ਜਲੰਧਰ, 31 ਜੁਲਾਈ (ਜਤਿੰਦਰ ਪੰਮੀ)–ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਪੁਲਿਸ ਅਧਿਕਾਰੀਆਂ ਨੂੰ ਸਖ਼ਤ ਨਿਰਦੇਸ਼ ਦਿੱਤੇ ਹਨ ਕਿ ਕਮਿਸ਼ਨਰੇਟ ਪੁਲਿਸ ਦੀ ਹਦੂਦ ਅੰਦਰ ਸੰਗਠਿਤ ਅਪਰਾਧ, ਨਸ਼ਾ ਤਸਕਰਾਂ ਤੇ ਹੋਰ ਗੈਰ-ਕਾਨੂੰਨੀ ਗਤੀਵਿਧੀਆਂ ਵਿੱਚ ਸ਼ਾਮਲ ਅਪਰਾਧੀਆਂ ਖ਼ਿਲਾਫ਼ ਹੋਰ ਸ਼ਿਕੰਜਾ ਕੱਸਿਆ ਜਾਵੇ। ਉਨ੍ਹਾਂ ਨੇ ਇਹ ਦਿਸ਼ਾ-ਨਿਰਦੇਸ਼ ਸ਼ੁੱਕਰਵਾਰ ਨੂੰ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਮਜ਼ਬੂਤ ਬਣਾਉਣ, ਅਪਰਾਧਕ ਗਤੀਵਿਧੀਆਂ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਾਉਣ ਅਤੇ ਆਵਾਜਾਈ ਨੂੰ ਹੋਰ ਸੁਚਾਰੂ ਬਣਾਉਣ ਦੇ ਮੰਤਵ ਨਾਲ ਪੁਲੀਸ ਲਾਈਨ ਵਿਖੇ ਜੀ. ਓਜ਼, ਐੱਸ. ਐੱਚ, ਓਜ਼, ਚੌਕੀ ਇੰਚਾਰਜਾਂ ਅਤੇ ਵੱਖ-ਵੱਖ ਯੂਨਿਟ ਇੰਚਾਰਜਾਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਕਰਦਿਆਂ ਕੀਤਾ। ਉਨ੍ਹਾਂ ਨੇ ਨਸ਼ਾ ਤਸਕਰੀ ਵਿਰੁੱਧ ਕਾਰਵਾਈਆਂ ਹੋਰ ਤੇਜ਼ ਕਰਨ, ਨਸ਼ਾ ਪ੍ਰਭਾਵਿਤ ਵਿਅਕਤੀਆਂ ਦੇ ਪੁਨਰਵਾਸ, ਬਕਾਇਆ ਕੇਸਾਂ ਤੇ ਦਰਖਾਸਤਾਂ ਦਾ ਸਮੇਂ ਸਿਰ ਨਿਪਟਾਰਾ, ਲੁੱਟ-ਖੋਹ ਅਤੇ ਹੋਰ ਅਪਰਾਧਕ ਵਾਰਦਾਤਾਂ ’ਤੇ ਰੋਕ ਲਾਉਣ ਅਤੇ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਬਣਾਈ ਰੱਖਣ ਬਾਰੇ ਵਿਸਥਾਰ ਵਿੱਚ ਵਿਚਾਰ-ਵਟਾਂਦਾਰ ਕੀਤਾ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਲੋੜੀਂਦੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਨੇ ਥਾਣਾ ਮੁਖੀਆਂ ਨੂੰ ਪੈਂਡਿੰਗ ਕੇਸਾਂ ਤੇ ਆਉਣ ਵਾਲੀਆਂ ਸ਼ਿਕਾਇਤਾਂ ਨਿਰਧਾਰਤ ਸਮੇਂ ਅੰਦਰ ਨਿਬੇੜਣਾ ਯਕੀਨੀ ਬਣਾਉਣ ਲਈ ਕਿਹਾ। ਇਸ ਦੇ ਨਾਲ ਹੀ ਅਪਰਾਧਕ ਗਤੀਵਿਧੀਆਂ ’ਤੇ ਤਿੱਖੀ ਨਜ਼ਰ ਰੱਖਣ ਲਈ ਆਖਿਆ। ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਸ਼ਹਿਰ ਅੰਦਰ ਦਿਨ ਤੇ ਰਾਤ ਵੇਲੇ ਦੀ ਪੈਟਰੋਲਿੰਗ ਹੋਰ ਪ੍ਰਭਾਵਸ਼ਾਲੀ ਬਣਾਉਣ ਤੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਪੁਲਿਸ ਦੀ ਮੌਜੂਦਗੀ ਤੇ ਚੌਕਸੀ ਵਧਾਉਣ ਲਈ ਵੀ ਆਖਿਆ। ਆਵਾਜਾਈ ਪ੍ਰਬੰਧਨ ਬਾਰੇ ਹਦਾਇਤਾਂ ਦਿੰਦਿਆਂ ਪੁਲਿਸ ਕਮਿਸ਼ਨਰ ਨੇ ਟ੍ਰੈਫਿਕ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ, ਨਸ਼ੇ ਦੀ ਹਾਲਤ ਵਿੱਚ ਵਾਹਨ ਚਲਾਉਣ, ਤੇਜ਼ ਰਫ਼ਤਾਰ ਤੇ ਲਾਪ੍ਰਵਾਹੀ ਨਾਲ ਡਰਾਈਵਿੰਗ ਕਰਨ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਕਿਹਾ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਆਪਣੀ ਡਿਊਟੀ ਇਮਾਨਦਾਰੀ, ਸਮਰਪਣ ਤੇ ਤਨਦੇਹੀ ਨਾਲ ਨਿਭਾਉਣ ਵਾਸਤੇ ਵੀ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਸ਼ਾਂਤੀ, ਨਾਗਰਿਕਾਂ ਦੀ ਸੁਰੱਖਿਆ ਅਤੇ ਮਜ਼ਬੂਤ ਕਾਨੂੰਨ ਵਿਵਸਥਾ ਬਣਾਈ ਰੱਖਣਾ ਪੁਲਿਸ ਵਿਭਾਗ ਦੀ ਸਰਵਉੱਚ ਤਰਜੀਹ ਹੈ। ਇਸ ਮੌਕੇ ਡੀ. ਸੀ. ਪੀ. (ਤਫਤੀਸ਼) ਮਨਪ੍ਰੀਤ ਸਿੰਘ, ਡੀ. ਸੀ. ਪੀ. (ਹੈੱਡਕੁਆਰਟਰ) ਪਰਮਿੰਦਰ ਸਿੰਘ ਹੀਰ, ਏ. ਡੀ. ਸੀ. ਪੀ. ਰਾਕੇਸ਼ ਯਾਦਵ, ਏ. ਡੀ. ਸੀ. ਪੀ. ਜੈਅੰਤ ਪੁਰੀ, ਏ. ਡੀ. ਸੀ. ਪੀ ਟ੍ਰੈਫਿਕ ਗੁਰਬਾਜ਼ ਸਿੰਘ ਅਤੇ ਹੋਰ ਅਧਿਕਾਰੀ ਮੌਜੂਦ ਸਨ।