ਜਲੰਧਰ, 21 ਜੁਲਾਈ (ਜਤਿੰਦਰ ਪੰਮੀ)–ਬਸਤੀ ਸ਼ੇਖ ਦੇ ਕੋਟ ਮੁਹੱਲੇ ’ਚ ਘਾਹ ਮੰਡੀ ਨੇੜੇ ਚੋਰਾਂ ਨੇ ਹਲਵਾਈ ਦੀ ਦੁਕਾਨ ਦੇ ਤਾਲੇ ਤੋੜ ਕੇ ਅੰਦਰੋਂ ਹਜ਼ਾਰਾਂ ਦੀ ਨਕਦੀ ਤੇ ਸਾਮਾਨ ਚੋਰੀ ਕਰ ਲਿਆ। ਸੂਚਨਾ ਮਿਲਣ ’ਤੇ ਥਾਣਾ ਪੰਜ ਦੀ ਪੁਲਿਸ ਨੇ ਮੌਕੇ ’ਤੇ ਪੁੱਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਕੁਮਾਰ ਸਵੀਟ ਸ਼ਾਪ ਦੇ ਮਾਲਕ ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਬੀਤੀ ਰਾਤ 10 ਵਜੇ ਦੇ ਕਰੀਬ ਦੁਕਾਨ ਬੰਦ ਕਰਕੇ ਗਏ ਸਨ। ਮੰਗਲਵਾਰ ਸਵੇਰੇ 7 ਵਜੇ ਦੇ ਕਰੀਬ ਜਦੋਂ ਉਨ੍ਹਾਂ ਦੀ ਦੁਕਾਨ ’ਤੇ ਕੰਮ ਕਰਨ ਵਾਲਾ ਮੁਲਾਜ਼ਮ ਦੁਕਾਨ ਖੋਲ੍ਹਣ ਲਈ ਪੁੱਜਾ ਤਾਂ ਦੇਖਿਆ ਕਿ ਦੁਕਾਨ ਦੇ ਤਾਲੇ ਟੁੱਟੇ ਪਏ ਸਨ। ਉਸ ਨੇ ਤੁਰੰਤ ਉਨ੍ਹਾਂ ਨੂੰ ਦੱਸਿਆ ਤਾਂ ਜਦੋਂ ਆ ਕੇ ਦੇਖਿਆ ਤਾਂ ਦੁਕਾਨ ਅੰਦਰ ਗੱਲ੍ਹੇ ਦੀਆਂ ਦਰਾਜਾਂ ਬਾਹਰ ਕੱਢ ਕੇ ਸੁੱਟੀਆਂ ਹੋਈਆਂ ਸਨ ਅਤੇ ਉਸ ਵਿੱਚ ਪਈ ਹਜ਼ਾਰਾਂ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਗਾਇਬ ਸੀ। ਰਾਜੇਸ਼ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਨੇ ਉਸ ਵੇਲੇ ਪੁਲਿਸ ਕੰਟਰੋਲ ਰੂਮ ’ਤੇ ਫੋਨ ਕਰਕੇ ਚੋਰੀ ਹੋਣ ਬਾਰੇ ਇਤਲਾਹ ਦਿੱਤੀ ਤਾਂ ਥਾਣਾ ਪੰਜ ਤੋਂ ਪੁਲਿਸ ਮੁਲਾਜ਼ਮ ਪੁੱਜੇ। ਮੌਕੇ ’ਤੇ ਪੁੱਜੇ ਏ. ਐੱਸ. ਆਈ. ਬਲਵਿੰਦਰ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਹਲਵਾਈ ਦੀ ਦੁਕਾਨ ਵਿੱਚ ਚੋਰੀ ਹੋਣ ਬਾਰੇ ਜਾਣਕਾਰੀ ਮਿਲੀ ਸੀ। ਉਨ੍ਹਾਂ ਕਿਹਾ ਕਿ ਦੁਕਾਨ ਦੇ ਆਸ-ਪਾਸ ਲੱਗੇ ਸੀ. ਸੀ. ਟੀ. ਵੀ ਕੈਮਰਿਆਂ ਦੀ ਫੁਟੇਜ ਦੇਖੀ ਜਾ ਰਹੀ ਹੈ ਤਾਂ ਚੋਰਾਂ ਬਾਰੇ ਪਤਾ ਲਾਇਆ ਜਾ ਸਕੇ। ਓਧਰ ਇਲਾਕੇ ਦੇ ਦੁਕਾਨਦਾਰਾਂ ਤੇ ਵਾਸੀਆਂ ਨੇ ਪੁਲਿਸ ਦੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਉਥੇ ਰਾਤ ਦੀ ਗਸ਼ਤ ਵਧਾਈ ਜਾਵੇ।