ਜਲੰਧਰ, 25 ਜੂਨ (ਜਤਿੰਦਰ ਪੰਮੀ)-ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) ਤਹਿਤ ਵੀਰਵਾਰ ਤੋਂ ਸ਼ੁਰੂ ਹੋਏ ਇਕ ਮਹੀਨਾ ਚੱਲਣ ਵਾਲੇ ਘਰ-ਘਰ ਸਰਵੇਖਣ ਦਾ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਰਜੀਤ ਵਾਲੀਆ ਨੇ ਜਾਇਜ਼ਾ ਲੈਣ ਲਈ ਵੱਖ-ਵੱਖ ਇਲਾਕਿਆਂ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਜਲੰਧਰ-1 ਸ਼ੁਭੀ ਆਂਗਰਾ ਵੀ ਮੌਜੂਦ ਸਨ। ਆਪਣੇ ਦੌਰੇ ਦੌਰਾਨ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਡੀ. ਸੀ. ਵਾਲੀਆ ਨੇ ਉਨ੍ਹਾਂ ਨੂੰ ਐੱਸ.ਆਈ.ਆਰ. ਦੇ ਉਦੇਸ਼ ਤੇ ਪ੍ਰਕਿਰਿਆ ਤੋਂ ਜਾਣੂ ਕਰਵਾਇਆ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਐੱਸ.ਆਈ.ਆਰ. ਦਾ ਉਦੇਸ਼ ਵੋਟਰ ਸੂਚੀਆਂ ਨੂੰ ਸਹੀ, ਪਾਰਦਰਸ਼ੀ ਅਤੇ ਅੱਪਡੇਟ ਬਣਾਉਣਾ ਹੈ। ਉਨ੍ਹਾਂ ਵੋਟਰਾਂ ਨੂੰ ਦੱਸਿਆ ਕਿ ਬੀ.ਐੱਲ.ਓਜ਼. ਵੱਲੋਂ ਪਹਿਲਾਂ ਤੋਂ ਛਪੇ ਹੋਏ ਗਣਨਾ ਫਾਰਮ ਦਿੱਤੇ ਜਾਣਗੇ, ਜਿਨ੍ਹਾਂ ਨੂੰ ਭਰ ਕੇ ਲੋੜੀਂਦੇ ਦਸਤਾਵੇਜ਼ਾਂ ਸਮੇਤ ਜਮ੍ਹਾ ਕਰਵਾਉਣਾ ਹੋਵੇਗਾ। ਫਾਰਮ ਦੀ ਦਸਤਖ਼ਤ ਕੀਤੀ ਇਕ ਕਾਪੀ ਬੀ.ਐਲ.ਓ. ਵੱਲੋਂ ਪ੍ਰਾਪਤ ਕੀਤੀ ਜਾਵੇਗੀ, ਜਦਕਿ ਦੂਜੀ ਕਾਪੀ ’ਤੇ ਬੀ.ਐਲ.ਓ. ਦੇ ਦਸਤਖ਼ਤ ਹੋਣਗੇ ਅਤੇ ਵੋਟਰ ਨੂੰ ਉਸਨੂੰ ਰਸੀਦ ਵਜੋਂ ਰੱਖ ਸਕਣਗੇ। ਫਾਰਮ ਨੂੰ ਵੋਟਰ ਜਾਂ ਘਰ ਦੇ ਕਿਸੇ ਵੀ ਬਾਲਗ ਮੈਂਬਰ ਵੱਲੋਂ ਭਰਿਆ ਅਤੇ ਜਮ੍ਹਾ ਕੀਤਾ ਜਾ ਸਕਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਕਿਸੇ ਘਰ ਨੂੰ ਤਾਲਾ ਲੱਗਿਆ ਹੋਵੇਗਾ ਜਾਂ ਵੋਟਰ ਘਰ ਉਪਲਬਧ ਨਹੀਂ ਹੋਣਗੇ ਤਾਂ ਬੀ.ਐਲ.ਓ. ਉਸ ਘਰ ਘੱਟੋ-ਘੱਟ ਤਿੰਨ ਵਾਰ ਦੌਰਾ ਕਰਨਗੇ।ਡਿਪਟੀ ਕਮਿਸ਼ਨਰ ਨੇ ਸਰਵੇਖਣ ਵਿੱਚ ਲੱਗੇ ਬੀ.ਐੱਲ.ਓਜ਼ ਨਾਲ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਅਤੇ ਉਨ੍ਹਾਂ ਨੂੰ ਭਾਰਤ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਸ ਵਿਆਪਕ ਅਭਿਆਨ ਵਿੱਚ ਬੀ.ਐੱਲ.ਓਜ਼ ਦੀ ਭੂਮਿਕਾ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇ ਕਿ ਕੋਈ ਵੀ ਯੋਗ ਵੋਟਰ ਇਸ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਜ਼ਿਲ੍ਹਾ ਚੋਣ ਅਫ਼ਸਰ ਨੇ ਵੋਟਰਾਂ ਨੂੰ ਆਪਣੇ ਵੇਰਵਿਆਂ ਦੀ ਤਸਦੀਕ ਕਰਨ, ਸਮੇਂ ਸਿਰ ਦਸਤਾਵੇਜ਼ ਮੁਹੱਈਆ ਕਰਵਾਉਣ ਅਤੇ ਗੁੰਮਰਾਹਕੁੰਨ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ। ਵਧੇਰੇ ਜਾਣਕਾਰੀ ਲਈ ਨਾਗਰਿਕ ਚੋਣ ਕਮਿਸ਼ਨ ਦੀ ਟੋਲ-ਫ੍ਰੀ ਹੈਲਪਲਾਈਨ 1950 ‘ਤੇ ਸਵੇਰੇ 8 ਤੋਂ ਸ਼ਾਮ 8 ਵਜੇ ਤੱਕ ਸੰਪਰਕ ਕਰ ਸਕਦੇ ਹਨ।