ਜਲੰਧਰ, 27 ਜੁਲਾਈ (ਪਵਨ ਖਰਬੰਦਾ)- ਹੇਮਕੁੰਟ ਪਬਲਿਕ ਸਕੂਲ ਵਿਖੇ ਵਿਦਿਆਰਥੀਆਂ ਦੇ ਆਮ ਗਿਆਨ ਅਤੇ ਬੌਧਿਕ ਵਿਕਾਸ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਗਿਆਨ ਦੀ ਪਰਖ ਰੋਮਾਂਚਕ ਜੀ.ਕੇ. ਪ੍ਰਸ਼ਨੋਤਰੀ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਜੂਨੀਅਰ ਵਿੰਗ (ਪੰਜਵੀਂ ਤੋਂ ਅੱਠਵੀਂ ਜਮਾਤ) ਅਤੇ ਸੀਨੀਅਰ ਵਿੰਗ (ਨੌਵੀਂ ਤੋਂ ਬਾਰਹਵੀਂ ਜਮਾਤ) ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਅਤੇ ਜੋਸ਼ ਨਾਲ ਭਾਗ ਲਿਆ। ਇਸ ਮੁਕਾਬਲੇ ਦੌਰਾਨ ਚੁਣੀਆਂ ਗਈਆਂ ਟੀਮਾਂ ਦੇ ਵਿਦਿਆਰਥੀਆਂ ਤੋਂ ਆਮ ਗਿਆਨ, ਵਿਗਿਆਨ, ਵਾਤਾਵਰਣ, ਇਤਿਹਾਸ, ਭੂਗੋਲ ਤੇ ਸਮਕਾਲੀ ਵਿਸ਼ਿਆਂ ਨਾਲ ਸੰਬੰਧਿਤ ਪ੍ਰਸ਼ਨ ਪੁੱਛੇ ਗਏ। ਵਿਦਿਆਰਥੀਆਂ ਨੇ ਆਪਣੀ ਸੂਝ-ਬੂਝ, ਤੁਰੰਤ ਸੋਚ ਅਤੇ ਸ਼ਾਨਦਾਰ ਗਿਆਨ ਦਾ ਪ੍ਰਦਰਸ਼ਨ ਕਰਦਿਆਂ ਜ਼ਿਆਦਾਤਰ ਪ੍ਰਸ਼ਨਾਂ ਦੇ ਸਹੀ ਉੱਤਰ ਦਿੱਤੇ। ਇਸ ਮੌਕੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਮੈਂਬਰ ਮੈਡਮ ਹਰਪ੍ਰੀਤ ਕੌਰ ਜੌਲੀ, ਗੁਰਪ੍ਰੀਤ ਕੌਰ ਜੌਲੀ ਅਤੇ ਰਮਨਜੀਤ ਕੌਰ ਜੌਲੀ, ਸਕੂਲ ਦੀ ਪ੍ਰਿੰਸੀਪਲ ਮੈਡਮ ਮਨਜੋਤ ਕੌਰ ਅਤੇ ਸਮੂਹ ਅਧਿਆਪਕ ਹਾਜ਼ਰ ਸਨ। ਮੁਕਾਬਲੇ ਦੇ ਨਤੀਜਿਆਂ ਅਨੁਸਾਰ ਸੀਨੀਅਰ ਵਿੰਗ ਵਿੱਚ ‘ਮਹਾਰਾਜਾ ਰਣਜੀਤ ਸਿੰਘ ਸਦਨ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜੂਨੀਅਰ ਵਿੰਗ ਵਿੱਚ ‘ਭਾਈ ਵੀਰ ਸਿੰਘ ਸਦਨ’ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਅੰਤ ਵਿਚ ਸਕੂਲ ਦੀ ਪ੍ਰਿੰਸੀਪਲ ਮਨਜੋਤ ਕੌਰ ਨੇ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਸਾਰੇ ਭਾਗੀਦਾਰਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਵੱਖ-ਵੱਖ ਵਿੱਦਿਅਕ ਤੇ ਸਹਿ-ਪਾਠਕ੍ਰਮ ਗਤੀਵਿਧੀਆਂ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਗਿਆਨ, ਆਤਮ-ਵਿਸ਼ਵਾਸ ਅਤੇ ਸਰਵਪੱਖੀ ਸ਼ਖ਼ਸੀਅਤ ਦੇ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।