ਡੀ. ਸੀ. ਦਫ਼ਤਰ ਦੇ ਮਨਿਸਟੀਰੀਅਲ ਮੁਲਾਜ਼ਮਾਂ ਨੇ ਹੜਤਾਲ ਦੌਰਾਨ ਲਾਇਆ ਧਰਨਾ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
ਜਲੰਧਰ, 21 ਅਗਸਤ (ਜਤਿੰਦਰ ਪੰਮੀ)– ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਪਿਛਲੇ ਇਕ ਹਫ਼ਤੇ ਤੋਂ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ’ਤੇ ਚੱਲ ਰਹੇ ਡੀ. ਸੀ.
ਮ
ਮਨਿਸਟੀਰੀਅਲ ਮੁਲਾਜ਼ਮਾਂ ਦੀ ਹੜਤਾਲ ਦੌਰਾਨ ਡੀ. ਸੀ. ਦਫ਼ਤਰ ਅੰਦਰ ਧਰਨਾ ਲਾ ਕੇ ਪੰਜਾਬ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਮੁਲਾਜ਼ਮ। ਤਸਵੀਰ-ਮੁਨੀਸ਼
22-08-2026
ਜਲੰਧਰ, 21 ਅਗਸਤ (ਜਤਿੰਦਰ ਪੰਮੀ)– ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ ’ਤੇ ਪਿਛਲੇ ਇਕ ਹਫ਼ਤੇ ਤੋਂ ਕਲਮ ਛੋੜ/ਕੰਪਿਊਟਰ ਬੰਦ ਹੜਤਾਲ ’ਤੇ ਚੱਲ ਰਹੇ ਡੀ. ਸੀ. ਦਫ਼ਤਰ ਦੇ ਮਨਿਸਟੀਰੀਅਲ ਮੁਲਾਜ਼ਮਾਂ ਵਲੋਂ ਸ਼ੁੱਕਰਵਾਰ ਨੂੰ ਹੜਤਾਲ ਦੌਰਾਨ ਧਰਨਾ ਦਿੱਤਾ ਗਿਆ। ਮੁਲਾਜ਼ਮਾਂ ਨੇ ਧਰਨੇ ਦੌਰਾਨ ਪੰਜਾਬ ਸਰਕਾਰ ਤੇ ਵਿੱਤ ਮੰਤਰੀ ਖ਼ਿਲਾਫ਼ ਸਖ਼ਤ ਨਾਰਾਜ਼ਗੀ ਜ਼ਾਹਰ ਕਰਦਿਆਂ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਦੀਆਂ ਹੱਕੀ ਮੰਗਾਂ ਮੰਨੇ ਜਾਣ ਅਤੇ ਡੀ. ਏ. ਤੁਰੰਤ ਦੇਣ ਦੀ ਮੰਗ ਕੀਤੀ। ਇਸ ਧਰਨੇ ਦੀ ਅਗਵਾਈ ਪੀ. ਐੱਸ. ਐੱਮ. ਐੱਸ. ਯੂ. ਦੇ ਜ਼ਿਲ੍ਹਾ ਪ੍ਰਧਾਨ ਤੇ ਡੀ. ਸੀ. ਦਫ਼ਤਰ ਕਰਮਚਾਰੀ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਨੇ ਕੀਤੀ। ਇਸ ਮੌਕੇ ਮੁਲਾਜ਼ਮ ਸਾਥੀਆਂ ਨੂੰ ਸੰਬੋਧਨ ਕਰਦਿਆਂ ਤਜਿੰਦਰ ਸਿੰਘ ਨੰਗਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਸਮੂਹ ਮੁਲਾਜ਼ਮਾਂ ਨਾਲ ਕੀਤੇ ਗਏ ਆਪਣੇ ਸਾਰੇ ਵਾਅਦੇ ਵਿਸਾਰ ਦਿੱਤੇ ਹਨ। ਹੁਣ ਜਦੋਂ ਮੁਲਾਜ਼ਮ ਆਪਣੀਆਂ ਮੰਗਾਂ ਮੰਨਵਾਉਣ ਲਈ ਸੰਘਰਸ਼ ਦਾ ਰਾਹ ਅਖਤਿਆਰ ਕਰ ਰਹੇ ਹਨ ਤਾਂ ਸੂਬੇ ਦੇ ਵਿੱਤ ਮੰਤਰੀ ਉਨ੍ਹਾਂ ਨੂੰ ਐਂਟੀ ਸਟੇਟ ਕਹਿ ਰਹੇ ਹਨ। ਉਨ੍ਹਾਂ ਕਿਹਾ ਕਿ ਬੀਤੇ ਦਿਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ ਪਾਰਟੀ ਦੀ ਸਿਆਸੀ ਕਾਨਫਰੰਸ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਡੀ. ਏ. ਜਲਦ ਦੇਣ ਦੀ ਗੱਲ ਕੀਤੀ ਹੈ ਪਰ ਉਨ੍ਹਾਂ ਨੇ ਇਹ ਨਹੀਂ ਦੱਸਿਆ ਕਿ ਕਿਸ ਤਰੀਕ ਨੂੰ ਦਿੱਤਾ ਜਾਵੇਗਾ। ਇਸ ਤੋਂ ਸਪੱਸ਼ਟ ਹੁੰਦਾ ਹੈ ਕਿ ਪੰਜਾਬ ਦੀ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਵਿੱਤ ਮੰਤਰੀ ਲਾਰੇ-ਲਾਪੇ ਵਾਲੀ ਨੀਤੀ ਅਪਣਾ ਰਹੇ ਹਨ, ਜਿਸ ਕਾਰਨ ਮੁਲਾਜ਼ਮਾਂ ਨੂੰ ਹੁਣ ਉਨ੍ਹਾਂ ਦੀ ਕਿਸੇ ਵੀ ਗੱਲ ’ਤੇ ਭਰੋਸਾ ਨਹੀਂ ਰਿਹਾ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਡੀ. ਏ. ਨਾ ਦਿੱਤਾ ਤਾਂ ਪੰਜਾਬ ਦੇ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਵੱਡੇ ਪੱਧਰ ’ਤੇ ਸੰਘਰਸ਼ ਕਰਨਗੇ। ਇਸ ਮੌਕੇ ਡੀ. ਸੀ. ਦਫ਼ਤਰ ਦੀਆਂ ਵੱਖ-ਵੱਖ ਬ੍ਰਾਂਚਾਂ ਦੇ ਮਨਿਸਟੀਰੀਅਲ ਮੁਲਾਜ਼ਮ ਤੇ ਹੋਰ ਵਿਭਾਗਾਂ ਦੇ ਮੁਲਾਜ਼ਮ ਵੀ ਮੌਜੂਦ ਸਨ। ਪੰਜਾਬ ਬੰਦ ਕਾਰਨ ਸੁਵਿਧਾ ਕੇਂਦਰ ਰਿਹਾ ਬੰਦ- ਇਸੇ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਸੱਦੇ ’ਤੇ ਵੱਖ-ਵੱਖ ਸਿੱਖ ਜਥੇਬੰਦੀਆਂ ਵਲੋਂ ਪੰਜਾਬ ਬੰਦ ਕੀਤੇ ਜਾਣ ਕਾਰਨ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਅੰਦਰ ਸਥਿਤ ਸੁਵਿਧਾ ਕੇਂਦਰ ਪੂਰਨ ਤੌਰ ’ਤੇ ਬੰਦ ਰਿਹਾ। ਹਾਲਾਂਕਿ ਮੁਲਾਜ਼ਮਾਂ ਦੀ ਚੱਲ ਰਹੀ ਹੜਤਾਲ ਦੌਰਾਨ ਸੁਵਿਧਾ ਕੇਂਦਰ ਰੋਜ਼ਾਨਾ ਹੀ ਖੁੱਲ੍ਹਾ ਰਹਿੰਦਾ ਹੈ ਪਰ ਅੱਜ ਸਵੇਰੇ 7 ਵਜੇ ਤੋਂ ਦੁਪਹਿਰ 2 ਵਜੇ ਤੱਕ ਸ਼ਹਿਰ ਪੂਰਨ ਤੌਰ ’ਤੇ ਬੰਦ ਹੋਣ ਕਾਰਨ ਸੁਵਿਧਾ ਕੇਂਦਰ ਮੁਲਾਜ਼ਮਾਂ ਦੇ ਨਾ ਆਉਣ ਕਾਰਨ ਇਹ ਬੰਦ ਰਿਹਾ।