ਜਲੰਧਰ, 22 ਜੁਲਾਈ (ਜਤਿੰਦਰ ਪੰਮੀ)- ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਲੜੀ ਤਹਿਤ ਲੋਕਾਂ ਨੂੰ ਗੁਰੂ ਜੀ ਦੇ ਜੀਵਨ, ਵਿਚਾਰਾਂ ਤੇ ਸਿੱਖਿਆਵਾਂ ਤੋਂ ਜਾਣੂ ਕਰਵਾਉਣ ਲਈ ਵਿਸ਼ੇਸ਼ ਡਾਕੂਮੈਂਟਰੀ ਹੁਣ ਤੱਕ ਜ਼ਿਲ੍ਹੇ ਦੇ 81 ਪਿੰਡਾਂ ਵਿਚ ਦਿਖਾਈ ਜਾ ਚੁੱਕੀ ਹੈ। ਸਰਕਾਰੀ ਬੁਲਾਰੇ ਮੁਤਾਬਕ ਐੱਲ.ਈ.ਡੀ. ਸਕਰੀਨ ’ਤੇ ਦਿਖਾਈ ਜਾ ਰਹੀ ਕਰੀਬ 30 ਮਿੰਟ ਦੀ ਵਿਸ਼ੇਸ਼ ਡਾਕੂਮੈਂਟਰੀ ਫਿਲਮ ਵਿੱਚ ਗੁਰੂ ਰਵਿਦਾਸ ਜੀ ਦੇ ਜੀਵਨ ਦੇ ਮਹੱਤਵਪੂਰਣ ਪੱਖਾਂ, ਫਲਸਫੇ ਅਤੇ ਉਨ੍ਹਾਂ ਵੱਲੋਂ ਮਨੁੱਖਤਾ ਦੀ ਭਲਾਈ, ਆਪਸੀ ਭਾਈਚਾਰੇ, ਸੱਚ, ਕਿਰਤ, ਸਮਾਨਤਾ ਅਤੇ ਸਰਬ ਸਾਂਝੀਵਾਲਤਾ ਦੇ ਦਿੱਤੇ ਸੰਦੇਸ਼ ਬਾਰੇ ਬਹੁਤ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ ਹੈ। ਦਸਤਾਵੇਜ਼ੀ ਫ਼ਿਲਮ ਦੇਖਣ ਵਾਲੇ ਪਿੰਡਾਂ ਦੇ ਵਸਨੀਕਾਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਡਾਕੂਮੈਂਟਰੀ ਗੁਰੂ ਰਵਿਦਾਸ ਜੀ ਨੂੰ ਸੱਚੀ ਸ਼ਰਧਾਂਜਲੀ ਹੈ। ਅਜਿਹੇ ਉਪਰਾਲੇ ਸਮਾਜ ਵਿੱਚ ਆਪਸੀ ਸਦਭਾਵਨਾ ਨੂੰ ਹੋਰ ਮਜ਼ਬੂਤ ਕਰਨ ਸਮੇਤ ਨੌਜਵਾਨ ਪੀੜ੍ਹੀ ਨੂੰ ਆਪਣੇ ਮਹਾਨ ਗੁਰੂਆਂ ਦੇ ਜੀਵਨ ਅਤੇ ਆਦਰਸ਼ਾਂ ਤੋਂ ਜਾਣੂ ਕਰਵਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਣਗੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਦੀ ਇਸ ਪਹਿਲ ਤਹਿਤ ਜ਼ਿਲ੍ਹੇ ਵਿੱਚ 3 ਡਾਕੂਮੈਂਟਰੀ ਵੈਨਾਂ ਰਾਹੀਂ ਰੋਜ਼ਾਨਾਂ 6 ਪਿੰਡਾਂ ਵਿਚ ਇਹ ਵਿਸ਼ੇਸ਼ ਦਸਤਾਵੇਜ਼ੀ ਫਿਲਮ ਦਿਖਾਈ ਜਾ ਰਹੀ ਹੈ।