ਐੱਸ. ਏ. ਐੱਸ. ਨਗਰ, 25 ਜੂਨ (ਤਰਵਿੰਦਰ ਸਿੰਘ ਬੈਨੀਪਾਲ)- ਭਾਰਤੀ ਜਨਤਾ ਪਾਰਟੀ ਦੇ ਸੂਬਾਈ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਲਾਗੂ ਕਰਨ ਦੀ ਬਜਾਏ ਕਥਿਤ ਤੌਰ ‘ਤੇ ਆਮ ਆਦਮੀ ਪਾਰਟੀ ਦੇ ਰਾਜਸੀ ਪ੍ਰਚਾਰ ਦਾ ਸਾਧਨ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਹਨ ਕਿ ਆਸ਼ਾ ਵਰਕਰਾਂ ਨੂੰ ਕਥਿਤ ਤੌਰ ‘ਤੇ ਆਮ ਆਦਮੀ ਪਾਰਟੀ ਦੇ ਆਗੂਆਂ ਵਲੋਂ ਤਿਆਰ ਕੀਤੀਆਂ ਵੋਟਰ ਸੂਚੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਉਨ੍ਹਾਂ ਨੂੰ ਸਿਰਫ਼ ਉਨ੍ਹਾਂ ਹੀ ਸੂਚੀਆਂ ਵਿਚ ਸ਼ਾਮਿਲ ਮਹਿਲਾਵਾਂ ਦੇ ਫਾਰਮ ਭਰਨ ਲਈ ਕਿਹਾ ਜਾ ਰਿਹਾ ਹੈ। ਇਸ ਕਾਰਨ ਵੱਡੀ ਗਿਣਤੀ ਵਿਚ ਯੋਗ ਅਤੇ ਲੋੜਵੰਦ ਮਹਿਲਾਵਾਂ ਇਸ ਯੋਜਨਾ ਦੇ ਲਾਭ ਤੋਂ ਵਾਂਝੀਆਂ ਰਹਿ ਸਕਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਤੁਰੰਤ ਯਕੀਨੀ ਬਣਾਏ ਕਿ ਯੋਜਨਾ ਦੇ ਫਾਰਮ ਹਰ ਪਿੰਡ, ਸ਼ਹਿਰ ਅਤੇ ਵਾਰਡ ਵਿਚ ਬਿਨਾਂ ਕਿਸੇ ਭੇਦਭਾਵ ਦੇ ਹਰ ਯੋਗ ਮਹਿਲਾ ਤੱਕ ਪੁੱਜਦੇ ਹੋਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਅਜਿਹੇ ਦੋਸ਼ਾਂ ਦਾ ਤੁਰੰਤ ਨੋਟਿਸ ਲੈਂਦਿਆਂ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਹਰ ਯੋਗ ਮਹਿਲਾ ਨੂੰ ਬਿਨਾਂ ਕਿਸੇ ਰਾਜਸੀ ਭੇਦਭਾਵ ਤੋਂ ਯੋਜਨਾ ਦਾ ਲਾਭ ਮਿਲੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਇਸ ਮਾਮਲੇ ਵਿਚ ਮਿਲ ਰਹੀਆਂ ਸ਼ਿਕਾਇਤਾਂ ਦੀ ਉੱਚ ਪੱਧਰੀ ਅਤੇ ਨਿਰਪੱਖ ਜਾਂਚ ਕਰਵਾਈ ਜਾਵੇ। ਨਾਲ ਹੀ ਇਹ ਯਕੀਨੀ ਬਣਾਇਆ ਜਾਵੇ ਕਿ ਯੋਜਨਾ ਦੇ ਫਾਰਮ ਹਰ ਯੋਗ ਅਤੇ ਲੋੜਵੰਦ ਮਹਿਲਾ ਤੱਕ ਪੁੱਜਦੇ ਹੋਣ ਅਤੇ ਕਿਸੇ ਵੀ ਤਰ੍ਹਾਂ ਦੇ ਰਾਜਸੀ ਦਖ਼ਲ ਤੋਂ ਬਿਨਾਂ ਭਰੇ ਜਾਣ ਤਾਂ ਜੋ ਯੋਜਨਾ ਦਾ ਲਾਭ ਅਸਲ ਹੱਕਦਾਰਾਂ ਨੂੰ ਮਿਲ ਸਕੇ।