ਜ਼ਿਲ੍ਹਾ ਦਿਹਾਤੀ ਪੁਲਿਸ ਵਲੋਂ ਨਸ਼ੇ ਦੀ ਵਿਕਰੀ ਪੱਖੋਂ ਸੰਵੇਦਨਸ਼ੀਲ 15 ਥਾਵਾਂ ’ਤੇ ਵਿਸ਼ੇਸ਼ ਕਾਸੋ ਆਪ੍ਰੇਸ਼ਨ
ਜਲੰਧਰ, 4 ਅਕਤੂਬਰ (ਜਤਿੰਦਰ ਪੰਮੀ)–ਜ਼ਿਲ੍ਹਾ ਦਿਹਾਤੀ ਪੁਲਿਸ ਵੱਲੋਂ ਅੱਜ ਜ਼ਿਲ੍ਹੇ ’ਚ ਨਸ਼ੇ ਦੀ ਵਿਕਰੀ ਪੱਖੋਂ ਸੰਵੇਦਨਸ਼ੀਲ ਥਾਵਾਂ ’ਤੇ ਕਾਸੋ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਐੱਸ.
ਜਲੰਧਰ, 4 ਅਕਤੂਬਰ (ਜਤਿੰਦਰ ਪੰਮੀ)–ਜ਼ਿਲ੍ਹਾ ਦਿਹਾਤੀ ਪੁਲਿਸ ਵੱਲੋਂ ਅੱਜ ਜ਼ਿਲ੍ਹੇ ’ਚ ਨਸ਼ੇ ਦੀ ਵਿਕਰੀ ਪੱਖੋਂ ਸੰਵੇਦਨਸ਼ੀਲ ਥਾਵਾਂ ’ਤੇ ਕਾਸੋ ਆਪਰੇਸ਼ਨ ਚਲਾਇਆ ਗਿਆ। ਇਸ ਦੌਰਾਨ ਐੱਸ.ਐੱਸ.ਪੀ. ਹਰਵਿੰਦਰ ਸਿੰਘ ਵਿਰਕ ਵੱਲੋਂ ਖੁਦ ਥਾਣਾ ਸਦਰ ਨਕੋਦਰ ਅਧੀਨ ਪੈਂਦੇ ਪਿੰਡ ਸ਼ੰਕਰ ਵਿਖੇ ਪਹੁੰਚ ਕੇ ਆਪਰੇਸ਼ਨ ਦੀ ਨਿਗਰਾਨੀ ਕੀਤੀ ਗਈ। ਇਸ ਮੌਕੇ ਵਿਨੀਤ ਆਹਲਾਵਤ ਐੱਸ.ਪੀ. (ਤਫਤੀਸ਼) ਵੀ ਮੌਜੂਦ ਸਨ। ਹੋਰ ਸਬ-ਡਵੀਜ਼ਨਾਂ ਵਿੱਚ ਵੀ ਸੰਬੰਧਤ ਡੀ. ਐੱਸ. ਪੀਜ਼ ਅਤੇ ਐੱਸ.ਐੱਚ.ਓਜ਼ ਦੀ ਨਿਗਰਾਨੀ ਹੇਠ ਲੋੜੀਂਦੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ। ਵਿਸ਼ੇਸ਼ ਮੁਹਿੰਮ ਤਹਿਤ ਦਿਹਾਤੀ ਜ਼ਿਲ੍ਹੇ ਦੇ ਸਾਰੇ 15 ਨਸ਼ੇ ਦੀ ਵਿਕਰੀ ਪੱਖੋਂ ਸੰਵੇਦਨਸ਼ੀਲ ਥਾਵਾਂ ਨੂੰ ਵਿਸ਼ੇਸ਼ ਤੌਰ ’ਤੇ ਕਵਰ ਕੀਤਾ ਗਿਆ। ਪੁਲਿਸ ਟੀਮਾਂ ਵੱਲੋਂ ਸ਼ੱਕੀ ਵਿਅਕਤੀਆਂ ਤੇ ਥਾਵਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਆਪਰੇਸ਼ਨ ਦੌਰਾਨ 10 ਗਜ਼ਟਿਡ ਅਫ਼ਸਰਾਂ ਅਤੇ 275 ਪੁਲਿਸ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਕੁੱਲ 31 ਐੱਫ.ਆਈ.