ਸ੍ਰੀ ਮੁਕਤਸਰ ਸਾਹਿਬ, 2 ਜਨਵਰੀ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਭਾਜਪਾ ਆਗੂ ਜਗਵਿੰਦਰਪਾਲ ਸਿੰਘ ਸੰਧੂ ਭਾਜਪਾ ਦੇ ਨਵ-ਨਿਯੁਕਤ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਨਿਤਿਨ ਨਬੀਨ ਨੂੰ ਮਿਲੇ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਦੇ ਕਈ ਮੁੱਦਿਆਂ ਬਾਰੇ ਵਿਚਾਰ-ਚਰਚਾ ਕਰਨ ਤੋਂ ਇਲਾਵਾ 40 ਮੁਕਤਿਆਂ ਦੀ ਪਵਿੱਤਰ ਧਰਤੀ ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸ ਤੋਂ ਵੀ ਜਾਣੂ ਕਰਵਾਇਆ | ਇਸ ਸੰਬੰਧੀ ਜਗਵਿੰਦਰਪਾਲ ਸਿੰਘ ਸੰਧੂ ਨੇ ਕਿਹਾ ਕਿ ਇਸ ਮੁਲਾਕਾਤ ਦੌਰਾਨ ਸੂਬੇ ਦੇ ਮੌਜੂਦਾ ਹਾਲਾਤਾਂ 'ਤੇ ਰਾਜਨੀਤੀ ਬਾਰੇ ਵੀ ਵਿਚਾਰ-ਚਰਚਾ ਕੀਤੀ ਗਈ | ਸਭ ਤੋਂ ਪਹਿਲਾਂ ਨਿਤਿਨ ਨਬੀਨ ਨੂੰ ਰਾਸ਼ਟਰੀ ਕਾਰਜਕਾਰੀ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਗਈ | ਉਨ੍ਹਾਂ ਕਿਹਾ ਕਿ ਉਹ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨਾਂ ਨੂੰ ਨਾਲ ਲੈ ਕੇ ਭਾਰਤੀ ਜਨਤਾ ਪਾਰਟੀ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ-ਘਰ ਤੱਕ ਪਹੁੰਚਾਉਣਗੇ | ਉਨ੍ਹਾਂ ਕਿਹਾ ਕਿ ਭਾਜਪਾ ਹੀ ਇਕ ਅਜਿਹੀ ਪਾਰਟੀ ਹੈ, ਜੋ ਹਮੇਸ਼ਾ ਹੀ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹਿੰਦੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਵਲੋਂ ਚਲਾਈਆਂ ਸਕੀਮਾਂ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਜਾਵੇਗਾ, ਤਾਂ ਜੋ ਇਨ੍ਹਾਂ ਸਕੀਮਾਂ ਦਾ ਲੋਕ ਲਾਭ ਲੈ ਸਕਣ | ਜ਼ਿਕਰਯੋਗ ਹੈ ਕਿ ਜਗਵਿੰਦਰਪਾਲ ਸਿੰਘ ਭਾਜਪਾ ਕਿਸਾਨ ਮੋਰਚਾ ਦੇ ਸੂਬਾ ਜਨਰਲ ਸਕੱਤਰ ਗੁਰਚਰਨ ਸਿੰਘ ਸੰਧੂ ਸਾਬਕਾ ਡੀ. ਟੀ. ਓ. ਦੇ ਹੋਣਹਾਰ ਸਪੁੱਤਰ ਹਨ, ਜੋ ਸਹਾਰਾ ਵੈੱਲਫ਼ੇਅਰ ਸੰਸਥਾ ਦੇ ਪ੍ਰਧਾਨ ਵਜੋਂ ਲੋਕ ਭਲਾਈ ਦੇ ਕਾਰਜ ਕਰਦੇ ਰਹਿੰਦੇ ਹਨ |