ਜਲੰਧਰ, 3 ਜੁਲਾਈ (ਜਤਿੰਦਰ ਪੰਮੀ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ ਸੰਬੰਧੀ ਆਪਣੇ ਸੰਬੰਧਤ ਵਿਧਾਨ ਸਭਾ ਚੋਣ ਹਲਕੇ ਦੀਆਂ ਤਜਵੀਜ਼ਾਂ 9 ਜੁਲਾਈ ਤੱਕ ਭੇਜਣੀਆਂ ਯਕੀਨੀ ਬਣਾਉਣ ਦੀ ਹਦਾਇਤ ਕੀਤੀ ਹੈ। ਇਸ ਸੰਬੰਧੀ ਜ਼ਿਲ੍ਹਾ ਚੋਣ ਅਫ਼ਸਰ ਅਫ਼ਸਰ ਵਰਜੀਤ ਵਾਲੀਆ ਨੇ ਕਿਹਾ ਕਿ ਭਾਰਤ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ ਸੰਬੰਧੀ ਜਾਰੀ ਸ਼ਡਿਊਲ ਅਨੁਸਾਰ ਪੋਲਿੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ 24 ਜੁਲਾਈ ਤੱਕ ਮੁਕੰਮਲ ਕੀਤੀ ਜਾਣੀ ਹੈ। ਉਨ੍ਹਾਂ ਸਮੂਹ ਈ. ਆਰ. ਓਜ਼ ਨੂੰ ਹਦਾਇਤ ਕੀਤੀ ਕਿ ਰੈਸ਼ਨੇਲਾਈਜ਼ੇਸ਼ਨ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਵਲੋਂ ਨਿਰਧਾਰਤ ਮਾਪਦੰਡਾਂ ਦੀ ਪਾਲਣਾ ਯਕੀਨੀ ਬਣਾਉਂਦਿਆਂ ਤਜਵੀਜ਼ਾਂ ਸਮੇਂ ਸਿਰ ਉਨ੍ਹਾਂ ਦੇ ਦਫ਼ਤਰ ਵਿਖੇ ਭੇਜੀਆਂ ਜਾਣੀਆਂ ਯਕੀਨੀ ਬਣਾਈਆਂ ਜਾਣ, ਤਾਂ ਜੋ ਅਗਲੇਰੀ ਕਾਰਵਾਈ ਲਈ ਇਨ੍ਹਾਂ ਨੂੰ ਦਫ਼ਤਰ, ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਭੇਜਿਆ ਜਾ ਸਕੇ। ਵਾਲੀਆ ਨੇ ਦੱਸਿਆ ਕਿ ਚੋਣ ਕਮਿਸ਼ਨ ਵਲੋਂ ਇਕ ਪੋਲਿੰਗ ਸਟੇਸ਼ਨ ’ਤੇ ਵੱਧ ਤੋਂ ਵੱਧ 1200 ਵੋਟਰਾਂ ਦੀ ਹੱਦ ਤੈਅ ਕੀਤੀ ਗਈ ਹੈ ਤੇ ਸਾਰੇ ਪੋਲਿੰਗ ਬੂਥਾਂ ’ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਕਿਸੇ ਵੀ ਵੋਟਰ ਨੂੰ ਪੋਲਿੰਗ ਸਟੇਸ਼ਨ ’ਤੇ ਪਹੁੰਚਣ ਲਈ 2 ਕਿਲੋਮੀਟਰ ਤੋਂ ਵੱਧ ਦਾ ਫਾਸਲਾ ਨਾ ਤੈਅ ਕਰਨਾ ਪਵੇ। ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਨੂੰ ਨਿਰਦੇਸ਼ ਦਿੱਤੇ ਕਿ ਪੋਲਿੰਗ ਸਟੇਸ਼ਨ ਦੀ ਰੈਸ਼ਨੇਲਾਈਜ਼ੇਸ਼ਨ ਦੀ ਤਜਵੀਜ਼ ਭੇਜਣ ਤੋਂ ਪਹਿਲਾਂ ਪੋਲਿੰਗ ਸਟੇਸ਼ਨਾਂ ਦੀ ਨਿੱਜੀ ਤੌਰ ’ਤੇ ਸੌ ਫੀਸਦੀ ਵੈਰੀਫਿਕੇਸ਼ਨ ਕਰਨੀ ਵੀ ਯਕੀਨੀ ਬਣਾਈ ਜਾਵੇ।