ਜਲੰਧਰ, 18 ਜੂਨ (ਜਸਪਾਲ ਸਿੰਘ)-ਉੱਘੇ ਖੇਡ ਪ੍ਰਮੋਟਰ ਤੇ ਸਮਾਜ ਸੇਵਕ ਸੁਖਵਿੰਦਰ ਸਿੰਘ ਸੁੱਖਾ ਦੇ ਸਤਿਕਾਰਯੋਗ ਪਿਤਾ ਹਰਬੰਸ ਸਿੰਘ, ਜੋ ਪਿਛਲੇ ਦਿਨੀਂ ਸਦੀਵੀ ਵਿਛੋਡ਼ਾ ਦੇ ਕੇ ਅਕਾਲ ਪੁਰਖ ਦੇ ਚਰਨਾਂ ’ਚ ਜਾ ਬਿਰਾਜੇ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ ਉਪਰੰਤ ਕੀਰਤਨ ਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਹੋਈ। ਇਸ ਮੌਕੇ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਜੱਥੇ ਨੇ ਵੈਰਾਗਮਈ ਕੀਰਤਨ ਕਰਦਿਆਂ ਜ਼ਿੰਦਗੀ ਅਤੇ ਮੌਤ ਦੇ ਫਲਸਫੇ ’ਤੇ ਚਾਨਣਾ ਪਾਇਆ, ਜਦਕਿ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਵਿਛਡ਼ੀ ਰੂਹ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਟ ਕੀਤੇ। ਇਸ ਮੌਕੇ ਪਰਿਵਾਰ ਦੀ ਤਰਫੋਂ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਸੀਨੀਅਰ ਅਕਾਲੀ ਆਗੂ ਤੇ ਸਾਬਕਾ ਕੈਬਨਿਟ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਵਰਗੀ ਹਰਬੰਸ ਸਿੰਘ ਦੇ ਜੀਵਨ ’ਤੇ ਚਾਨਣਾ ਪਾਇਆ। ਉਨ੍ਹਾਂ ਪਰਿਵਾਰ ਨਾਲ ਆਪਣੀ ਸਾਂਝ ਦਾ ਜ਼ਿਕਰ ਕਰਦੇ ਹੋਏ ਸ. ਹਰਬੰਸ ਸਿੰਘ ਨਾਲ ਬਿਤਾਏ ਪਲਾਂ ਨੂੰ ਵੀ ਯਾਦ ਕੀਤਾ। ਉਨ੍ਹਾਂ ਕਿਹਾ ਕਿ ਸ. ਹਰਬੰਸ ਸਿੰਘ ਇਕ ਅਜਿਹੀ ਨਿੱਘੀ ਤੇ ਮਿੱਠੀ ਸ਼ਖਸੀਅਤ ਦੇ ਮਾਲਕ ਸਨ, ਜਿਨ੍ਹਾਂ ਨੇ ਸਾਰੀ ਜ਼ਿੰਦਗੀ ਧਾਰਮਿਕ ਤੇ ਸਮਾਜਿਕ ਕੰਮਾਂ ’ਚ ਵੱਧ ਚਡ਼੍ਹ ਕੇ ਹਿੱਸਾ ਲਿਆ। ਉਨ੍ਹਾਂ ਨੇ ਹਮੇਸ਼ਾ ਲੋਡ਼ਵੰਦਾਂ ਦੀ ਅੱਗੇ ਹੋ ਕੇ ਮਦਦ ਕੀਤੀ ਤੇ ਧਾਰਮਿਕ ਸੰਸਥਾਵਾਂ ਨਾਲ ਵੀ ਜੁਡ਼ੇ ਰਹੇ। ਇਹ ਉਨ੍ਹਾਂ ਦੇ ਚੰਗੇ ਸੰਸਕਾਰ ਹੀ ਸਨ ਕਿ ਅੱਜ ਉਨ੍ਹਾਂ ਦਾ ਸਮੁੱਚਾ ਪਰਿਵਾਰ ਸਮਾਜ ਅੰਦਰ ਇਕ ਖਾਸ ਰੁਤਬਾ ਤੇ ਪਛਾਣ ਰੱਖਦਾ ਹੈ। ਉਨ੍ਹਾਂ ਦੇ ਬੇਟੇ ਸੁਖਵਿੰਦਰ ਸਿੰਘ ਸੁੱਖਾ ਨੇ ਨਾ ਕੇਵਲ ਕਾਰੋਬਾਰ ਦੇ ਖੇਤਰ ’ਚ ਆਪਣੀ ਖਾਸ ਥਾਂ ਬਣਾਈ ਹੈ, ਬਲਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋਡ਼ਨ ’ਚ ਵੀ ਅਹਿਮ ਰੋਲ ਅਦਾ ਕਰ ਰਹੇ ਹਨ। ਇਸ ਮੌਕੇ ਸ਼ਰਧਾਂਜਲੀ ਸਮਾਗਮ ’ਚ ਪੰਜਾਬ ਸੈਰ ਸਪਾਟਾ ਤੇ ਸੱਭਿਆਚਾਰਕ ਵਿਭਾਗ ਦੇ ਚੇਅਰਮੈਨ ਦੀਪਕ ਬਾਲੀ, ਸੀਨੀਅਰ ਆਪ ਆਗੂ ਨਿਤਿਨ ਕੋਹਲੀ, ਸਾਬਕਾ ਸੰਸਦ ਮੈਂਬਰ ਸੁਸ਼ੀਲ ਰਿੰਕੂ, ਵਿਧਾਇਕ ਪਰਗਟ ਸਿੰਘ, ਸਾਬਕਾ ਵਿਧਾਇਕ ਪਵਨ ਟੀਨੂੰ, ਹਲਕਾ ਜਲੰਧਰ ਛਾਉਣੀ ਦੀ ‘ਆਪ’ ਇੰਚਾਰਜ ਬੀਬੀ ਰਾਜਵਿੰਦਰ ਕੌਰ ਥਿਆਡ਼ਾ, ਮੰਗਲ ਸਿੰਘ ਬਾਸੀ ਚੇਅਰਮੈਨ ਪੰਜਾਬ ਐਗਰੋ ਐਕਸਪੋਰਟਸ, ਜ਼ਿਲ੍ਹਾ ਯੋਜਨਾ ਬੋਰਡ ਦੇ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਚੰਨੀ, ਡੇਰਾ ਬਾਬਾ ਮਾਨ ਸਿੰਘ ਪਿਹੋਵਾ ਤੋਂ ਸੰਤ ਮਨੀ ਸਿੰਘ, ਏ. ਡੀ. ਸੀ. ਪੀ. ਸੁਖਵਿੰਦਰ ਸਿੰਘ, ਸਾਬਕਾ ਮੇਅਰ ਜਗਦੀਸ਼ ਰਾਜ ਰਾਜਾ ਸਮੇਤ ਹੋਰ ਪ੍ਰਮੁੱਖ ਸ਼ਖਸੀਅਤਾਂ ਤੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸ. ਮਹਿੰਦਰਜੀਤ ਸਿੰਘ ਸਮੇਤ ਸਮੂਹ ਪ੍ਰਬੰਧਕ ਕਮੇਟੀ ਮੈਂਬਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।