ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਪਾਲ ਭਵਨ ਵੱਲ ਰੋਸ ਮਾਰਚ 15 ਨੂੰ- ਬਾਪੂ ਹਵਾਰਾ
ਸ਼ਾਹਕੋਟ, 7 ਅਗਸਤ (ਦਲਜੀਤ ਸਿੰਘ ਸਚਦੇਵਾ)- ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਲੋਂ 15 ਅਗਸਤ ਨੂੰ ਰਾਜਪਾਲ ਭਵਨ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ ਅਤੇ ਫਿਰੋਜ਼ਪੁਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਝੰਡਾ ਲਹਿਰਾਉਣ ਮੌਕੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਹਵਾਰਾ ਵਲੋਂ ਪਿੰਡ ਢੰਡੋਵਾਲ (ਸ਼ਾਹਕੋਟ) ਵਿਖੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।
ਸ਼ਾਹਕੋਟ, 7 ਅਗਸਤ (ਦਲਜੀਤ ਸਿੰਘ ਸਚਦੇਵਾ)- ਬੰਦੀ ਸਿੰਘਾਂ ਦੀ ਰਿਹਾਈ ਲਈ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਲੱਗੇ ਕੌਮੀ ਇਨਸਾਫ਼ ਮੋਰਚੇ ਵਲੋਂ 15 ਅਗਸਤ ਨੂੰ ਰਾਜਪਾਲ ਭਵਨ ਵੱਲ ਵਿਸ਼ਾਲ ਰੋਸ ਮਾਰਚ ਕੀਤਾ ਜਾਵੇਗਾ ਅਤੇ ਫਿਰੋਜ਼ਪੁਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਝੰਡਾ ਲਹਿਰਾਉਣ ਮੌਕੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਕੀਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਮੋਰਚੇ ਦੇ ਸਰਪ੍ਰਸਤ ਬਾਪੂ ਗੁਰਚਰਨ ਸਿੰਘ ਹਵਾਰਾ ਵਲੋਂ ਪਿੰਡ ਢੰਡੋਵਾਲ (ਸ਼ਾਹਕੋਟ) ਵਿਖੇ ਕਨਵੀਨਰ ਭਾਈ ਪਾਲ ਸਿੰਘ ਫਰਾਂਸ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਤਾਲਮੇਲ ਕਮੇਟੀ ਦੇ ਮੈਂਬਰ ਗੁਰਜੰਟ ਸਿੰਘ ਤੇ ਗੁਰਮੁਖ ਸਿੰਘ ਬਦੇਸ਼ਾ ਨੰਬਰਦਾਰ ਵੀ ਮੌਜੂਦ ਸਨ। ਬਾਪੂ ਗੁਰਚਰਨ ਸਿੰਘ ਤੇ ਭਾਈ ਪਾਲ ਸਿੰਘ ਫਰਾਂਸ ਨੇ ਦੱਸਿਆ ਕਿ ਪਿਛਲੇ 3 ਸਾਲ 7 ਮਹੀਨੇ ਤੋਂ ਬੰਦੀ ਸਿੰਘਾਂ ਦੀ ਰਿਹਾਈ ਤੇ ਹੋਰ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਦੀਆਂ ਬਰੂਹਾਂ ’ਤੇ ਧਰਨਾ ਪੂਰੀ ਤਰ੍ਹਾਂ ਸ਼ਾਂਤਮਈ ਤੇ ਅਨੁਸ਼ਾਸਨਬੱਧ ਤਰੀਕੇ ਨਾਲ ਜਾਰੀ ਹੈ। ਇਸ ਸਮੇਂ ਦੌਰਾਨ ਨਾ ਕਦੇ ਅਨੁਸ਼ਾਸਨ ਦੀ ਕੋਈ ਉਲੰਘਣਾ ਹੋਈ ਤੇ ਨਾ ਹੀ ਪ੍ਰਸ਼ਾਸਨ ਨਾਲ ਕੋਈ ਟਕਰਾਅ ਹੋਇਆ ਹੈ, ਪਰ ਇਸ ਦੇ ਬਾਵਜੂਦ ਸਰਕਾਰਾਂ ਤੇ ਨਿਆਂਪਾਲਿਕਾ ਵਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ 2019 ਵਿਚ ਨੋਟੀਫ਼ਿਕੇਸ਼ਨ ਜਾਰੀ ਕਰਨ ਦੇ ਬਾਵਜੂਦ ਵੀ ਆਪਣਾ ਵਾਅਦਾ ਨਹੀਂ ਨਿਭਾਇਆ ਗਿਆ। ਸਰਬੱਤ ਖਾਲਸਾ ਵਲੋਂ ਥਾਪੇ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਆਪਣੇ ਆਖਰੀ ਸਾਹਾਂ ’ਤੇ ਪੁੱਤਰ ਨੂੰ ਮਿਲਣ ਲਈ ਤਰਸ ਰਹੀ ਹੈ, ਪਰ ਸਰਕਾਰ ਮਨੁੱਖਤਾ ਦੇ ਅਧਾਰ ’ਤੇ ਵੀ ਭਾਈ ਹਵਾਰਾ ਨੂੰ ਪੈਰੋਲ ਦੇਣ ਲਈ ਤਿਆਰ ਨਹੀਂ ਹੋ ਰਹੀ। ਆਗੂਆਂ ਨੇ ਦੋਸ਼ ਲਾਇਆ ਕਿ ਸੰਗੀਨ ਅਪਰਾਧਾਂ ਦੇ ਦੋਸ਼ੀ ਰਾਮ ਰਹੀਮ ਤੇ ਹੋਰ ਕੈਦੀਆਂ ਨੂੰ ਤਾਂ ਸਰਕਾਰਾਂ ਤੁਰੰਤ ਪੈਰੋਲ ਦੇ ਦਿੰਦੀਆਂ ਹਨ, ਪਰ ਬੰਦੀ ਸਿੰਘਾਂ ਦੇ ਮਾਮਲੇ ਵਿਚ ਨਾ ਸਰਕਾਰ ਤੇ ਨਾ ਹੀ ਕਾਨੂੰਨ ਵਲੋਂ ਕੋਈ ਇਨਸਾਫ਼ ਦਿੱਤਾ ਜਾ ਰਿਹਾ ਹੈ। ਪੈਰੋਲ ਦੀ ਅਰਜ਼ੀ ’ਤੇ ਵੀ ਕੋਈ ਫੈਸਲਾ ਨਹੀਂ ਲਿਆ ਜਾ ਰਿਹਾ ਤੇ ਹਰ ਵਾਰ ਕੇਸ ਨੂੰ ਲਟਕਾ ਦਿੱਤਾ ਜਾਂਦਾ ਹੈ। ਬਾਪੂ ਗੁਰਚਰਨ ਸਿੰਘ ਤੇ ਭਾਈ ਪਾਲ ਸਿੰਘ ਫਰਾਂਸ ਨੇ ਕਿਹਾ ਕਿ ਸੰਵਿਧਾਨ ਦੀ ਧਾਰਾ 161 ਤਹਿਤ ਰਾਜਪਾਲ ਕੋਲ ਪੂਰਾ ਅਧਿਕਾਰ ਹੈ ਕਿ ਉਹ ਕਿਸੇ ਵੀ ਕੈਦੀ ਦੀ ਕੈਦ ਘੱਟ ਕਰ ਸਕਦੇ ਹਨ ਜਾਂ ਰਿਹਾਈ ਦੇ ਸਕਦੇ ਹਨ। ਇਸੇ ਤਰ੍ਹਾਂ ਮੁੱਖ ਮੰਤਰੀ ਤੇ ਪ੍ਰਸ਼ਾਸਨ ਚਾਹੁਣ ਤਾਂ ਕੁਝ ਹੀ ਸਮੇਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਾਰੀ ਕਾਰਵਾਈ ਮੁਕੰਮਲ ਹੋ ਸਕਦੀ ਹੈ। ਤਾਮਿਲਨਾਡੂ ਵਿਚ ਰਾਜੀਵ ਗਾਂਧੀ ਹੱਤਿਆਕਾਂਡ ਦੇ ਦੋਸ਼ੀਆਂ ਦੀ ਰਿਹਾਈ ਦੀ ਮਿਸਾਲ ਦਿੰਦਿਆਂ ਉਨ੍ਹਾਂ ਕਿਹਾ ਕਿ ਜਦੋਂ ਉੱਥੇ ਸਰਕਾਰਾਂ ਤੇ ਰਾਜਪਾਲ ਵਲੋਂ ਰਿਹਾਈ ਦੀ ਸਿਫਾਰਿਸ਼ ਕੀਤੀ ਜਾ ਸਕਦੀ ਹੈ, ਤਾਂ ਪੰਜਾਬ ਦੇ ਬੰਦੀ ਸਿੰਘਾਂ ਨਾਲ ਇਹ ਵਿਤਕਰਾ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਮੰਗ ਕੀਤੀ ਕਿ ਰਾਜਪਾਲ ਤੇ ਸਰਕਾਰ ਆਪਣੇ ਅਧਿਕਾਰਾਂ ਦਾ ਇਸਤੇਮਾਲ ਕਰਕੇ ਬੰਦੀ ਸਿੰਘਾਂ ਨੂੰ ਤੁਰੰਤ ਰਿਹਾਅ ਕਰੇ, ਤਾਂ ਜੋ ਸੰਗਤ ਵਿਚ ਫੈਲੀ ਨਿਰਾਸ਼ਾ ਖ਼ਤਮ ਹੋ ਸਕੇ। ਇਸ ਦੇ ਨਾਲ ਹੀ ਉਨ੍ਹਾਂ ਸਮੂਹ ਇਨਸਾਫ਼ ਪਸੰਦ ਲੋਕਾਂ ਨੂੰ 15 ਅਗਸਤ ਨੂੰ ਵੱਡੀ ਗਿਣਤੀ ’ਚ ਚੰਡੀਗੜ੍ਹ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਰੋਸ ਪ੍ਰਦਰਸ਼ਨ ਵਿਚ ਪਹੁੰਚਣ ਦੀ ਅਪੀਲ ਕੀਤੀ।