22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸ੍ਰੀ ਦੇਵੀ ਤਲਾਬ ਮੰਦਿਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

Ad Position 21
No active advertisement
ਅਜੀਤ ਡੈਸਕ 05-06-2026
ਮਕਸੂਦਾਂ 4 ਜੂਨ (ਸੌਰਵ ਮਹਿਤਾ)-ਪੰਜਾਬ ਦੇ ਪ੍ਰਸਿੱਧ ਧਾਰਮਿਕ ਅਸਥਾਨ ਸ੍ਰੀ ਦੇਵੀ ਤਲਾਬ ਮੰਦਿਰ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹੋ ਗਈਆਂ ਹਨ | ਧਮਕੀ ਮਿਲਦੇ ਹੀ ਜਲੰਧਰ ਪੁਲਿਸ, ਬੰਬ ਨਿਰੋਧਕ ਦਸਤਾ ਤੇ ਡਾਗ ਸਕੁਐਡ ਦੀਆਂ ਟੀਮਾਂ ਮੌਕੇ 'ਤੇ ਪਹੁੰਚੀਆਂ ਅਤੇ ਮੰਦਿਰ ਪਰਿਸਰ, ਪਾਰਕਿੰਗ ਅਤੇ ਆਸ-ਪਾਸ ਦੇ ਖੇਤਰ ਦੀ ਗਹਿਰਾਈ ਨਾਲ ਜਾਂਚ ਕੀਤੀ | ਜਾਂਚ ਦੌਰਾਨ ਕੋਈ ਵੀ ਸ਼ੱਕੀ ਵਸਤੂ ਜਾਂ ਧਮਾਕਾਖੇਜ਼ ਸਮੱਗਰੀ ਬਰਾਮਦ ਨਹੀਂ ਹੋਈ | ਜਾਣਕਾਰੀ ਅਨੁਸਾਰ ਧਮਕੀ ਭਰੀ ਈ-ਮੇਲ ਇੱਕ ਅਣਪਛਾਤੇ ਈ-ਮੇਲ ਪਤੇ ਤੋਂ ਭੇਜੀ ਗਈ, ਜਿਸ ਵਿਚ ਪੰਜਾਬ ਦੇ ਕੁਝ ਧਾਰਮਿਕ ਸਥਾਨਾਂ ਅਤੇ ਸਰਕਾਰੀ ਇਮਾਰਤਾਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਲਿਖੀ ਗਈ ਹੈ | ਈ-ਮੇਲ ਵਿਚ 6 ਜੂਨ 1984 ਨਾਲ ਸੰਬੰਧਿਤ ਘਟਨਾਵਾਂ ਦਾ ਹਵਾਲਾ ਦਿੰਦਿਆਂ ਬਦਲੇ ਦੀ ਭਾਵਨਾ ਨਾਲ ਧਮਾਕੇ ਕਰਨ ਦੀ ਚੇਤਾਵਨੀ ਦਿੱਤੀ ਗਈ ਹੈ | ਇਸ ਧਮਕੀ ਵਿਚ ਜਲੰਧਰ ਦੇ ਸ੍ਰੀ ਦੇਵੀ ਤਲਾਬ ਮੰਦਿਰ ਦਾ ਨਾਂਅ ਵੀ ਸ਼ਾਮਿਲ ਹੋਣ ਕਾਰਨ ਸੁਰੱਖਿਆ ਏਜੰਸੀਆਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਹੈ | ਸੂਤਰਾਂ ਮੁਤਾਬਕ ਧਮਕੀ ਵਾਲੀ ਈ-ਮੇਲ ਪੰਜਾਬ ਦੇ ਕੁਝ ਹੋਰ ਧਾਰਮਿਕ ਸਥਾਨਾਂ 'ਤੇ ਸਰਕਾਰੀ ਦਫ਼ਤਰਾਂ ਨੂੰ ਵੀ ਭੇਜੀ ਗਈ ਹੈ, ਜਿਸ ਤੋਂ ਬਾਅਦ ਸੂਬੇ ਭਰ ਵਿਚ ਸੁਰੱਖਿਆ ਪ੍ਰਬੰਧਾਂ ਦੀ ਸਮੀਖਿਆ ਕੀਤੀ ਜਾ ਰਹੀ ਹੈ | ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਧਮਕੀ ਭੇਜਣ ਵਾਲੇ ਵਿਅਕਤੀ ਜਾਂ ਗਰੁੱਪ ਦੀ ਪਛਾਣ ਲਈ ਸਾਈਬਰ ਮਾਹਿਰਾਂ ਦੀ ਮਦਦ ਲਈ ਜਾ ਰਹੀ ਹੈ | ਉੱਧਰ, ਮੰਦਿਰ ਪ੍ਰਬੰਧਕਾਂ ਨੇ ਸ਼ਰਧਾਲੂਆਂ ਨੂੰ ਅਫਵਾਹਾਂ ਤੋਂ ਦੂਰ ਰਹਿਣ ਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ ਦੀ ਅਪੀਲ ਕੀਤੀ ਹੈ |
ਅਫਵਾਹਾਂ ਫੈਲਾਉਣ ਵਾਲੇ ਅਜੇ ਵੀ ਕਾਨੂੰਨ ਦੀ ਪਕੜ ਤੋਂ ਦੂਰ
ਸਾਈਬਰ ਮਾਧਿਅਮਾਂ ਰਾਹੀਂ ਧਮਕੀ ਭਰੇ ਸੰਦੇਸ਼ ਭੇਜਣ ਵਾਲੇ ਅਨਸਰਾਂ ਦੀ ਪਛਾਣ ਅਤੇ ਗਿ੍ਫ਼ਤਾਰੀ ਨੂੰ ਲੈ ਕੇ ਵੀ ਸਵਾਲ ਖੜ੍ਹੇ ਹੋ ਰਹੇ ਹਨ | ਲਗਾਤਾਰ ਸਾਹਮਣੇ ਆ ਰਹੇ ਅਜਿਹੇ ਮਾਮਲਿਆਂ ਦੇ ਬਾਵਜੂਦ ਬਹੁਤ ਘੱਟ ਮੌਕਿਆਂ 'ਤੇ ਦੋਸ਼ੀਆਂ ਤੱਕ ਪਹੁੰਚ ਬਣ ਸਕੀ ਹੈ | ਮਾਹਿਰਾਂ ਦਾ ਮੰਨਣਾ ਹੈ ਕਿ ਅਜਿਹੇ ਸੰਦੇਸ਼ ਸਿਰਫ਼ ਸੁਰੱਖਿਆ ਏਜੰਸੀਆਂ ਲਈ ਹੀ ਨਹੀਂ, ਸਗੋਂ ਆਮ ਲੋਕਾਂ ਵਿੱਚ ਬੇਲੋੜਾ ਡਰ ਅਤੇ ਅਸੁਰੱਖਿਆ ਦੀ ਭਾਵਨਾ ਪੈਦਾ ਕਰਨ ਦਾ ਕਾਰਨ ਵੀ ਬਣਦੇ ਹਨ | ਪਹਿਲਾਂ ਸਾਈਬਰ ਅਪਰਾਧ ਜ਼ਿਆਦਾਤਰ ਆਰਥਿਕ ਠੱਗੀਆਂ ਤੱਕ ਸੀਮਤ ਨਜ਼ਰ ਆਉਂਦੇ ਸਨ, ਪਰ ਹੁਣ ਈ-ਮੇਲਾਂ ਅਤੇ ਡਿਜੀਟਲ ਪਲੇਟਫਾਰਮਾਂ ਰਾਹੀਂ ਅਫਵਾਹਾਂ ਫੈਲਾ ਕੇ ਜਨਤਕ ਜੀਵਨ ਨੂੰ ਪ੍ਰਭਾਵਿਤ ਕਰਨ ਦੇ ਮਾਮਲੇ ਵੀ ਵਧ ਰਹੇ ਹਨ | ਲੋਕਾਂ ਦੀ ਮੰਗ ਹੈ ਕਿ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਦੀ ਪਛਾਣ ਕਰਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਸਮਾਜ ਵਿੱਚ ਡਰ ਦਾ ਮਾਹੌਲ ਨਾ ਬਣੇ |
