ਜਲੰਧਰ, 12 ਜੂਨ (ਜਸਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਸਤਨਾਮ ਬਿੱਟਾ ਵਲੋਂ ਸੰਸਦ ਮੈਂਬਰ ਡਾ. ਅਸ਼ੋਕ ਮਿੱਤਲ ਨਾਲ ਅੱਜ ਸ਼ਿਸ਼ਟਾਚਾਰ ਦੇ ਤੌਰ 'ਤੇ ਮੁਲਾਕਾਤ ਕੀਤੀ ਗਈ | ਇਸ ਮੌਕੇ ਬਿੱਟਾ ਨੇ ਅਸ਼ੋਕ ਮਿੱਤਲ ਦੇ ਭਾਜਪਾ 'ਚ ਸ਼ਾਮਿਲ ਹੋਣ ਦਾ ਸਵਾਗਤ ਕਰਦਿਆਂ ਉਨ੍ਹਾਂ ਦੀ ਸਾਫ ਸੁਥਰੀ ਤੇ ਲੋਕ ਪੱਖੀ ਸਿਆਸਤ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਕਿਹਾ ਕਿ ਅਸ਼ੋਕ ਮਿੱਤਲ ਦੇ ਸਿਆਸੀ ਤਜ਼ਰਬੇ ਦਾ ਪਾਰਟੀ ਨੂੰ ਬਹੁਤ ਫਾਇਦਾ ਹੋਵੇਗਾ | ਇਸ ਮੌਕੇ ਸ੍ਰੀ ਬਿੱਟਾ ਨੇ ਸੂਬੇ ਦੇ ਸਿਆਸੀ ਹਾਲਾਤ 'ਤੇ ਚਰਚਾ ਕਰਦਿਆਂ ਕਿਹਾ ਕਿ ਇਸ ਸਮੇਂ ਜਿੱਥੇ ਪੰਜਾਬ ਡੂੰਘੇ ਆਰਥਿਕ ਸੰਕਟ ਦਾ ਸ਼ਿਕਾਰ ਹੈ, ਉੱਥੇ ਅਮਨ ਕਾਨੂੰਨ ਦੀ ਸਥਿਤੀ ਵੀ ਦਿਨੋ ਦਿਨ ਬਦਤਰ ਹੁੰਦੀ ਜਾ ਰਹੀ ਹੈ ਤੇ ਨਿਰਦੋਸ਼ ਲੋਕਾਂ ਨੂੰ ਗੋਲੀਆਂ ਨਾਲ ਭੁੰਨਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੌਜੂਦਾ ਸੰਕਟ ਵਿਚੋਂ ਜੇਕਰ ਕੋਈ ਪਾਰਟੀ ਕੱਢ ਸਕਦੀ ਹੈ ਤਾਂ ਉਹ ਭਾਜਪਾ ਹੈ | ਇਸ ਮੌਕੇ ਸ੍ਰੀ ਸਤਨਾਮ ਬਿੱਟਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਦੇ 12 ਸਾਲ ਪੂਰੇ ਹੋਣ ਅਤੇ ਪ੍ਰਧਾਨ ਮੰਤਰੀ ਵਜੋਂ ਲੰਬਾ ਸਮਾਂ ਸੇਵਾ ਕਰਨ 'ਤੇ ਅਸ਼ੋਕ ਮਿੱਤਲ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਅੰਦਰ ਭਾਜਪਾ ਦੀ ਡਬਲ ਇੰਜਣ ਸਰਕਾਰ ਲਿਆਉਣਾ ਚਾਹੁੰਦੇ ਹਨ | ਇਸ ਮੌਕੇ ਸ੍ਰੀ ਅਸ਼ੋਕ ਮਿੱਤਲ ਨੇ ਵੀ ਸ੍ਰੀ ਬਿੱਟਾ ਵਲੋਂ ਜਲੰਧਰ ਛਾਉਣੀ ਹਲਕੇ ਅੰਦਰ ਪਾਰਟੀ ਦੀ ਮਜ਼ਬੂਤੀ ਲਈ ਕੀਤੇ ਜਾ ਰਹੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ |