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਇਕ ਟੀਮ ਦੇ ਤੌਰ 'ਤੇ ਕੰਮ ਕਰਨ ਅਤੇ ਵਪਾਰੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਵਚਨਬੱਧ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਪਾਰੀਆਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਿਸ ਵਲੋਂ ਸੁਰੱਖਿਆ ਵਿਵਸਥਾ ਕਾਇਮ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ | ਵਪਾਰੀਆਂ ਅਤੇ ਦੁਕਾਨਦਾਰਾਂ ਨੂੰ ਪੁਲਿਸ ਵਲੋਂ ਸੁਰੱਖਿਅਤ ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ | ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਦਿਵਿਯਾ ਪੀ., ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ, ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਅਮਰਜੀਤ ਬੈਂਸ, ਸਮੂਹ ਐਸ.ਡੀ.ਐਮਜ਼ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਟਰੇਡਰਜ ਕਮਿਸਨ ਦੇ ਮੈਂਬਰ ਹਰਿੰਦਰ ਪਾਲ ਸਿੰਘ ਮਨੋਚਾ ਤੇ ਇੰਦਰਵੰਸ਼ ਸਿੰਘ ਚੱਢਾ ਤੋਂ ਇਲਾਵਾ ਕਮਿਸ਼ਨ ਦੇ ਹੋਰ ਨੁਮਾਇੰਦੇ ਨਵਨੀਤ ਜੁਨੇਜਾ, ਸੁਮਿਤ ਸ਼ਰਮਾ, ਨਰਿੰਦਰ ਸਿੰਘ, ਸੁਖਵਿੰਦਰ ਸਿੰਘ, ਅਜੈ ਵਰਮਾ ਵੀ ਮੌਜੂਦ ਸਨ |