ਆਏ ਦਿਨ ਧਮਕੀ ਭਰੀਆਂ ਈ-ਮੇਲਾਂ ਨਾਲ ਬਣ ਰਿਹਾ ਡਰ ਦਾ ਮਾਹੌਲ
ਪਿਛਲੇ ਕੁਝ ਸਮੇਂ ਤੋਂ ਪੰਜਾਬ ਸਮੇਤ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਸਕੂਲਾਂ, ਧਾਰਮਿਕ ਸਥਾਨਾਂ ਅਤੇ ਸਰਕਾਰੀ ਇਮਾਰਤਾਂ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ | ਕਈ ਮੌਕਿਆਂ 'ਤੇ ਪ੍ਰੀਖਿਆਵਾਂ ਦੌਰਾਨ ਸਕੂਲਾਂ ਨੂੰ ਧਮਕੀ ਭਰੇ ਸੰਦੇਸ਼ ਮਿਲਣ ਕਾਰਨ ਵਿਦਿਆਰਥੀਆਂ ਨੂੰ ਤੁਰੰਤ ਘਰ ਭੇਜਣਾ ਪਿਆ ਅਤੇ ਪੜ੍ਹਾਈ ਵੀ ਪ੍ਰਭਾਵਿਤ ਹੋਈ | ਹਾਲਾਂਕਿ ਜ਼ਿਆਦਾਤਰ ਮਾਮਲਿਆਂ ਵਿੱਚ ਜਾਂਚ ਦੌਰਾਨ ਕੋਈ ਸ਼ੱਕੀ ਵਸਤੂ ਨਹੀਂ ਮਿਲੀ, ਪਰ ਅਜਿਹੀਆਂ ਖਬਰਾਂ ਦੇ ਸੋਸ਼ਲ ਮੀਡੀਆ 'ਤੇ ਫੈਲਦੇ ਹੀ ਮਾਪਿਆਂ, ਵਿਦਿਆਰਥੀਆਂ ਅਤੇ ਆਮ ਲੋਕਾਂ ਵਿੱਚ ਡਰ ਅਤੇ ਚਿੰਤਾ ਦਾ ਮਾਹੌਲ ਬਣ ਜਾਂਦਾ ਹੈ | ਹੁਣ ਧਾਰਮਿਕ ਸਥਾਨਾਂ ਨੂੰ ਮਿਲੀਆਂ ਧਮਕੀਆਂ ਨੇ ਵੀ ਲੋਕਾਂ ਦੀਆਂ ਚਿੰਤਾਵਾਂ ਵਧਾ ਦਿੱਤੀਆਂ ਹਨ ਅਤੇ ਸੁਰੱਖਿਆ ਏਜੰਸੀਆਂ ਨੂੰ ਵਾਰ-ਵਾਰ ਅਲਰਟ ਰਹਿਣਾ ਪੈ ਰਿਹਾ ਹੈ |
Ad Position 22
No active advertisement
ਪਿਛਲੀ ਖ਼ਬਰ ਜਲੰਧਰ 'ਚ ਏਸ਼ੀਅਨ ਹਾਕੀ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਜ਼ੋਰਾਂ 'ਤੇ ਅਗਲੀ ਖ਼ਬਰ ਝੱਖੜ, ਬੱਦਲਵਾਈ ਨਾਲ ਬਦਲਿਆ ਮੌਸਮ ਦਾ ਮਿਜ਼ਾਜ-ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ
Ad Position 24