02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-06-2026

ਐੱਸ.ਆਈ.ਆਰ. ਲਈ ਅੱਜ ਤੋਂ ਘਰ-ਘਰ ਜਾ ਕੇ ਬੀ.ਐੱਲ.ਓਜ਼ ਭਰਵਾਉਣਗੇ ਗਣਨਾ ਫਾਰਮ-ਡੀ.ਸੀ. ਵਾਲੀਆ

Ad Position 21
No active advertisement
ਅਜੀਤ ਡੈਸਕ 25-06-2026
ਜਲੰਧਰ, 24 ਜੂਨ (ਜਤਿੰਦਰ ਪੰਮੀ)- ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਤਹਿਤ ਜ਼ਿਲ੍ਹੇ ਵਿੱਚ 25 ਜੂਨ ਤੋਂ ਘਰ-ਘਰ ਸਰਵੇ ਸਬੰਧੀ ਪੜਾਅ ਸ਼ੁਰੂ ਹੋਣ ਜਾ ਰਿਹਾ ਹੈ। ਇਸ ਤਹਿਤ ਬੀ.ਐੱਲ.ਓਜ਼ 24 ਜੁਲਾਈ ਤੱਕ ਗਣਨਾ (ਇਨੂਮੀਰੇਸ਼ਨ) ਫਾਰਮ ਵੰਡਣ ਲਈ ਘਰ-ਘਰ ਜਾਣਗੇ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਪ੍ਰੈਸ ਕਾਨਫਰੰਸ ਦੌਰਾਨ ਸਾਂਝੀ ਕਰਦਿਆਂ ਦੱਸਿਆ ਕਿ ਬੀ.ਐੱਲ.ਓਜ਼ ਵੱਲੋਂ ਪਹਿਲਾਂ ਤੋਂ ਛਪੇ ਫਾਰਮ ਦੀਆਂ ਦੋ ਕਾਪੀਆਂ ਦਿੱਤੀਆਂ ਜਾਣਗੀਆਂ। ਫਾਰਮ ਵਿੱਚ ਸਾਰੀ ਜਾਣਕਾਰੀ ਭਰਨ ਉਪਰੰਤ ਇੱਕ ਕਾਪੀ ਵੋਟਰ ਵਲੋਂ ਦਸਤਖ਼ਤ ਕਰਕੇ ਬੀ.ਐੱਲ.ਓ. ਕੋਲ ਜਮ੍ਹਾ ਕਰਵਾਈ ਜਾਵੇਗੀ ਅਤੇ ਇੱਕ ਕਾਪੀ ਬੀ.ਐੱਲ.ਓ. ਵਲੋਂ ਦਸਤਖ਼ਤ ਕਰਕੇ ਵੋਟਰ ਨੂੰ ਰਸੀਦ ਵਜੋਂ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਇਸ ਫਾਰਮ ਨੂੰ ਵੋਟਰ ਖੁਦ ਜਾਂ ਉਨ੍ਹਾਂ ਦਾ ਕੋਈ ਵੀ ਬਾਲਗ ਪਰਿਵਾਰਕ ਮੈਂਬਰ ਭਰ ਕੇ ਦਸਤਖਤ ਕਰਕੇ ਬੀ.ਐੱਲ.ਓ. ਦੇ ਸਪੁਰਦ ਕਰ ਸਕਦਾ ਹੈ। ਜੇਕਰ ਕੋਈ ਵੋਟਰ ਘਰ ਨਹੀਂ ਮਿਲਦਾ ਜਾਂ ਘਰ ਨੂੰ ਤਾਲਾ ਲੱਗਿਆ ਹੈ ਤਾਂ ਬੀ.ਐੱਲ.ਓ. ਉਸਦੇ ਘਰ ਘੱਟੋ-ਘੱਟ ਤਿੰਨ ਵਾਰ ਜਾਣਗੇ।
ਡੀ. ਸੀ. ਵਾਲੀਆ ਨੇ ਦੱਸਿਆ ਕਿ ਐੱਸ.ਆਈ.ਆਰ. ਤਹਿਤ ਜ਼ਿਲ੍ਹੇ ਦੇ ਹਰ ਵੋਟਰ ਨੂੰ ਬੀ.ਐੱਲ.ਓਜ਼ ਵੱਲੋਂ ਦਿੱਤਾ ਜਾਣ ਵਾਲਾ ਗਣਨਾ ਫਾਰਮ ਭਰਨਾ ਜ਼ਰੂਰੀ ਹੈ। ਜਿਨ੍ਹਾਂ ਵੋਟਰਾਂ ਦੇ ਗਣਨਾ ਫਾਰਮ ਭਰੇ ਜਾਣਗੇ, ਉਨ੍ਹਾਂ ਦੇ ਨਾਮ 3 ਅਗਸਤ ਨੂੰ ਪ੍ਰਕਾਸ਼ਿਤ ਹੋਣ ਵਾਲੀ ਡ੍ਰਾਫ਼ਟ ਵੋਟਰ ਸੂਚੀ ਵਿੱਚ ਦਰਜ ਕੀਤੇ ਜਾਣਗੇ। 3 ਅਗਸਤ ਤੋਂ 2 ਸਤੰਬਰ ਤੱਕ ਡ੍ਰਾਫਟ ਵੋਟਰ ਸੂਚੀ ’ਤੇ ਦਾਅਵੇ ਤੇ ਇਤਰਾਜ਼ ਦਾਇਰ ਕੀਤੇ ਜਾ ਸਕਣਗੇ ਅਤੇ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 28 ਸਤੰਬਰ ਤੱਕ ਕੀਤਾ ਜਾਵੇਗਾ। ਉਪਰੰਤ 1 ਅਕਤੂਬਰ ਨੂੰ ਅੰਤਿਮ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਹੋਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪ੍ਰਕਿਰਿਆ ਨੂੰ ਸੁਚੱਜੇ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਦੇ ਸਮੂਹ 9 ਵਿਧਾਨ ਸਭਾ ਹਲਕਿਆਂ ਵਿੱਚ ਹਰੇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਨਾਲ 2 ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਅਤੇ 5-5 ਵਧੀਕ ਸਹਾਇਕ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ ਵੀ ਲਗਾਏ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ਵਿੱਚ 1926 ਬੀ.ਐੱਲ.ਓਜ਼, 189 ਸੁਪਰਵਾਈਜ਼ਰ ਅਤੇ ਹੋਰ ਚੋਣ ਅਮਲਾ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਕੰਮ ਨੂੰ ਸੁਚਾਰੂ ਅਤੇ ਨਿਰਵਿਘਨ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਵੱਲੋਂ ਬੂਥ ਲੈਵਲ ਏਜੰਟ ਨਿਯੁਕਤ ਕੀਤੇ ਗਏ ਹਨ, ਜੋ ਕਿ ਬੀ.ਐਲ.ਓਜ਼ ਨਾਲ ਤਾਲਮੇਲ ਕਰਕੇ ਇਹ ਯਕੀਨੀ ਬਣਾਉਣਗੇ ਕਿ ਕੋਈ ਵੀ ਯੋਗ ਵੋਟਰ ਵੋਟ ਬਣਵਾਉਣ ਤੋਂ ਵਾਂਝਾ ਨਾ ਰਹੇ। ਉਨ੍ਹਾਂ ਇਹ ਦੱਸਿਆ ਕਿ ਇਕ ਬੀ.ਐੱਲ.ਏ. ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਤੋਂ ਪਹਿਲਾਂ ਬੀ.ਐੱਲ.ਓ ਨੂੰ ਵੱਧ ਤੋਂ ਵੱਧ 50 ਫਾਰਮ (ਫਾਰਮ 6 ਤੇ 8) ਪ੍ਰਤੀ ਦਿਨ ਅਤੇ ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ ਤੋਂ ਬਾਅਦ ਵੱਧ ਤੋਂ ਵੱਧ 10 ਫਾਰਮ ਪ੍ਰਤੀ ਦਿਨ ਵੋਟਰਾਂ ਪਾਸੋਂ ਇਕੱਠੇ ਕਰਕੇ ਬੀ.ਐੱਲ.ਓਜ਼ ਦੇ ਸਪੁਰਦ ਵੀ ਕਰ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਅਮਨਿੰਦਰ ਕੌਰ ਤੇ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੀ ਮੌਜੂਦ ਸਨ।
ਕਿਸੇ ਵੀ ਜਾਣਕਾਰੀ ਲਈ ਟੋਲ ਫਰੀ ਨੰਬਰ 1950 ‘ਤੇ ਕੀਤਾ ਜਾ ਸਕਦਾ ਹੈ ਸੰਪਰਕ
ਡੀ. ਸੀ. ਵਰਜੀਤ ਵਾਲੀਆ ਨੇ ਜ਼ਿਲ੍ਹਾ ਵਾਸੀਆਂ ਨੂੰ ਸਪੈਸ਼ਲ ਇੰਟੈਂਸਿਵ ਰਵੀਜ਼ਨ ਸੰਬੰਧੀ ਕਿਸੇ ਵੀ ਤਰ੍ਹਾਂ ਦੀਆਂ ਗੁਮਰਾਹਕੁੰਨ ਅਫ਼ਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕੀਤੀ । ਉਨ੍ਹਾਂ ਦੱਸਿਆ ਕਿ ਐੱਸ. ਆਈ. ਆਰ. ਬਾਰੇ ਕਿਸੇ ਵੀ ਕਿਸਮ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਨਾਗਰਿਕ, ਚੋਣ ਕਮਿਸ਼ਨ ਦੇ ਟੋਲ ਫ੍ਰੀ ਨੰਬਰ 1950 ‘ਤੇ ਸੰਪਰਕ ਕਰ ਸਕਦੇ ਹਨ, ਜੋ ਕਿ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਬਿਨਾਂ ਕਿਸੇ ਛੁੱਟੀ ਦੇ ਚਾਲੂ ਰਹੇਗਾ। ਇਸ ਤੋਂ ਇਲਾਵਾ, ਜੇਕਰ ਕਿਸੇ ਨੂੰ ਇਸ ਪ੍ਰਕਿਰਿਆ ਦੌਰਾਨ ਕੋਈ ਸ਼ਿਕਾਇਤ ਹੈ, ਤਾਂ ਸਿੱਧਾ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਜਾਂ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦੀ ਅਗਵਾਈ ਵਿੱਚ ਗਠਿਤ ਸ਼ਿਕਾਇਤ ਨਿਵਾਰਣ ਸੈੱਲ ਨਾਲ ਵੀ ਰਾਬਤਾ ਕੀਤਾ ਜਾ ਸਕਦਾ ਹੈ।

ਜ਼ਿਲ੍ਹੇ ਦੇ 18 ਫੀਸਦੀ ਵੋਟਰਾਂ ਦੀ ਨਹੀਂ ਹੋ ਸਕੀ ਮੈਪਿੰਗ
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ 1649946 ਵੋਟਰ ਹਨ, ਜਿਨ੍ਹਾਂ ਵਿੱਚ 849320 ਪੁਰਸ਼, 800571 ਮਹਿਲਾ, 55 ਟਰਾਂਸਜੈਂਡਰ ਵੋਟਰ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਪ੍ਰੀ ਐਸ.ਆਈ.ਆਰ. ਗਤੀਵਿਧੀਆਂ ਤਹਿਤ 2003 ਦੀ ਵੋਟਰ ਸੂਚੀ ਨਾਲ ਮੌਜੂਦਾ ਵੋਟਰ ਸੂਚੀ ਦੇ 82 ਫੀਸਦੀ ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜਦੋਂਕਿ 18 ਫੀਸਦੀ ਦੀ ਮੈਪਿੰਗ ਨਹੀਂ ਹੋ ਸਕੀ। ਉਨ੍ਹਾਂ ਦੱਸਿਆ ਕਿ ਸਾਫਟਵੇਅਰ ’ਚ ਜ਼ਿਲ੍ਹੇ ਦੇ 2,87,000 ਵੋਟਰ ਅਨਾਮਲੀ ਸੂਚੀ ਵਿੱਚ ਆਏ ਹਨ। ਉਨ੍ਹਾਂ ਸਮੂਹ ਵੋਟਰਾਂ ਨੂੰ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਬੂਥ ਲੈਵਲ ਅਫ਼ਸਰਾਂ ਨੂੰ ਸਹਿਯੋਗ ਦੇਣ, ਆਪਣੇ ਵੇਰਵਿਆਂ ਦੀ ਤਸਦੀਕ ਕਰਵਾਉਣ ਅਤੇ ਲੋੜੀਂਦੇ ਦਸਤਾਵੇਜ਼ ਸਮੇਂ-ਸਿਰ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ, ਤਾਂ ਜੋ ਕੋਈ ਵੀ ਯੋਗ ਵੋਟਰ, ਵੋਟਰ ਸੂਚੀ ਵਿੱਚ ਸ਼ਾਮਲ ਹੋਣ ਤੋਂ ਨਾ ਰਹਿ ਜਾਵੇ।
Ad Position 22
No active advertisement
ਪਿਛਲੀ ਖ਼ਬਰ ਜਲੰਧਰ ’ਚ ਟਰੈਫਿਕ ਪੁਲਿਸ ਨੇ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਏ, ਸੜਕਾਂ ਨੂੰ ਜਾਮ ਮੁਕਤ ਬਣਾਉਣ ਦੀ ਮੁਹਿੰਮ ਤੇਜ਼ ਅਗਲੀ ਖ਼ਬਰ ਅਕਾਲ ਤਖ਼ਤ ਸਾਹਿਬ ਖ਼ਿਲਾਫ਼ ਕੀਤੀ ਜਾ ਰਹੀ ਕਿਸੇ ਵੀ ਤਰ੍ਹਾਂ ਦੀ ਟਿੱਪਣੀ ਨੂੰ ਸਿੱਖ ਕੌਮ ਬਰਦਾਸ਼ਤ ਨਹੀਂ ਕਰੇਗੀ- ਭੂੰਦੜ
Ad Position 24
No active advertisement