ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਪੰਜਾਬ ਸਰਕਾਰ ਤੇ ਡੀ. ਜੀ. ਪੀ. ਪੰਜਾਬ ਵਲੋਂ ਗੈਂਗਸਟਰਾਂ, ਸ਼ਰਾਰਤੀ ਅਨਸਰਾਂ ਅਤੇ ਗ਼ੈਰਕਾਨੂੰਨੀ ਅਪਰਾਧਿਕ ਨੈੱਟਵਰਕਾਂ ਖ਼ਿਲਾਫ਼ ਚਲਾਈ ਜਾ ਰਹੀ ਸੂਬਾ ਪੱਧਰੀ ਮੁਹਿੰਮ 'ਗੈਂਗਸਟਰਾਂ 'ਤੇ ਵਾਰ' ਤਹਿਤ ਅਤੇ ਐੱਸ.ਐੱਸ.ਪੀ. ਅਭਿਮੰਨਿਊ ਰਾਣਾ ਦੀ ਨਿਗਰਾਨੀ ਹੇਠ ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹਾ ਸੁਧਾਰ ਘਰ (ਜੇਲ੍ਹ) ਵਿਚ ਵਿਸ਼ੇਸ਼ ਤੇ ਅਚਾਨਕ ਤਲਾਸ਼ੀ ਮੁਹਿੰਮ ਚਲਾਈ ਗਈ | ਇਹ ਸਰਚ ਅਭਿਆਨ ਲੋਕਾਂ ਦੀ ਸੁਰੱਖਿਆ, ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਅਤੇ ਜੇਲ੍ਹ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਕੀਤਾ ਗਿਆ | ਇਹ ਵਿਸ਼ੇਸ਼ ਤਲਾਸ਼ੀ ਮੁਹਿੰਮ ਜੇਲ੍ਹ ਸੁਪਰਡੈਂਟ ਨਵਦੀਪ ਸਿੰਘ ਬਹਿਨੀਵਾਲ, ਗਗਨੇਸ਼ ਕੁਮਾਰ (ਐੱਸ. ਪੀ.), ਰਾਹੁਲ ਗਰੋਵਰ (ਡਿਪਟੀ ਸੁਪਰਡੈਂਟ) ਦੇ ਸਹਿਯੋਗ ਅਤੇ ਬਚਨ ਸਿੰਘ ਡੀ. ਐੱਸ. ਪੀ. ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਚਲਾਈ ਗਈ | ਇਸ ਦੌਰਾਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਤੋਂ ਤਕਰੀਬਨ 120 ਤੋਂ ਵੱਧ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਕੇ 'ਤੇ ਤਾਇਨਾਤ ਰਹੇ | ਅਧਿਕਾਰੀਆਂ ਨੇ ਦੱਸਿਆ ਕਿ ਜੇਲ੍ਹਾਂ ਦੀ ਅੰਦਰੂਨੀ ਸੁਰੱਖਿਆ 'ਤੇ ਲਗਾਤਾਰ ਨਜ਼ਰ ਰੱਖਣਾ ਬਹੁਤ ਜ਼ਰੂਰੀ ਹੈ, ਕਿਉਂਕਿ ਕਈ ਵਾਰ ਅਪਰਾਧਿਕ ਤੱਤ ਜੇਲ੍ਹ ਅੰਦਰੋਂ ਹੀ ਗ਼ੈਰਕਾਨੂੰਨੀ ਸਰਗਰਮੀਆਂ ਨੂੰ ਚਲਾਉਣ ਦੀ ਕੋਸ਼ਿਸ਼ ਕਰਦੇ ਹਨ | ਜੇਲ੍ਹ ਦੀਆਂ ਸਾਰੀਆਂ ਬੈਰਕਾਂ, ਵਾਰਡਾਂ ਤੇ ਸਹਾਇਕ ਇਲਾਕਿਆਂ ਦੀ ਵਿਸਥਾਰਪੂਰਕ ਅਤੇ ਗਹਿਰਾਈ ਨਾਲ ਜਾਂਚ ਕੀਤੀ ਗਈ | ਕੈਦੀਆਂ ਤੇ ਹਵਾਲਾਤੀਆਂ ਦੀ ਨਿੱਜੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਸਾਮਾਨ ਦੀ ਪੂਰੀ ਤਰ੍ਹਾਂ ਚੈਕਿੰਗ ਕੀਤੀ ਗਈ | ਜੇਲ੍ਹ ਦੇ ਅੰਦਰੂਨੀ ਤੇ ਬਾਹਰੀ ਆਵਾਜਾਈ ਰਸਤੇ, ਕੰਧਾਂ ਦੇ ਕੋਨੇ, ਬਾਥਰੂਮ, ਸਟੋਰ ਤੇ ਹੋਰ ਸੰਦੇਹਪੂਰਨ ਥਾਵਾਂ ਦੀ ਖ਼ਾਸ ਤੌਰ 'ਤੇ ਜਾਂਚ ਕੀਤੀ ਗਈ | ਕੁਝ ਸ਼ੱਕੀ ਵਿਅਕਤੀਆਂ ਨਾਲ ਪੁੱਛਗਿੱਛ ਕਰਕੇ ਸੰਭਾਵੀ ਗ਼ੈਰ-ਕਾਨੂੰਨੀ ਗਤੀਵਿਧੀਆਂ ਸੰਬੰਧੀ ਜਾਣਕਾਰੀ ਇਕੱਤਰ ਕੀਤੀ ਗਈ | ਪੁਲਿਸ ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਜੇਲ੍ਹ ਅੰਦਰ ਬੰਦ ਗੈਂਗਸਟਰਾਂ, ਨਸ਼ਾ ਤਸਕਰਾਂ ਜਾਂ ਹੋਰ ਅਪਰਾਧਿਕ ਤੱਤਾਂ ਨੂੰ ਕਿਸੇ ਵੀ ਤਰੀਕੇ ਨਾਲ ਬਾਹਰੀ ਸੰਪਰਕ ਬਣਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਸ੍ਰੀ ਮੁਕਤਸਰ ਸਾਹਿਬ ਪੁਲਿਸ ਦਾ ਉਦੇਸ਼ ਕੇਵਲ ਤਲਾਸ਼ੀ ਮੁਹਿੰਮ ਤੱਕ ਸੀਮਿਤ ਨਹੀਂ, ਸਗੋਂ ਜੇਲ੍ਹ ਅੰਦਰੋਂ ਚੱਲ ਰਹੇ ਜਾਂ ਸੰਭਾਵੀ ਗ਼ੈਰਕਾਨੂੰਨੀ ਨੈੱਟਵਰਕਾਂ ਨੂੰ ਪੂਰੀ ਤਰ੍ਹਾਂ ਤੋੜਨਾ ਹੈ | ਜੇਲ੍ਹ ਅੰਦਰੋਂ ਨਸ਼ਾ ਤਸਕਰੀ ਜਾਂ ਗ਼ੈਰ-ਕਾਨੂੰਨੀ ਗਤੀਵਿਧੀਆਂ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ |