ਲੰਮਾ ਪਿੰਡ ਚੌਕ ਵਿਖੇ ਸਰਫੇਸ ਵਾਟਰ ਪਾਈਪਾਂ ਪਾਉਣ ਦਾ ਕੰਮ ਸ਼ੁਰੂ
ਜਲੰਧਰ, 28 ਨਵੰਬਰ (ਮੋਹਿਤ ਸਿੰਘ)-ਲੰਮਾ ਪਿੰਡ ਚੌਕ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਸਰਫੇਸ ਵਾਟਰ ਪਾਈਪਾਂ ਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਬਰਸਾਤ ਦੇ ਦਿਨਾਂ ਦੌਰਾਨ ਸੜਕਾਂ ’ਤੇ ਪਾਣੀ ਭਰਨ ਦੀ ਸਮੱਸਿਆ ਤੋਂ ਰਾਹਤ ਮਿਲਣ ਦੀ ਉਮੀਦ ਹੈ।
ਜਲੰਧਰ, 28 ਨਵੰਬਰ (ਮੋਹਿਤ ਸਿੰਘ)-ਲੰਮਾ ਪਿੰਡ ਚੌਕ ਵਿਖੇ ਬਰਸਾਤੀ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਸਰਫੇਸ ਵਾਟਰ ਪਾਈਪਾਂ ਪਾਉਣ ਦਾ ਕੰਮ ਕੀਤਾ ਜਾ ਰਿਹਾ ਹੈ। ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਇਲਾਕਾ ਨਿਵਾਸੀਆਂ ਨੂੰ ਬਰਸਾਤ ਦੇ ਦਿਨਾਂ ਦੌਰਾਨ ਸੜਕਾਂ ’ਤੇ ਪਾਣੀ ਭਰਨ ਦੀ ਸਮੱਸਿਆ ਤੋਂ ਰਾਹਤ ਮਿਲਣ ਦੀ ਉਮੀਦ ਹੈ। ਇਸ ਸੰਬੰਧੀ ਇਲਾਕੇ ਦੇ ਕੌਂਸਲਰ ਰਵੀ ਕੁਮਾਰ ਨੇ ਦੱਸਿਆ ਕਿ ਇਸ ਪ੍ਰਾਜੈਕਟ ’ਤੇ ਲਗਪਗ 30 ਤੋਂ 31 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਦੱਸਿਆ ਕਿ ਕਰੀਬ 6 ਤੋਂ 7 ਮਹੀਨੇ ਪਹਿਲਾਂ ਉਨ੍ਹਾਂ ਨੇ ਆਪਣੇ ਸਾਥੀਆਂ ਸਮੇਤ ਮੇਅਰ ਵਿਨੀਤ ਧੀਰ ਨੂੰ ਪੱਤਰ ਲਿਖ ਕੇ ਇਲਾਕੇ ਦੀ ਇਸ ਗੰਭੀਰ ਸਮੱਸਿਆ ਬਾਰੇ ਜਾਣੂ ਕਰਵਾਇਆ ਸੀ। ਪੱਤਰ ਰਾਹੀਂ ਦੱਸਿਆ ਗਿਆ ਸੀ ਕਿ ਲੰਬਾ ਪਿੰਡ ਚੌਕ ਵਿਖੇ ਬਰਸਾਤ ਦੇ ਮੌਸਮ ਦੌਰਾਨ ਸੜਕਾਂ ’ਤੇ ਪਾਣੀ ਭਰ ਜਾਂਦਾ ਹੈ, ਜਿਸ ਕਾਰਨ ਰਾਹਗੀਰਾਂ ਤੇ ਇਲਾਕਾ ਨਿਵਾਸੀਆਂ ਨੂੰ ਕਾਫੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਾਣੀ ਦੀ ਨਿਕਾਸੀ ਦਾ ਢੁੱਕਵਾਂ ਪ੍ਰਬੰਧ ਨਾ ਹੋਣ ਕਾਰਨ ਆਵਾਜਾਈ ਵੀ ਪ੍ਰਭਾਵਿਤ ਹੁੰਦੀ ਹੈ। ਕੌਂਸਲਰ ਨੇ ਦੱਸਿਆ ਕਿ ਉਨ੍ਹਾਂ ਵਲੋਂ ਲਗਾਤਾਰ ਇਸ ਸਮੱਸਿਆ ਨੂੰ ਹੱਲ ਕਰਵਾਉਣ ਲਈ ਯਤਨ ਕੀਤੇ ਜਾ ਰਹੇ ਸਨ, ਜਿਸ ਤੋਂ ਬਾਅਦ ਹੁਣ ਸਰਫੇਸ ਵਾਟਰ ਪਾਈਪਾਂ ਪਾਉਣ ਦਾ ਕੰਮ ਸ਼ੁਰੂ ਹੋਇਆ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਪ੍ਰਾਜੈਕਟ ਪੂਰਾ ਹੋਣ ਤੋਂ ਬਾਅਦ ਬਰਸਾਤੀ ਪਾਣੀ ਦੀ ਨਿਕਾਸੀ ਸੁਚਾਰੂ ਢੰਗ ਨਾਲ ਹੋ ਸਕੇਗੀ ਅਤੇ ਲੋਕਾਂ ਨੂੰ ਲੰਮੇ ਸਮੇਂ ਤੋਂ ਆ ਰਹੀ ਮੁਸ਼ਕਿਲ ਤੋਂ ਨਿਜਾਤ ਮਿਲੇਗੀ।