ਦੀਵਾਲੀ ਦੇ ਤਿਉਹਾਰ ਮੌਕੇ ਸ਼ਹਿਰ ਦੀਆਂ ਸੜਕਾਂ ’ਤੇ ਲੱਗੇ ਜਾਮ, ਲੋਕ ਹੋਏ ਖੱਜਲ-ਖੁਆਰ
ਤਿਉਹਾਰ ਦੀ ਖਰੀਦਦਾਰੀ ਲਈ ਬਾਜ਼ਾਰਾਂ ਵੱਲ ਉਮੜੀ ਲੋਕਾਂ ਦੀ ਭੀੜ, ਸੜਕਾਂ ’ਤੇ ਵਾਹਨਾਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ ਜਲੰਧਰ, 6 ਨਵੰਬਰ (ਮੋਹਿਤ ਸਿੰਘ)- ਰਾਮਾ ਮੰਡੀ ਚੌਕ ਤੋਂ ਲੰਮਾ ਪਿੰਡ ਚੌਕ ’ਤੇ ਖਰੀਦਦਾਰੀ ਨੂੰ ਲੈ ਕੇ ਲੋਕਾਂ ਦੀ ਭੀੜ ਵਧਣੀ ਸ਼ੁਰੂ ਹੋ ਗਈ ਹੈ। ਤਿਉਹਾਰ ਦੀਆਂ ਤਿਆਰੀਆਂ ਲਈ ਲੋਕ ਵੱਡੀ ਗਿਣਤੀ ’ਚ ਬਾਜ਼ਾਰਾਂ ਤੇ ਵੱਖ-ਵੱਖ ਦੁਕਾਨਾਂ ਵੱਲ ਰੁਖ਼ ਕਰ ਰਹੇ ਹਨ, ਜਿਸ ਕਾਰਨ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਆਵਾਜਾਈ ਦਾ ਦਬਾਅ ਕਾਫ਼ੀ ਵਧ ਗਿਆ ਹੈ।
ਦੀਵਾਲੀ ਦੇ ਤਿਉਹਾਰ ਮੌਕੇ ਸੜਕਾਂ ’ਤੇ ਲੱਗੇ ਜਾਮ ਦਾ ਦ੍ਰਿਸ਼।
07-11-2026
ਜਲੰਧਰ, 6 ਨਵੰਬਰ (ਮੋਹਿਤ ਸਿੰਘ)- ਰਾਮਾ ਮੰਡੀ ਚੌਕ ਤੋਂ ਲੰਮਾ ਪਿੰਡ ਚੌਕ ’ਤੇ ਖਰੀਦਦਾਰੀ ਨੂੰ ਲੈ ਕੇ ਲੋਕਾਂ ਦੀ ਭੀੜ ਵਧਣੀ ਸ਼ੁਰੂ ਹੋ ਗਈ ਹੈ। ਤਿਉਹਾਰ ਦੀਆਂ ਤਿਆਰੀਆਂ ਲਈ ਲੋਕ ਵੱਡੀ ਗਿਣਤੀ ’ਚ ਬਾਜ਼ਾਰਾਂ ਤੇ ਵੱਖ-ਵੱਖ ਦੁਕਾਨਾਂ ਵੱਲ ਰੁਖ਼ ਕਰ ਰਹੇ ਹਨ, ਜਿਸ ਕਾਰਨ ਸ਼ਹਿਰ ਦੀਆਂ ਮੁੱਖ ਸੜਕਾਂ ’ਤੇ ਆਵਾਜਾਈ ਦਾ ਦਬਾਅ ਕਾਫ਼ੀ ਵਧ ਗਿਆ ਹੈ। ਇਸ ਦਾ ਅਸਰ ਸ਼ਹਿਰ ਦੀਆਂ ਸੜਕਾਂ ’ਤੇ ਸਾਫ਼ ਦੇਖਣ ਨੂੰ ਮਿਲ ਰਿਹਾ ਹੈ, ਜਿੱਥੇ ਵਾਹਨਾਂ ਦੀਆਂ ਲੰਬੀਆਂ-ਲੰਬੀਆਂ ਕਤਾਰਾਂ ਲੱਗਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਦੀਵਾਲੀ ਦੇ ਤਿਉਹਾਰ ਨੂੰ ਲੈ ਕੇ ਬਾਜ਼ਾਰਾਂ ’ਚ ਰੌਣਕ ਵਧਣ ਦੇ ਨਾਲ-ਨਾਲ ਸੜਕਾਂ ’ਤੇ ਵਾਹਨਾਂ ਦੀ ਗਿਣਤੀ ਵੀ ਲਗਾਤਾਰ ਵਧ ਰਹੀ ਹੈ। ਸ਼ਾਮ ਸਮੇਂ ਦਫ਼ਤਰਾਂ ਤੇ ਹੋਰ ਕੰਮਕਾਜੀ ਅਦਾਰਿਆਂ ਤੋਂ ਛੁੱਟੀ ਹੋਣ ਉਪਰੰਤ ਜਦੋਂ ਲੋਕ ਆਪਣੇ ਘਰਾਂ ਵੱਲ ਜਾਂਦੇ ਹਨ, ਤਾਂ ਪਹਿਲਾਂ ਹੀ ਵਧੇ ਹੋਏ ਆਵਾਜਾਈ ਦੇ ਦਬਾਅ ਕਾਰਨ ਜਾਮ ਦੀ ਸਥਿਤੀ ਹੋਰ ਗੰਭੀਰ ਹੋ ਜਾਂਦੀ ਹੈ। ਤਸਵੀਰਾਂ ’ਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਸੜਕਾਂ ’ਤੇ ਕਾਰਾਂ, ਮੋਟਰਸਾਈਕਲਾਂ, ਆਟੋ ਰਿਕਸ਼ਿਆਂ ਤੇ ਭਾਰੀ ਵਾਹਨਾਂ ਦੀਆਂ ਲੰਬੀਆਂ ਕਤਾਰਾਂ ਲੱਗੀਆਂ ਹੋਈਆਂ ਹਨ। ਕਈ ਵਾਹਨ ਚਾਲਕਾਂ ਨੂੰ ਕਾਫ਼ੀ ਸਮੇਂ ਤੱਕ ਇੱਕੋ ਥਾਂ ’ਤੇ ਖੜ੍ਹੇ ਰਹਿਣਾ ਪੈ ਰਿਹਾ ਹੈ। ਇਸ ਜਾਮ ਦਾ ਸਭ ਤੋਂ ਵੱਧ ਅਸਰ ਰੋਜ਼ਾਨਾ ਕੰਮਕਾਜ ਲਈ ਘਰੋਂ ਨਿਕਲਣ ਵਾਲੇ ਲੋਕਾਂ, ਨੌਕਰੀਪੇਸ਼ਾ ਵਿਅਕਤੀਆਂ, ਵਿਦਿਆਰਥੀਆਂ ਅਤੇ ਹੋਰ ਰਾਹਗੀਰਾਂ ’ਤੇ ਪੈ ਰਿਹਾ ਹੈ। ਕਈ ਲੋਕਾਂ ਨੂੰ ਆਪਣੀ ਮੰਜ਼ਿਲ ਤੱਕ ਪਹੁੰਚਣ ਲਈ ਆਮ ਨਾਲੋਂ ਕਈ ਗੁਣਾ ਵੱਧ ਸਮਾਂ ਲੱਗ ਰਿਹਾ ਹੈ। ਦੂਜੇ ਪਾਸੇ ਭਾਰੀ ਵਾਹਨਾਂ ਦੀ ਆਵਾਜਾਈ ਕਾਰਨ ਸੜਕਾਂ ’ਤੇ ਵਾਹਨਾਂ ਦੀ ਰਫ਼ਤਾਰ ਵੀ ਕਾਫ਼ੀ ਹੌਲੀ ਹੋ ਜਾਂਦੀ ਹੈ। ਜਿੱਥੇ ਇੱਕ ਪਾਸੇ ਲੋਕ ਦੀਵਾਲੀ ਦੀਆਂ ਖੁਸ਼ੀਆਂ ਮਨਾਉਣ ਲਈ ਖਰੀਦਦਾਰੀ ਕਰਨ ਵਿੱਚ ਰੁੱਝੇ ਹੋਏ ਹਨ, ਉੱਥੇ ਹੀ ਦੂਜੇ ਪਾਸੇ ਸੜਕਾਂ ’ਤੇ ਲੱਗੇ ਜਾਮ ਕਾਰਨ ਉਨ੍ਹਾਂ ਦੀਆਂ ਮੁਸ਼ਕਲਾਂ ਵਧ ਰਹੀਆਂ ਹਨ। ਸ਼ਹਿਰ ਵਾਸੀਆਂ ਦਾ ਕਹਿਣਾ ਹੈ ਕਿ ਹਰ ਸਾਲ ਤਿਉਹਾਰਾਂ ਦੇ ਦਿਨਾਂ ਦੌਰਾਨ ਆਵਾਜਾਈ ਦੀ ਸਮੱਸਿਆ ਗੰਭੀਰ ਰੂਪ ਧਾਰਨ ਕਰ ਲੈਂਦੀ ਹੈ, ਪਰ ਇਸ ਦੇ ਬਾਵਜੂਦ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਢੁੱਕਵੇਂ ਪ੍ਰਬੰਧਾਂ ਦੀ ਲੋੜ ਮਹਿਸੂਸ ਹੁੰਦੀ ਹੈ। ਖ਼ਾਸ ਕਰਕੇ ਸ਼ਾਮ ਦੇ ਸਮੇਂ ਮੁੱਖ ਸੜਕਾਂ ’ਤੇ ਟ੍ਰੈਫਿਕ ਪੁਲਿਸ ਦੀ ਵਧੇਰੇ ਤਾਇਨਾਤੀ ਹੋਣੀ ਚਾਹੀਦੀ ਹੈ, ਤਾਂ ਜੋ ਵਾਹਨਾਂ ਦੀ ਆਵਾਜਾਈ ਨੂੰ ਸਹੀ ਢੰਗ ਨਾਲ ਚਲਾਇਆ ਜਾ ਸਕੇ। ਸ਼ਹਿਰ ਵਾਸੀਆਂ ਨੇ ਟ੍ਰੈਫਿਕ ਪੁਲਿਸ ਅਤੇ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਦੀਵਾਲੀ ਦੇ ਤਿਉਹਾਰ ਨੂੰ ਧਿਆਨ ’ਚ ਰੱਖਦਿਆਂ ਵਿਸ਼ੇਸ਼ ਟ੍ਰੈਫਿਕ ਯੋਜਨਾ ਤਿਆਰ ਕੀਤੀ ਜਾਵੇ। ਬਾਜ਼ਾਰਾਂ ਦੇ ਆਲੇ-ਦੁਆਲੇ ਗ਼ੈਰ-ਕਾਨੂੰਨੀ ਪਾਰਕਿੰਗ ’ਤੇ ਰੋਕ ਲਗਾਈ ਜਾਵੇ ਤੇ ਜਾਮ ਵਾਲੇ ਸਥਾਨਾਂ ’ਤੇ ਮੁਲਾਜ਼ਮਾਂ ਦੀ ਡਿਊਟੀ ਲਗਾਈ ਜਾਵੇ। ਇਸ ਦੇ ਨਾਲ ਹੀ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਸੜਕਾਂ ’ਤੇ ਬੇਤਰਤੀਬੇ ਢੰਗ ਨਾਲ ਖੜ੍ਹੇ ਨਾ ਕਰਨ ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ, ਤਾਂ ਜੋ ਤਿਉਹਾਰਾਂ ਦੇ ਇਸ ਖੁਸ਼ੀ ਭਰੇ ਮੌਕੇ ’ਤੇ ਆਮ ਲੋਕਾਂ ਨੂੰ ਬੇਲੋੜੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।