ਐੱਨ. ਆਈ. ਐਕਟ ਦੇ ਕੇਸਾਂ ਲਈ ਵਿਸ਼ੇਸ਼ ਲੋਕ ਅਦਾਲਤ ’ਚ 284 ਕੇਸਾਂ ਦਾ ਨਿਪਟਾਰਾ
ਜਲੰਧਰ, 21 ਨਵੰਬਰ (ਜਤਿੰਦਰ ਪੰਮੀ)–ਜ਼ਿਲ੍ਹਾ ਹੈੱਡਕੁਆਰਟਰ, ਨਕੋਦਰ ਤੇ ਫਿਲੌਰ ਵਿਖੇ ਅੱਜ ਨੈਗੋਸ਼ੀਏਬਲ ਇੰਸਟਰੂਮੈਂਟਸ (ਐੱਨ. ਆਈ.)
ਜਲੰਧਰ, 21 ਨਵੰਬਰ (ਜਤਿੰਦਰ ਪੰਮੀ)–ਜ਼ਿਲ੍ਹਾ ਹੈੱਡਕੁਆਰਟਰ, ਨਕੋਦਰ ਤੇ ਫਿਲੌਰ ਵਿਖੇ ਅੱਜ ਨੈਗੋਸ਼ੀਏਬਲ ਇੰਸਟਰੂਮੈਂਟਸ (ਐੱਨ. ਆਈ.) ਐਕਟ ਦੀ ਧਾਰਾ 138 ਅਧੀਨ ਲੰਬਿਤ ਕੇਸਾਂ ਅਤੇ ਅਪੀਲਾਂ ਦੇ ਆਪਸੀ ਸਹਿਮਤੀ ਨਾਲ ਨਿਪਟਾਰੇ ਲਈ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ ਦੀ ਅਗਵਾਈ ਹੇਠ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ। ਗਠਿਤ ਕੀਤੇ ਗਏ ਬੈਂਚਾਂ ਵਿੱਚ ਕੁੱਲ 1,530 ਕੇਸ ਸੁਣਵਾਈ ਲਈ ਰੱਖੇ ਗਏ, ਜਿਨ੍ਹਾਂ ਵਿੱਚ 8,16,60,429 ਰੁਪਏ ਦੀ ਰਾਸ਼ੀ ਸ਼ਾਮਲ ਸੀ। ਇਨ੍ਹਾਂ ਵਿੱਚੋਂ 284 ਕੇਸਾਂ ਦਾ ਆਪਸੀ ਸਮਝੌਤੇ ਰਾਹੀਂ ਸੁਖਾਵੇਂ ਮਾਹੌਲ ਵਿੱਚ ਨਿਪਟਾਰਾ ਕੀਤਾ ਗਿਆ, ਜਿਸ ਤਹਿਤ ਕੁੱਲ 5,74,89,338 ਰੁਪਏ ਦੀ ਰਾਸ਼ੀ ਦੇ ਸਮਝੌਤੇ ਹੋਏ ਅਤੇ ਮੁਕੱਦਮੇਬਾਜ਼ਾਂ ਨੂੰ ਤੇਜ਼ ਤੇ ਸਸਤਾ ਨਿਆਂ ਪ੍ਰਦਾਨ ਕੀਤਾ ਗਿਆ। ਅੱਜ ਦੀ ਕਾਰਵਾਈ ਦੌਰਾਨ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪ੍ਰਿਆ ਸੂਦ ਅਤੇ ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਹੁਲ ਕੁਮਾਰ ਵੱਲੋਂ ਪ੍ਰੀਜ਼ਾਈਡਿੰਗ ਅਫ਼ਸਰਾਂ ਅਤੇ ਬੈਂਚ ਮੈਂਬਰਾਂ ਦੇ ਸਹਿਯੋਗ ਨਾਲ ਕੀਤੇ ਗਏ ਸਾਂਝੇ ਯਤਨਾਂ ਨੇ ਲੋਕ ਅਦਾਲਤ ਦੇ ਸੁਚਾਰੂ ਸੰਚਾਲਨ ਅਤੇ ਝਗੜਿਆਂ ਦੇ ਆਪਸੀ ਨਿਪਟਾਰੇ ਵਿੱਚ ਅਹਿਮ ਯੋਗਦਾਨ ਪਾਇਆ। ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਨੇ ਕਿਹਾ ਕਿ ਲੋਕ ਅਦਾਲਤਾਂ ਲੰਬੀ ਮੁਕੱਦਮੇਬਾਜ਼ੀ ਤੋਂ ਬਿਨਾਂ ਆਪਸੀ ਸਹਿਮਤੀ ਨਾਲ ਝਗੜਿਆਂ ਨੂੰ ਸੁਲਝਾਉਣ ਲਈ ਇੱਕ ਪ੍ਰਭਾਵਸ਼ਾਲੀ ਮੰਚ ਹਨ, ਜਿਸ ਨਾਲ ਸਾਰੀਆਂ ਸਬੰਧਤ ਧਿਰਾਂ ਦੇ ਸਮੇਂ, ਪੈਸੇ ਅਤੇ ਊਰਜਾ ਦੀ ਬੱਚਤ ਹੁੰਦੀ ਹੈ। ਉਨ੍ਹਾਂ ਆਮ ਜਨਤਾ ਅਤੇ ਮੁਕੱਦਮੇਬਾਜ਼ਾਂ ਨੂੰ 12 ਦਸੰਬਰ ਨੂੰ ਲੱਗਣ ਵਾਲੀ ਆਗਾਮੀ ਨੈਸ਼ਨਲ ਲੋਕ ਅਦਾਲਤ ਬਾਰੇ ਵੀ ਜਾਣਕਾਰੀ ਦਿੱਤੀ।