ਜਲੰਧਰ, 22 ਜੂਨ (ਜਤਿੰਦਰ ਪੰਮੀ)-ਏ. ਐੱਨ. ਟੀ. ਐੱਫ. ਜਲੰਧਰ ਰੇਂਜ ਦੀ ਪੁਲਿਸ ਟੀਮ ਵਲੋਂ ਇਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ ਹੈਰੋਇਨ ਬਰਾਮਦ ਕੀਤੀ ਗਈ ਹੈ। ਮੁਲਜ਼ਮ ਦੀ ਪਛਾਣ ਹਰਜਿੰਦਰ ਸਿੰਘ ਵਾਸੀ ਦਾਸੂਵਾਲ ਜ਼ਿਲ੍ਹਾ ਤਰਨਤਾਰਨ ਵਜੋਂ ਹੋਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਏ. ਐੱਨ. ਟੀ. ਐੱਫ. ਜਲੰਧਰ ਰੇਂਜ ਦੇ ਏ. ਆਈ. ਜੀ. ਜਗਜੀਤ ਸਿੰਘ ਸਰੋਆ ਨੇ ਦੱਸਿਆ ਕਿ ਐੱਸ. ਆਈ. ਸੰਜੀਵ ਕੁਮਾਰ ਦੀ ਟੀਮ ਨੇ ਹਰਜਿੰਦਰ ਸਿੰਘ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ਼ਹੀਦਾਂ ਸਾਹਿਬ ਗੁਰਦੁਆਰਾ ਸਾਹਿਬ ਨੇੜਿਓਂ ਕਾਬੂ ਕਰਕੇ ਉਸ ਕੋਲੋਂ 518 ਗ੍ਰਾਮ ਹੈਰੋਇਨ ਜ਼ਬਤ ਕੀਤੀ ਹੈ। ਉਸ ਖ਼ਿਲਾਫ਼ ਐੱਨ. ਡੀ. ਪੀ. ਐੱਸ ਐਕਟ ਕੇਸ ਦਰਜ ਕਰਕੇ ਅਗਲੀ ਤਫਤੀਸ਼ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਏ. ਆਈ. ਜੀ. ਜਗਜੀਤ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਦੱਸਿਆ ਕਿ ਕਿ ਉਹ 8ਵੀਂ ਪਾਸ ਹੈ ਅਤੇ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਲੇਬਰ ਦਾ ਕੰਮ ਕਰਦਾ ਹੈ। ਉਹ ਨਸ਼ਾ ਕਰਨ ਦਾ ਆਦੀ ਹੈ ਅਤੇ ਇਸ ਦੀ ਪੂਰਤੀ ਤੇ ਜ਼ਿਆਦਾ ਪੈਸੇ ਕਮਾਉਣ ਦੇ ਲਾਲਚ ਵਿੱਚ ਨਸ਼ਾ ਵੇਚਣ ਲੱਗ ਪਿਆ।