ਜਲੰਧਰ, 12 ਜੂਨ (ਪਵਨ ਖਰਬੰਦਾ)-ਪਾਵਰਕਾਮ ਅਤੇ ਟਰਾਂਸਕੋ ਆਊਟਸੋਰਸ ਮੁਲਾਜ਼ਮਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ ਦਫ਼ਤਰ ਬਾਸ਼ੀਰਪੁਰਾ, ਸੂਰਿਆ ਐਨਕਲੇਵ ਵਿੱਚ ਮੁੜ ਧਰਨਾ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨ ਦੌਰਾਨ ਮੁਲਾਜ਼ਮਾਂ ਨੇ ਬਿਜਲੀ ਬੋਰਡ ਅਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੇ ਦੱਸਿਆ ਕਿ ਬੀਤੇ ਦਿਨ ਸੰਗਠਨ ਨਾਲ ਹੋਈ ਗੱਲਬਾਤ ਤੋਂ ਬਾਅਦ ਵੀ ਮਸਲਿਆਂ ਦਾ ਕੋਈ ਪੱਕਾ ਹੱਲ ਨਹੀਂ ਨਿਕਲਿਆ | ਉਨ੍ਹਾਂ ਕਿਹਾ ਕਿ ਆਊਟਸੋਰਸ ਕਰਮਚਾਰੀਆਂ ਨੂੰ ਪੱਕਾ ਕਰਨ ਦੀ ਮੰਗ ਅਜੇ ਵੀ ਲਟਕੀ ਹੋਈ ਹੈ | ਪੀਐੱਸਪੀਸੀਐਲ ਅਤੇ ਪੀਐੱਸਟੀਸੀਐਲ ਦੀ ਅਗਵਾਈ ਹੇਠ ਮੁਲਾਜ਼ਮਾਂ ਨੇ ਆਪਣੀਆਂ ਮੰਗਾਂ ਦੁਹਰਾਉਂਦਿਆਂ ਕਿਹਾ ਕਿ ਜਦੋਂ ਤੱਕ ਮੰਗਾਂ ਸਵੀਕਾਰ ਨਹੀਂ ਕੀਤੀਆਂ ਜਾਂਦੀਆਂ ਜਾਂ ਇਸ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਹੁੰਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ | ਮੁਲਾਜ਼ਮਾਂ ਨੇ ਪੰਜਾਬ ਸਰਕਾਰ ਅਤੇ ਬਿਜਲੀ ਮੰਤਰੀ ਦਾ ਧਿਆਨ ਵੀ ਆਪਣੀਆਂ ਮੰਗਾਂ ਵੱਲ ਖਿੱਚਿਆ ਹੈ | ਉਨ੍ਹਾਂ ਕਿਹਾ ਕਿ ਲੰਮੇ ਸਮੇਂ ਤੋਂ ਚੱਲ ਰਹੀਆਂ ਮੰਗਾਂ ਦਾ ਜਲਦ ਹੱਲ ਕੀਤਾ ਜਾਣਾ ਚਾਹੀਦਾ ਹੈ | ਇਸ ਮੌਕੇ ਸੁਰੇਸ਼ ਸ਼ਰਮਾ, ਗੋਪਾਲ ਸਿੰਘ, ਹਰਪਾਲ ਸਿੰਘ, ਦਿਲਬਾਗ ਸਿੰਘ, ਦਲੀਪ ਕੁਮਾਰ ਤੇ ਜਗਦੀਪ ਸਿੰਘ ਆਦਿ ਹਾਜ਼ਰ ਸਨ |