ਆਰਜ਼ ਦਰਜ ਕੀਤੀਆਂ ਗਈਆਂ ਅਤੇ ਐੱਨ.ਡੀ.ਪੀ.ਐੱਸ. ਐਕਟ ਤਹਿਤ 40 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਆਪਰੇਸ਼ਨ ਦੌਰਾਨ 10 ਗ੍ਰਾਮ ਹੈਰੋਇਨ, 381 ਨਸ਼ੀਲੀਆਂ ਗੋਲੀਆਂ/ਟੈਬਲੇਟਾਂ/ਕੈਪਸੂਲ ਅਤੇ 47 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਇਸ ਤੋਂ ਇਲਾਵਾ 15 ਵਾਹਨ ਜ਼ਬਤ ਕੀਤੇ ਗਏ ਅਤੇ 1 ਭਗੌੜੇ ਨੂੰ ਗ੍ਰਿਫ਼ਤਾਰ ਕੀਤਾ ਗਿਆ। ਤਲਾਸ਼ੀ ਤੇ ਚੈਕਿੰਗ ਦੌਰਾਨ ਹੋਰ ਸਾਮਾਨ ਅਤੇ ਵੱਖ-ਵੱਖ ਕਿਸਮ ਦੀਆਂ ਬਰਾਮਦਗੀਆਂ ਵੀ ਕੀਤੀਆਂ ਗਈਆਂ। 14 ਵਿਅਕਤੀਆਂ ਵਿਰੁੱਧ ਧਾਰਾ 129 ਬੀ. ਐੱਨ. ਐੱਸ. ਤਹਿਤ ਰੋਕਥਾਮੀ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਗਈ। ਵਿਸ਼ੇਸ਼ ਮੁਹਿੰਮ ਦੌਰਾਨ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਵੀ ਪਛਾਣ ਕੀਤੀ ਗਈ। ਜਿਨ੍ਹਾਂ ਵਿਅਕਤੀਆਂ ਨੂੰ ਇਲਾਜ ਦੀ ਲੋੜ ਹੈ, ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਦਾਖ਼ਲ ਕਰਵਾਇਆ ਜਾ ਰਿਹਾ ਹੈ, ਜਦਕਿ ਨਸ਼ੇ ਦੀ ਸ਼ੁਰੂਆਤੀ ਅਵਸਥਾ ਵਿੱਚ ਮੌਜੂਦ ਤੇ ਤੁਰੰਤ ਦਾਖ਼ਲੇ ਦੀ ਲੋੜ ਨਾ ਰੱਖਣ ਵਾਲੇ ਵਿਅਕਤੀਆਂ ਦੀ ਕਾਊਂਸਲਿੰਗ ਕਰਕੇ ਉਨ੍ਹਾਂ ਨੂੰ ਢੁੱਕਵੇਂ ਇਲਾਜ ਅਤੇ ਪੁਨਰਵਾਸ ਲਈ ਰੈਫਰ ਕੀਤਾ ਜਾ ਰਿਹਾ ਹੈ। ਐੱਸ.ਐੱਸ.ਪੀ. ਵਿਰਕ ਨੇ ਦੱਸਿਆ ਕਿ ਨਸ਼ੇ ਦੀ ਵਿਕਰੀ ਵਾਲੀਆਂ ਸੰਵੇਦਨਸ਼ੀਲ ਥਾਵਾਂ ਨੂੰ ਨਸ਼ਾ ਮੁਕਤ ਬਣਾਉਣ ਲਈ ਸੱਤ ਦਿਨਾਂ ਦਾ ਵਿਸ਼ੇਸ਼ ਟੀਚਾ ਨਿਰਧਾਰਤ ਕੀਤਾ ਗਿਆ ਹੈ ਅਤੇ ਇਨ੍ਹਾਂ ਇਲਾਕਿਆਂ ਦੀ ਰੋਜ਼ਾਨਾ ਨਿਗਰਾਨੀ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਨਸ਼ਾ ਹੌਟਸਪੌਟਸ ਦੀ ਵਿਵਸਥਿਤ ਸੂਚੀ ਤਿਆਰ ਕਰਨ ਦੇ ਨਾਲ-ਨਾਲ ਨਸ਼ਾ ਕਰਨ ਵਾਲੇ ਵਿਅਕਤੀਆਂ ਦੀ ਪਛਾਣ ਕੀਤੀ ਜਾਵੇਗੀ। ਸਥਾਨਕ ਵਸਨੀਕਾਂ, ਪੁਲਿਸ ਦਾ ਸਹਿਯੋਗ ਕਰਨ ਵਾਲੇ ਨਾਗਰਿਕਾਂ ਅਤੇ ਹੋਰ ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਦੇ ਆਧਾਰ ’ਤੇ ਲੋੜੀਂਦੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਪ੍ਰਭਾਵਿਤ ਵਿਅਕਤੀਆਂ ਨੂੰ ਇਲਾਜ ਅਤੇ ਕਾਊਂਸਲਿੰਗ ਮੁਹੱਈਆ ਕਰਵਾਉਣ ਅਤੇ ਪੁਨਰਵਾਸ ਰਾਹੀਂ ਉਨ੍ਹਾਂ ਨੂੰ ਮੁੜ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਹਰ ਸੰਭਵ ਉਪਰਾਲਾ ਕੀਤਾ ਜਾਵੇਗਾ।ਨਸ਼ਿਆਂ ਦੀ ਮੰਗ ਨੂੰ ਘਟਾਉਣ ਲਈ ਚਿੰਨ੍ਹਿਤ ਇਲਾਕਿਆਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਪ੍ਰੋਗਰਾਮ ਵੀ ਕਰਵਾਏ ਜਾਣਗੇ। ਸਕੂਲਾਂ ਵਿੱਚ ਜਾਗਰੂਕਤਾ ਸੈਮੀਨਾਰ, ਪਿੰਡਾਂ ਦੇ ਸਾਂਝੇ ਸਥਾਨਾਂ ’ਤੇ ਜਾਗਰੂਕਤਾ ਗਤੀਵਿਧੀਆਂ, ਨੁੱਕੜ ਨਾਟਕ ਅਤੇ ਵਰਕਸ਼ਾਪਾਂ ਕਰਵਾਈਆਂ ਜਾਣਗੀਆਂ, ਤਾਂ ਜੋ ਆਮ ਲੋਕਾਂ, ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਨਫੋਰਸਮੈਂਟ ਦੇ ਹਿੱਸੇ ਵਜੋਂ ਖੁਫੀਆ ਜਾਣਕਾਰੀ ਇਕੱਠੀ ਕੀਤੀ ਜਾਵੇਗੀ ਅਤੇ ਨਸ਼ਿਆਂ ਦੀ ਵਿਕਰੀ ਅਤੇ ਸਪਲਾਈ ਵਿੱਚ ਸ਼ਾਮਲ ਵਿਅਕਤੀਆਂ ਵਿਰੁੱਧ ਵਿਸ਼ੇਸ਼ ਆਪਰੇਸ਼ਨ ਕੀਤੇ ਜਾਣਗੇ। ਨਸ਼ਿਆਂ ਦੀ ਸਪਲਾਈ ਵਿੱਚ ਸ਼ਾਮਿਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਅਜਿਹੇ ਵਿਅਕਤੀਆਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।