ਜਲੰਧਰ, 22 ਜੁਲਾਈ (ਜਤਿੰਦਰ)–ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸੰਗਲ ਸੋਹਲ ਇੰਡਸਟਰੀਅਲ ਏਰੀਆ ਦਾ ਦੌਰਾ ਕਰਕੇ ਉਥੋਂ ਦੇ ਉਦਯੋਗਪਤੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਦੌਰਾਨ ਉਨ੍ਹਾਂ ਨੇ ਉਦਯੋਗ ਜਗਤ ਦੇ ਨੁਮਾਇੰਦਿਆਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਉਦਯੋਗਾਂ ਦੇ ਵਿਕਾਸ ਅਤੇ ਵਪਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਉਦਯੋਗਪਤੀਆਂ ਦੀਆਂ ਜਾਇਜ਼ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਨਿਪਟਾਰਾ ਕੀਤਾ ਜਾਵੇਗਾ ਤਾਂ ਜੋ ਉਦਯੋਗਿਕ ਖੇਤਰ ਵਿੱਚ ਬਿਹਤਰ ਮਾਹੌਲ ਬਣਾਇਆ ਜਾ ਸਕੇ। ਮੀਟਿੰਗ ਦੌਰਾਨ ਉਦਯੋਗਪਤੀਆਂ ਨੇ ਸੜਕਾਂ, ਸੀਵਰੇਜ, ਸਟ੍ਰੀਟ ਲਾਈਟਾਂ, ਸਫ਼ਾਈ ਪ੍ਰਬੰਧ, ਪਾਣੀ ਦੀ ਨਿਕਾਸੀ, ਬਿਜਲੀ ਸਪਲਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਸੰਬੰਧਿਤ ਸਮੱਸਿਆਵਾਂ ਕੈਬਨਿਟ ਮੰਤਰੀ ਦੇ ਧਿਆਨ ਵਿੱਚ ਲਿਆਂਦੀਆਂ। ਮੋਹਿੰਦਰ ਭਗਤ ਨੇ ਸਾਰੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਸੁਣਦੇ ਹੋਏ ਸੰਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੁਰੰਤ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿੱਤਾ ਕਿ ਹਰ ਸਮੱਸਿਆ ਦਾ ਜਲਦ ਤੋਂ ਜਲਦ ਹੱਲ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਉਦਯੋਗਾਂ ਨੂੰ ਪ੍ਰੋਤਸਾਹਨ ਦੇਣ ਤੇ ਨਿਵੇਸ਼ ਲਈ ਅਨੁਕੂਲ ਮਾਹੌਲ ਤਿਆਰ ਕਰਨ ਵਾਸਤੇ ਲਗਾਤਾਰ ਕੰਮ ਕਰ ਰਹੀ ਹੈ। ਉਦਯੋਗਿਕ ਖੇਤਰਾਂ ਵਿੱਚ ਬੁਨਿਆਦੀ ਸਹੂਲਤਾਂ ਦਾ ਵਿਕਾਸ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ ਅਤੇ ਕਿਸੇ ਵੀ ਉਦਯੋਗਪਤੀ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ। ਇਸ ਮੌਕੇ ਉਦਯੋਗਪਤੀਆਂ ਨੇ ਕੈਬਿਨੇਟ ਮੰਤਰੀ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲੰਬਿਤ ਪਈਆਂ ਸਮੱਸਿਆਵਾਂ ਦਾ ਜਲਦੀ ਹੱਲ ਕੀਤਾ ਜਾਵੇਗਾ। ਇਸ ਮੌਕੇ ਵਿਪਨ ਮਹਾਜਨ, ਅਭੀ ਮਹਾਜਨ, ਮਨੀਸ਼ ਮਹਾਜਨ, ਅਭਿਸ਼ੇਕ ਮਹਾਜਨ, ਨਵਜੀਵਨ ਕੁਮਾਰ, ਕੁਣਾਲ ਕੁਮਾਰ, ਵਿਕੀ ਕਪੂਰ, ਅੰਕਿਤ ਕਪੂਰ, ਮਨਮੀਤ ਅਤੇ ਜਗਜੀਤ ਸਿੰਘ ਸਮੇਤ ਹੋਰ ਕਈ ਪ੍ਰਮੁੱਖ ਉਦਯੋਗਪਤੀ ਹਾਜ਼ਰ ਸਨ।