ਪਹਿਲੇ ਪ੍ਰਕਾਸ਼ ਪੁਰਬ ਸੰਬੰਧੀ ਵਿਸ਼ਾਲ ਨਗਰ ਕੀਰਤਨ ਭਲਕੇ
ਜਲੰਧਰ, 10 ਸਤੰਬਰ (ਐੱਮ. ਐੱਸ.
ਜਲੰਧਰ, 10 ਸਤੰਬਰ (ਐੱਮ. ਐੱਸ. ਲੋਹੀਆ)-ਗੁਰਦੁਆਰਾ ਸ੍ਰੀ ਗੁਰੂ ਅਮਰਦਾਸ, ਡਿਫ਼ੈਂਸ ਕਾਲੋਨੀ-ਦਸਮੇਸ਼ ਨਗਰ, ਜਲੰਧਰ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 12 ਸਤੰਬਰ, ਦਿਨ ਸਨਿਚਰਵਾਰ ਸਵੇਰੇ 6.30 ਵਜੇ ਤੋਂ 9.30 ਵਜੇ ਤੱਕ ਹੋਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਸੁਖਵਿੰਦਰ ਸਿੰਘ ਮੁੱਧੜ ਅਤੇ ਸਕੱਤਰ ਜਸਬੀਰ ਸਿੰਘ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਆਰੰਭ ਹੋ ਕੇ ਡਿਫ਼ੈਂਸ ਕਾਲੋਨੀ ਅਤੇ ਦਸਮੇਸ਼ ਨਗਰ ਤੋਂ ਹੁੰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਨਗਰ ਕੀਰਤਨ ਦੇ ਰਸਤੇ ’ਚ ਗੁਰਮੁੱਖ ਪਰਿਵਾਰਾਂ ਵਲੋਂ ਸੰਗਤ ਦਾ ਸਵਾਗਤ ਕੀਤਾ ਜਾਵੇਗਾ ਅਤੇ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਜਾਣਗੇ ਅਤੇ ਨਗਰ ਸਮਾਪਤੀ ’ਤੇ ਗੁਰੂ ਕੇ ਲੰਗਰਾਂ ਦੀ ਸੇਵਾ ਬਾਬਾ ਬੁੱਢਾ ਜੀ ਸੇਵਕ ਦਲ, ਡਿਫ਼ੈਂਸ ਕਲੋਨੀ ਵਲੋਂ ਹੋਵੇਗੀ। ਪ੍ਰਬੰਧਕਾਂ ਨੇ ਜਾਣਕਾਰੀ ਦਿੱਤੀ ਕਿ ਇਸੇ ਸੰਬੰਧ ’ਚ 13 ਸਤੰਬਰ ਦਿਨ ਐਤਵਾਰ ਨੂੰ ਸਵੇਰੇ 5.15 ਵਜੇ ਤੋਂ ਦੁਪਹਿਰ 12 ਵਜੇ ਤੱਕ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ। ਸਮਾਗਮ ਦੌਰਾਨ ਸੰਗਤੀ ਰੂਪ ’ਚ ਨਿਤਨੇਮ ਪੰਜ ਬਾਣੀਆਂ, ਉਪਰੰਤ ਭਾਈ ਬਲਵਿੰਦਰ ਸਿੰਘ ਦੇ ਜਥੇ ਵਲੋਂ ਆਸਾ ਦੀ ਵਾਰ ਦਾ ਕੀਰਤਨ ਹੋਵੇਗਾ ਅਤੇ ਭਾਈ ਗੁਰਦਿੱਤ ਸਿੰਘ ਸੰਗਤ ਨੂੰ ਕਥਾ ਦੁਆਰਾ ਗੁਰ ਇਤਿਹਾਸ ਸਰਵਣ ਕਰਵਾਉਣਗੇ। ਉਪਰੰਤ ਅਖੰਡ ਪਾਠ ਦਾ ਭੋਗ ਪਾਇਆ ਜਾਵੇਗਾ। ਇਸਤਰੀ ਸਤਿਸੰਗ ਸਭਾ ਵਲੋਂ ਕੀਰਤਨ ਦੀ ਹਾਜ਼ਰੀ ਲਗਵਾਈ ਜਾਵੇਗੀ। ਗਿਆਨੀ ਬਲਜੀਤ ਸਿੰਘ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਣਗੇ, ਜਿਸ ਉਪਰੰਤ ਦੁਪਹਿਰ 11 ਤੋਂ 12 ਵਜੇ ਤੱਕ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਗੁਰਪ੍ਰੀਤ ਸਿੰਘ ਦੇ ਜਥੇ ਵਲੋਂ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ਜਾਵੇਗਾ। ਪ੍ਰਬੰਧਕਾਂ ਨੇ ਸਮੂਹ ਸੰਗਤ ਨੂੰ ਸਮਾਗਮਾਂ ’ਚ ਪਰਿਵਾਰਾਂ ਸਹਿਤ ਹਾਜ਼ਰੀ ਭਰਨ ਦੀ ਅਪੀਲ ਕੀਤੀ ਹੈ।