ਗੁਰੂ ਰਵਿਦਾਸ ਜੀ ਦੀ ਜੀਵਨ ਯਾਤਰਾ, ਅਧਿਆਤਮ ਅਤੇ ਮਹਾਨ ਉਪਦੇਸ਼ਾਂ ਨੂੰ ਸ਼ਾਨਦਾਰ ਡਰੋਨ ਸ਼ੋਅ ’ਚ ਕੀਤਾ ਪੇਸ਼
ਜਲੰਧਰ, 8 ਸਤੰਬਰ (ਐੱਮ. ਐੱਸ.
ਜਲੰਧਰ, 8 ਸਤੰਬਰ (ਐੱਮ. ਐੱਸ. ਲੋਹੀਆ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਸਮਾਗਮਾਂ ਦੀ ਲੜੀ ਤਹਿਤ ਮੰਗਲਵਾਰ ਨੂੰ ਸਥਾਨਕ ਲਾਇਲਪੁਰ ਖ਼ਾਲਸਾ ਕਾਲਜ ਵਿਖੇ ਗੁਰੂ ਜੀ ਦੇ ਜੀਵਨ, ਵਿਚਾਰਾਂ ਅਤੇ ਮਹਾਨ ਉਪਦੇਸ਼ਾਂ ’ਤੇ ਆਧਾਰਿਤ ਸ਼ਾਨਦਾਰ ਡ੍ਰੋਨ ਸ਼ੋਅ ਕਰਵਾਇਆ ਗਿਆ। ਇਸ ਦੌਰਾਨ 500 ਡਰੋਨਾਂ ਦੇ ਨਾਲ ਅਸਮਾਨ ’ਚ ਬਣਾਈਆਂ ਵੱਖ-ਵੱਖ ਆਕ੍ਰਿਤੀਆਂ ਰਾਹੀਂ ਗੁਰੂ ਰਵਿਦਾਸ ਜੀ ਦੇ ਜੀਵਨ ਅਤੇ ਫਲਸਫੇ ਬਾਰੇ ਪ੍ਰਭਾਵਸ਼ਾਲੀ ਢੰਗ ਨਾਲ ਦਰਸਾਇਆ ਗਿਆ। ਸ਼ੋਅ ’ਚ ਹਜ਼ਾਰਾਂ ਦੀ ਗਿਣਤੀ ’ਚ ਪੁੱਜੀ ਸੰਗਤ ਨੂੰ ਆਧੁਨਿਕ ਤਕਨੀਕ ਦੇ ਜ਼ਰੀਏ ਗੁਰੂ ਜੀ ਦੇ ਸਮਾਜਿਕ ਬਰਾਬਰੀ, ਦਇਆ, ਸਮਾਜਿਕ ਨਿਆਂ, ਹੱਥੀਂ ਕਿਰਤ ਅਤੇ ਵਿਸ਼ਵ ਭਾਈਚਾਰੇ ਦੇ ਸੰਦੇਸ਼ਾਂ ਤੋਂ ਜਾਣੂ ਕਰਵਾਇਆ ਗਿਆ। ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਵਲੋਂ ਕਰਵਾਏ ਗਏ ਇਸ ਅਲੌਕਿਕ ਡ੍ਰੋਨ ਸ਼ੋਅ ’ਚ ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਵਰਜੀਤ ਵਾਲੀਆ, ਐੱਸ.ਡੀ.ਐੱਮ. ਸ਼ੁਭੀ ਆਂਗਰਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਅੰਮ੍ਰਿਤਪਾਲ ਸਿੰਘ, ਚੇਅਰਮੈਨ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ ਲਿਮਟਿਡ ਮੰਗਲ ਸਿੰਘ ਬਾਸੀ, ਸੰਤ ਪ੍ਰਦੀਪ ਦਾਸ ਕਠਾਰ ਵਾਲੇ, ‘ਆਪ’ ਆਗੂ ਰਾਜਵਿੰਦਰ ਕੌਰ ਥਿਆੜਾ, ਡਿਪਟੀ ਮੇਅਰ ਮਲਕੀਤ ਸਿੰਘ, ਆਪ ਆਗੂ ਆਤਮ ਪ੍ਰਕਾਸ਼ ਸਿੰਘ ਵਲੋਂ ਸ਼ਿਰਕਤ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਰਵਾਏ ਜਾ ਰਹੇ ਇਹ ਡ੍ਰੋਨ ਸ਼ੋਅ ਗੁਰੂ ਰਵਿਦਾਸ ਜੀ ਨੂੰ ਢੁੱਕਵੀਂ ਸ਼ਰਧਾਂਜਲੀ ਅਤੇ ਉਨ੍ਹਾਂ ਦੇ ਮਹਾਨ ਵਿਚਾਰਾਂ ਨੂੰ ਨੌਜਵਾਨ ਪੀੜ੍ਹੀ ਤੱਕ ਪਹੁੰਚਾਉਣ ਦਾ ਵਿਲੱਖਣ ਉਪਰਾਲਾ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰਕਾਸ਼ ਪੁਰਬ ਨੂੰ ਪੂਰੀ ਸ਼ਰਧਾ ਨਾਲ ਮਨਾ ਰਹੀ ਹੈ। ਦੀਪਕ ਬਾਲੀ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਗੁਰੂ ਰਵਿਦਾਸ ਜੀ ਦੇ ਮਨੁੱਖਤਾ, ਸਮਾਨਤਾ ਅਤੇ ਭਾਈਚਾਰਕ ਸਾਂਝ ਦੇ ਸਦੀਵੀਂ ਸੁਨੇਹੇ ਨਾਲ ਜੋੜਨਾ ਸਮੇਂ ਦੀ ਮੁੱਖ ਲੋੜ ਹੈ। ਉਨ੍ਹਾਂ ਦੱਸਿਆ ਕਿ 9 ਸਤੰਬਰ ਨੂੰ ਸ਼ਾਹਕੋਟ, 10 ਸਤੰਬਰ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਰੰਧਾਵਾ ਮਸੰਦਾ ਅਤੇ 11 ਸਤੰਬਰ ਨੂੰ ਨਵੀਂ ਦਾਣਾ ਮੰਡੀ ਫਿਲੌਰ ਵਿਖੇ ਡ੍ਰੋਨ ਸ਼ੋਅ ਕਰਵਾਏ ਜਾਣਗੇ। ਸਮਾਗਮ ਦੌਰਾਨ ਪ੍ਰਸਿੱਧ ਰਾਗੀ ਭਾਈ ਜਸਬੀਰ ਸਿੰਘ (ਜਲੰਧਰ ਵਾਲਿਆਂ) ਦੇ ਜਥੇ ਵਲੋਂ ਹਾਜ਼ਰ ਸੰਗਤ ਨੂੰ ਸ਼ਬਦ ਕੀਰਤਨ ਅਤੇ ਗੁਰਬਾਣੀ ਨਾਲ ਜੋੜਿਆ।