ਸਪੋਰਟਸ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ
ਜਲੰਧਰ, 1 ਅਗਸਤ (ਡਾ. ਜਤਿੰਦਰ ਸਾਬੀ) ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੇ ਸ਼ੁਭ ਆਰੰਭ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ।
ਜਲੰਧਰ, 1 ਅਗਸਤ (ਡਾ. ਜਤਿੰਦਰ ਸਾਬੀ) ਸਰਕਾਰੀ ਆਰਟਸ ਅਤੇ ਸਪੋਰਟਸ ਕਾਲਜ ਵਿਖੇ ਨਵੇਂ ਵਿੱਦਿਅਕ ਸੈਸ਼ਨ 2026-27 ਦੇ ਸ਼ੁਭ ਆਰੰਭ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾਏ ਗਏ। ਇਸ ਧਾਰਮਿਕ ਸਮਾਗਮ ਦੌਰਾਨ ਕਾਲਜ ਦੇ ਸਮੂਹ ਅਧਿਆਪਕਾਂ, ਗੈਰ-ਅਧਿਆਪਨ ਸਟਾਫ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਨੇ ਸ਼ਰਧਾ ਅਤੇ ਸਤਿਕਾਰ ਨਾਲ ਹਾਜ਼ਰੀ ਭਰੀ। ਕਾਲਜ ਪ੍ਹੀਵਾਰ ਦੀ ਚੜ੍ਹਦੀ ਕਲਾ, ਵਿਦਿਆਰਥੀਆਂ ਦੀ ਅਕਾਦਮਿਕ, ਖੇਡ ਅਤੇ ਨੈਤਿਕ ਉੱਨਤੀ ਅਤੇ ਸੰਸਥਾ ਦੀ ਨਿਰੰਤਰ ਤਰੱਕੀ ਲਈ ਅਰਦਾਸ ਕੀਤੀ ਗਈ। ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਵੇਂ ਸੈਸ਼ਨ ਦੀ ਸ਼ੁਰੂਆਤ ਧਾਰਮਿਕ ਅਰਦਾਸ ਨਾਲ ਕੀਤੀ ਗਈ। ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਉਪਰੰਤ ਅਰਦਾਸ ਹੋਈ, ਜਦਕਿ ਕਾਲਜ ਦੇ ਵਿਦਿਆਰਥੀਆਂ ਵੱਲੋਂ ਗੁਰਬਾਣੀ ਦਾ ਰਸ-ਭਿੰਨਾ ਕੀਰਤਨ ਕਰਕੇ ਸਮਾਗਮ ਨੂੰ ਆਧਿਆਤਮਿਕ ਰੰਗ ਨਾਲ ਭਰਪੂਰ ਕਰ ਦਿੱਤਾ ਗਿਆ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਰਣਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਿੱਖਿਆ ਦਾ ਅਸਲ ਮਕਸਦ ਸਿਰਫ਼ ਕਿਤਾਬੀ ਗਿਆਨ ਪ੍ਰਾਪਤ ਕਰਨਾ ਨਹੀਂ, ਸਗੋਂ ਉੱਚੇ ਨੈਤਿਕ ਮੁੱਲਾਂ, ਅਨੁਸ਼ਾਸਨ, ਸੇਵਾ ਭਾਵਨਾ ਅਤੇ ਮਨੁੱਖਤਾ ਦੇ ਗੁਣਾਂ ਨੂੰ ਜੀਵਨ ਦਾ ਹਿੱਸਾ ਬਣਾਉਣਾ ਵੀ ਹੈ। ਉਨ੍ਹਾਂ ਕਿਹਾ ਕਿ ਧਾਰਮਿਕ ਅਤੇ ਨੈਤਿਕ ਕਦਰਾਂ-ਕੀਮਤਾਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਬੇਹੱਦ ਮਹੱਤਵਪੂਰਨ ਹਨ ਅਤੇ ਇਹੀ ਗੁਣ ਉਨ੍ਹਾਂ ਨੂੰ ਜੀਵਨ ਵਿੱਚ ਸਫ਼ਲਤਾ ਦੀਆਂ ਉੱਚਾਈਆਂ ਤੱਕ ਲੈ ਜਾਂਦੇ ਹਨ। ਡਾ. ਰਣਬੀਰ ਸਿੰਘ ਨੇ ਪਾਵਨ ਸਰੂਪ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਾਲਜ ਦੇ ਸਮੂਹ ਸਟਾਫ, ਵਿਦਿਆਰਥੀਆਂ ਅਤੇ ਸੰਸਥਾ ਦੀ ਤਰੱਕੀ, ਖੁਸ਼ਹਾਲੀ ਅਤੇ ਸੁਨਹਿਰੇ ਭਵਿੱਖ ਲਈ ਅਰਦਾਸ ਕਰਦਿਆਂ ਵਿਦਿਆਰਥੀਆਂ ਨੂੰ ਨਵੇਂ ਸੈਸ਼ਨ ਵਿੱਚ ਮਿਹਨਤ, ਇਮਾਨਦਾਰੀ ਅਤੇ ਅਨੁਸ਼ਾਸਨ ਨਾਲ ਪੜ੍ਹਾਈ ਅਤੇ ਖੇਡਾਂ ਦੇ ਖੇਤਰ ਵਿੱਚ ਨਵੀਆਂ ਪ੍ਰਾਪਤੀਆਂ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿੱਚ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ, ਜਿਸ ਵਿੱਚ ਸਮੂਹ ਸੰਗਤ ਨੇ ਸ਼ਰਧਾ ਨਾਲ ਪ੍ਰਸ਼ਾਦ ਛਕਿਆ।