ਖੇਡਾਂ ਵਤਨ ਪੰਜਾਬ ਦੀਆਂ ਤਹਿਤ ਪਾਵਰ ਲਿਫ਼ਟਿੰਗ ਮੁਕਾਬਲੇ ਗੁਰਾਇਆ ਜਿੰਮ ਨਡਾਲਾ ਵਿਖੇ 30 ਨੂੰ-ਗੁਰਾਇਆ
ਨਡਾਲਾ, 25 ਸਤੰਬਰ (ਰਘਬਿੰਦਰ ਸਿੰਘ)-ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਖੇਡ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਤਹਿਤ ਪਾਵਰ ਲਿਫ਼ਟਿੰਗ ਦੇ ਮੁਕਾਬਲੇ 30 ਸਤੰਬਰ ਨੂੰ ਗੁਰਾਇਆ ਜਿੰਮ, ਨਡਾਲਾ ਵਿਖੇ ਕਰਵਾਏ ਜਾਣਗੇ | ਇਸ ਸਬੰਧੀ ਜਾਣਕਾਰੀ ਦਿੰਦਿਆਂ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਸੂਬਾ ਸਕੱਤਰ ਜਸਪ੍ਰੀਤ ਸਿੰਘ ਗੁਰਾਇਆ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਵੱਖ-ਵੱਖ ਉਮਰ ਵਰਗਾਂ ਦੇ ਲੜਕੇ ਅਤੇ ਲੜਕੀਆਂ ਭਾਗ ਲੈ ਸਕਣਗੇ | ਉਨ੍ਹਾਂ ਨੌਜਵਾਨਾਂ ਨੂੰ ਵੱਧ ਤੋਂ ਵੱਧ ਗਿਣਤੀ ਵਿਚ ਇਨ੍ਹਾਂ ਖੇਡ ਮੁਕਾਬਲਿਆਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁਲਿਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਨਾਲ ਨੌਜਵਾਨਾਂ ਨੂੰ ਆਪਣੀ ਖੇਡ ਪ੍ਰਤਿਭਾ ਦਿਖਾਉਣ ਦੇ ਮੌਕੇ ਮਿਲ ਰਹੇ ਹਨ | ਉਨ੍ਹਾਂ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਨਾਲ ਜੋੜਨ ਦੇ ਨਾਲ-ਨਾਲ ਨਸ਼ਿਆਂ ਤੋਂ ਦੂਰ ਰੱਖਣ ਵਿਚ ਵੀ ਅਹਿਮ ਭੂਮਿਕਾ ਨਿਭਾਉਂਦੀਆਂ ਹਨ |