ਸ਼ਾਹਕੋਟ, 4 ਜੁਲਾਈ (ਸੁਖਦੀਪ ਸਿੰਘ)-ਮਨਰੇਗਾ ਵਰਕਰ ਯੂਨੀਅਨ ਪੰਜਾਬ ਦੇ ਆਗੂ ਕਾਮਰੇਡ ਚਰਨਜੀਤ ਸਿੰਘ ਥੰਮੂਵਾਲ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਅਸੀਂ ਪਿਛਲੇ ਕਈ ਦਿਨਾਂ ਤੋਂ ਸ਼ਾਹਕੋਟ, ਨਕੋਦਰ ਦੇ ਪਿੰਡਾਂ ਵਿਚ ਮਨਰੇਗਾ ਵਰਕਰਾਂ ਨੂੰ ਮਿਲ ਕੇ ਮੀਟਿੰਗਾਂ ਕਰ ਰਹੇ ਹਾਂ, ਜਿਸ ਦੌਰਾਨ ਪਤਾ ਲੱਗਾ ਹੈ ਕਿ ਪਿੰਡਾਂ ਵਿਚ ਮਨਰੇਗਾ ਵਰਕਰਾਂ ਨੂੰ ਕੰਮ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮਨਰੇਗਾ ਮੁਲਾਜ਼ਮ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਹੜਤਾਲ ’ਤੇ ਬੈਠੇ ਹਨ, ਜਿਸ ਕਾਰਨ ਵੀ ਮਨਰੇਗਾ ਵਰਕਰਾਂ ਦਾ ਕੰਮ ਪ੍ਰਭਾਵਿਤ ਹੋ ਰਿਹਾ ਹੈ। ਸਾਡੀ ਜਥੇਬੰਦੀ ਹੱਕੀ ਤੇ ਜਾਇਜ਼ ਮੰਗਾਂ ਲਈ ਸੰਘਰਸ਼ ਕਰ ਰਹੇ ਮੁਲਾਜ਼ਮਾਂ ਦਾ ਪੂਰਾ ਸਮਰਥਨ ਕਰਦੀ ਹੈ। ਉਨ੍ਹਾਂ ਕਿਹਾ ਕਿ ਜਿਥੇ ਮਨਰੇਗਾ ਵਰਕਰਾਂ ਨੂੰ ਕੰਮ ਨਹੀਂ ਮਿਲ ਰਿਹਾ, ਉਥੇ ਪਿੰਡਾਂ ਦਾ ਵਿਕਾਸ ਵੀ ਰੁਕ ਗਿਆ ਹੈ। ਪਿਛਲੇ ਸਮੇਂ ਕੇਂਦਰ ਸਰਕਾਰ ਵਲੋਂ ਮਨਰੇਗਾ ਦਾ ਨਾਂਅ ਬਦਲ ਕੇ ਵੀ. ਬੀ. ਜੀ ਰਾਮ ਜੀ ਰੱਖ ਦਿੱਤਾ ਸੀ ਤੇ ਸੂਬਾ ਸਰਕਾਰਾਂ ’ਤੇ ਜੀ ਰਾਮ ਜੀ ’ਚ ਵੱਧ ਹਿੱਸਾ ਪਾਉਣ ਦਾ ਵੀ ਕਾਨੂੰਨ ਪਾਸ ਕਰ ਦਿੱਤਾ ਗਿਆ ਹੈ। ਸੂਬੇ ਦੀ ‘ਆਪ’ ਸਰਕਾਰ ਨੇ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾ ਕੇ ਸਰਬਸੰਮਤੀ ਨਾਲ ਜੀ ਰਾਮ ਜੀ ਕਾਨੂੰਨ ਖ਼ਿਲਾਫ਼ ਮਤਾ ਪਾਸ ਕੀਤਾ ਸੀ ਤੇ ਨਵੇਂ ਕਾਨੂੰਨ ਨੂੰ ਪੇਂਡੂ ਮਜ਼ਦੂਰਾਂ ਦੇ ਰੁਜ਼ਗਾਰ ਖ਼ਿਲਾਫ਼ ਸਾਜਿਸ਼ ਦੱਸਿਆ ਸੀ। ਹੁਣ ਪੰਜਾਬ ਸਰਕਾਰ ਨੇ ਪਹਿਲਾਂ ਦੇ ਸਟੈਂਡ ਤੋਂ ਪਿੱਛੇ ਹਟਦਿਆਂ ਵੀ. ਬੀ. ਜੀ. ਰਾਮ ਜੀ ਕਾਨੂੰਨ ਨੂੰ ਲਾਗੂ ਕਰਨ ਦਾ ਫੈਸਲਾ ਲੈ ਲਿਆ ਹੈ। ਕਾਮਰੇਡ ਥੰਮੂਵਾਲ ਨੇ ਕਿਹਾ ਕਿ ਪਹਿਲਾਂ ਹੀ ਕਰਜ਼ੇ ਹੇਠਾਂ ਦੱਬੀ ਹੋਈ ਸਰਕਾਰ ਫੰਡ ਨਾ ਹੋਣ ਕਾਰਨ ਆਪਣੇ ਹੱਥ ਪਿੱਛੇ ਖਿੱਚੇਗੀ, ਜਿਸ ਕਾਰਨ ਆਉਣ ਵਾਲੇ ਸਮੇਂ ’ਚ ਮਜ਼ਦੂਰਾਂ ਨੂੰ ਦਿਹਾੜੀ ਨਹੀਂ ਮਿਲੇਗੀ। ਨਵੇਂ ਕਾਨੂੰਨ ਤਹਿਤ ਖੇਤੀਬਾੜੀ ਦੇ ਸੀਜ਼ਨ ਦੌਰਾਨ ਦੋ ਮਹੀਨੇ ਕੰਮ ਬੰਦ ਕਰਨ ਦੀ ਸ਼ਰਤ ਹੈ। ਇਹ ਮਜ਼ਦੂਰਾਂ ਦੀ ਸੌਦੇਬਾਜ਼ੀ ਦੀ ਤਾਕਤ ਨੂੰ ਖ਼ਤਮ ਕਰਨ ਦੀ ਸੋਚੀ-ਸਮਝੀ ਸਾਜਿਸ਼ ਹੈ।