ਬਰਸਾਤਾਂ ਕਾਰਨ ਕਈ ਜਗ੍ਹਾ ਪਾਣੀ ਖੜ੍ਹਾ ਹੋਣ ਨਾਲ ਵਧਿਆ ਡੇਂਗੂ ਦਾ ਖ਼ਤਰਾ
ਅਜੀਤ ਡੈਸਕ
15-07-2026
ਸ਼ਹਿਰ ਵਿਚ ਤੁਰੰਤ ਕਰਵਾਈ ਜਾਵੇ ਫੌਗਿੰਗ-ਰਵੀਸ਼ ਰਾਜ
ਪੰਜਾਬ ਬ੍ਰਾਹਮਣ ਵਿਕਾਸ ਬੋਰਡ ਦੇ ਸਾਬਕਾ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਰਵੀਸ਼ ਰਾਜ ਸ਼ਰਮਾ ਨੇ ਜਲੰਧਰ ਨਗਰ ਨਿਗਮ ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕਦਿਆਂ ਕਿਹਾ ਕਿ ਮਾਨਸੂਨ ਦੇ ਬਾਵਜੂਦ ਸ਼ਹਿਰ ਵਿਚ ਅਜੇ ਤੱਕ ਵਿਆਪਕ ਪੱਧਰ ’ਤੇ ਫੌਗਿੰਗ ਮੁਹਿੰਮ ਸ਼ੁਰੂ ਨਹੀਂ ਕੀਤੀ ਗਈ। ਇਹ ਨਗਰ ਨਿਗਮ ਦੀ ਗੰਭੀਰ ਲਾਪਰਵਾਹੀ ਹੈ, ਜਿਸ ਕਾਰਨ ਡੇਂਗੂ ਅਤੇ ਮਲੇਰੀਆ ਵਰਗੀਆਂ ਜਾਨਲੇਵਾ ਬਿਮਾਰੀਆਂ ਦਾ ਖ਼ਤਰਾ ਲਗਾਤਾਰ ਵੱਧ ਰਿਹਾ ਹੈ। ਰਵੀਸ਼ ਰਾਜ ਨੇ ਕਿਹਾ ਕਿ ਬਰਸਾਤ ਦੇ ਮੌਸਮ ਦੌਰਾਨ ਥਾਂ-ਥਾਂ ਪਾਣੀ ਖੜ੍ਹਾ ਹੋਣ ਕਾਰਨ ਮੱਛਰਾਂ ਦੀ ਪੈਦਾਵਾਰ ਤੇਜ਼ੀ ਨਾਲ ਵਧਦੀ ਹੈ। ਇਸ ਦੇ ਬਾਵਜੂਦ ਨਗਰ ਨਿਗਮ ਵੱਲੋਂ ਨਾ ਤਾਂ ਨਿਯਮਿਤ ਫੌਗਿੰਗ ਕੀਤੀ ਜਾ ਰਹੀ ਹੈ ਅਤੇ ਨਾ ਹੀ ਪ੍ਰਭਾਵਿਤ ਇਲਾਕਿਆਂ ਵਿਚ ਕੋਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਉਨ੍ਹਾਂ ਸਵਾਲ ਕੀਤਾ ਕਿ ਕੀ ਨਗਰ ਨਿਗਮ ਡੇਂਗੂ ਅਤੇ ਮਲੇਰੀਆ ਦੇ ਮਰੀਜ਼ਾਂ ਦੀ ਗਿਣਤੀ ਵਧਣ ਦੀ ਉਡੀਕ ਕਰ ਰਿਹਾ ਹੈ।