ਜਲੰਧਰ, 19 ਜੂਨ (ਜਸਪਾਲ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਦਾ ਤਿੰਨ ਦਿਨਾ ਸ਼ਹੀਦੀ ਜੋਡ਼ ਮੇਲਾ ਅੱਜ ਤੋਂ ਸ਼ੁਰੂ ਹੋ ਗਿਆ ਹੈ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਸ਼ੁਰੂ ਹੋਏ ਇਸ ਸ਼ਹੀਦੀ ਜੋਡ਼ ਮੇਲੇ ਦੀ ਸਮਾਪਤੀ 21 ਜੂਨ ਨੂੰ ਸ੍ਰੀ ਅਖੰਡ ਸਾਹਿਬ ਜੀ ਦੇ ਭੋਗ ਉਪਰੰਤ ਸਜਾਏ ਜਾਣ ਵਾਲੇ ਢਾਡੀ ਦਰਬਾਰ ਨਾਲ ਹੋਵੇਗੀ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਰਸਵੀਰ-ਕਮ-ਤਹਿਸੀਲਦਾਰ ਸ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹ ਸ਼ਹੀਦੀ ਜੋਡ਼ ਮੇਲਾ ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਦੀ ਦੇਖ ਰੇਖ ਰੇਠ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਮੇਲੇ ਨੂੰ ਸਫਲ ਬਣਾਉਣ ਲਈ ਗੁਰਦੁਆਰਾ ਸਾਹਿਬ ਦੇ ਮੈਨੇਜਰ ਬਲਜੀਤ ਸਿੰਘ ਸਮੇਤ ਸਮੂਹ ਪ੍ਰੰਬਧਕ ਕਮੇਟੀ ਵਲੋਂ ਦਿਨ-ਰਾਤ ਸੇਵਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੇਲੇ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਤੇ ਸੰਗਤਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਸਾਹਿਬ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ ਜਿੱਥੇ ਪਾਰਕਿੰਗ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਉੱਥੇ ਉਨ੍ਹਾਂ ਨੂੰ ਤਪਦੀ ਗਰਮੀ ਤੋਂ ਬਚਾਉਣ ਲਈ ਵੀ ਹਵਾ-ਪਾਣੀ ਦੇ ਖਾਸ ਪ੍ਰਬੰਧ ਕੀਤੇ ਗਏ ਹਨ। ਸੰਗਤਾਂ ਦੀ ਸੇਵਾ ਲਈ ਜਿੱਥੇ ਲੰਗਰ ਲਗਾਤਾਰ ਚੱਲ ਰਹੇ ਹਨ, ਉੱਥੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਵੀ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਹ ਸੇਵਾ ਜਿੱਥੇ ਗੁਰਦੁਆਰਾ ਸਾਹਿਬ ਵਲੋਂ ਕੀਤੀ ਜਾ ਰਹੀ ਹੈ, ਉੱਥੇ ਨਾਲ ਲੱਗਦੇ ਪਿੰਡਾਂ ਦੀਆਂ ਸੰਗਤਾਂ ਵਲੋਂ ਵੀ ਆਪਣੇ ਪੱਧਰ ’ਤੇ ਸੰਗਤਾਂ ਲਈ ਲੰਗਰਾਂ ਅਤੇ ਛਬੀਲਾਂ ਦੀ ਸੇਵਾ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਜਾ ਰਹੀਆਂ ਹਨ। ਰਸਵੀਰ ਸ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ਼ਹੀਦ ਬਾਬਾ ਨਿਹਾਲ ਸਿੰਘ ਤੱਲ੍ਹਣ ਨਾਲ ਦੇਸ਼-ਵਿਦੇਸ਼ ਦੀਆਂ ਸੰਗਤਾਂ ਦੀਆਂ ਭਾਵਨਾਵਾਂ ਜੁਡ਼ੀਆਂ ਹੋਈਆਂ ਹਨ ਤੇ ਸ਼ਹੀਦੀ ਜੋਡ਼ ਮੇਲੇ ’ਚ ਵਿਦੇਸ਼ਾਂ ਤੋਂ ਵੀ ਸੰਗਤਾਂ ਵੱਡੀ ਗਿਣਤੀ ’ਚ ਗੁਰਦੁਆਰਾ ਸਾਹਿਬ ਨਤਮਸਤਕ ਹੋਣ ਪੁੱਜਦੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀਂ ਜਿੱਥੇ ਸ਼ਹੀਦੀ ਜੋਡ਼ ਮੇਲੇ ਦੇ ਸੰਬੰਧ ’ਚ ਦਸਤਾਰ ਸਜਾਉਣ ਦੇ ਮੁਕਾਬਲੇ ਕਰਵਾਏ ਗਏ, ਉੱਥੇ ਗੁਰਬਾਣੀ ਕੰਠ ਮੁਕਾਬਲੇ ਕਰਵਾ ਕੇ ਬੱਚਿਆਂ ਨੂੰ ਗੁਰਬਾਣੀ ਨਾਲ ਜੋਡ਼ਨ ਦਾ ਵੀ ਉਪਰਾਲਾ ਕੀਤਾ ਗਿਆ ਹੈ। ਇਸੇ ਤਰ੍ਹਾਂ ਸ਼ਹੀਦ ਬਾਬਾ ਨਿਹਾਲ ਸਿੰਘ ਚੈਰੀਟੇਬਲ ਹਸਪਤਾਲ ਤੱਲ੍ਹਣ ਵਲੋਂ ਤਿੰਨ ਦਿਨ ਲਗਾਤਾਰ ਮੁਫਤ ਮੈਡੀਕਲ ਕੈਂਪ ਵੀ ਲਗਾਇਆ ਜਾ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਦੀ ਜਾਂਚ ਤੇ ਲੋਡ਼ੀਂਦੇ ਟੈਸਟ ਬਿਲਕੁੱਲ ਮੁਫਤ ਕੀਤੀ ਜਾਵੇਗੀ ਤੇ ਲੋਡ਼ਵੰਦਾਂ ਨੂੰ ਦਵਾਈਆਂ ਵੀ ਮੁਫਤ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ 21 ਜੂਨ ਨੂੰ ਇਕ ਖੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ, ਜਿਸ ਵਿਚ ਵੱਡੀ ਗਿਣਤੀ ’ਚ ਸੰਗਤਾਂ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ’ਚ ਆਪਣਾ ਯੋਗਦਾਨ ਪਾਉਣਗੀਆਂ।