ਸਿਵਲ ਸਰਜਨ ਡਾ. ਰਾਜੇਸ਼ ਗਰਗ ਤੇ ਡਾ. ਬੇਅੰਤ ਸਿੰਘ (ਆਰਥੋ) ਸਟੇਟ ਐਵਾਰਡ ਨਾਲ ਸਨਮਾਨਿਤ
ਅਜੀਤ ਡੈਸਕ
04-07-2026
ਜਲੰਧਰ, 3 ਜੁਲਾਈ (ਜਤਿੰਦਰ ਪੰਮੀ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਚੰਡੀਗੜ੍ਹ ਵਿਖੇ ‘ਕੌਮੀ ਡਾਕਟਰ ਦਿਵਸ’ ਮੌਕੇ ਕਰਵਾਏ ਸੂਬਾ ਪੱਧਰੀ ਸਮਾਗਮ ਦੌਰਾਨ ਸਿਵਲ ਸਰਜਨ ਡਾ. ਰਾਜੇਸ਼ ਗਰਗ ਨੂੰ ਉਨ੍ਹਾਂ ਦੀਆਂ ਸ਼ਾਨਦਾਰ ਤੇ ਨਿਸ਼ਕਾਮ ਸੇਵਾਵਾਂ ਲਈ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਉਨ੍ਹਾਂ ਦੇ ਨਾਲ ਸ਼ਹੀਦ ਬਾਬੂ ਲਾਭ ਸਿੰਘ ਯਾਦਗਾਰੀ ਸਿਵਲ ਹਸਪਤਾਲ ਦੇ ਆਰਥੋਪੈਡਿਕ ਸਰਜਨ ਡਾ. ਬੇਅੰਤ ਸਿੰਘ ਨੂੰ ਵੀ ਬਿਹਤਰ ਸਿਹਤ ਸੇਵਾਵਾਂ ਦੇਣ ਲਈ ਸਨਮਾਨਿਤ ਕੀਤਾ। ਜ਼ਿਕਰਯੋਗ ਹੈ ਕਿ ਇਸ ਸੂਬਾ ਪੱਧਰੀ ਸਮਾਗਮ ਦੌਰਾਨ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ਰਾਜ ਦੇ ਸਰਕਾਰੀ ਤੇ ਨਿੱਜੀ ਖੇਤਰ ਦੇ ਨਾਮਵਰ ਡਾਕਟਰਾਂ ਨੂੰ ਸਨਮਾਨਿਤ ਕੀਤਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਿਵਲ ਸਰਜਨ ਡਾ. ਰਾਜੇਸ਼ ਗਰਗ ਤੇ ਉੱਘੇ ਹੱਡੀਆਂ ਦੇ ਮਾਹਰ (ਆਰਥੋਪੈਡਿਕ ਸਰਜਨ) ਡਾ. ਬੇਅੰਤ ਸਿੰਘ ਨੂੰ ਸਿਹਤ ਖੇਤਰ ਵਿਚ ਬੇਮਿਸਾਲ ਯੋਗਦਾਨ ਤੇ ਮਿਸਾਲੀ ਕਾਰਗੁਜ਼ਾਰੀ ਲਈ ਸਨਮਾਨ ਪੱਤਰ ਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਵਧਾਈ ਦਿੱਤੀ ਅਤੇ ਰਾਜ ਪੁਰਸਕਾਰ ਨਾਲ ਨਿਵਾਜਿਆ। ਉਨ੍ਹਾਂ ਨੇ ਸਮੂਹ ਸਨਮਾਨਿਤ ਡਾਕਟਰਾਂ ਦੀ ਸ਼ਲਾਘਾ ਕਰਦਿਆਂ ਦੂਸਰਿਆਂ ਨੂੰ ਵੀ ਇਸੇ ਤਰ੍ਹਾਂ ਤਨਦੇਹੀ ਨਾਲ ਸੇਵਾ ਕਰਨ ਲਈ ਪ੍ਰੇਰਿਤ ਕੀਤਾ। ਰਾਜ ਪੁਰਸਕਾਰ ਪ੍ਰਾਪਤ ਕਰਨ ਉਪਰੰਤ ਸਿਵਲ ਸਰਜਨ ਡਾ. ਰਾਜੇਸ਼ ਗਰਗ ਤੇ ਡਾ. ਬੇਅੰਤ ਸਿੰਘ ਨੇ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦਾ ਧੰਨਵਾਦ ਕੀਤਾ।