ਸ੍ਰੀ ਮੁਕਤਸਰ ਸਾਹਿਬ, 23 ਜਨਵਰੀ (ਹਰਮਹਿੰਦਰ ਪਾਲ)-ਸ੍ਰੀ ਮੁਕਤਸਰ ਸਾਹਿਬ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ ਵਿਖੇ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਤੇ ਜੇਲ੍ਹ ਮੰਤਰੀ ਪੰਜਾਬ ਸਰਕਾਰ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ | ਇਹ ਪ੍ਰਗਟਾਵਾ ਐੱਸ.ਡੀ.ਐੱਮ. ਬਲਜੀਤ ਕੌਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਦਾ ਰੀਵਿਊ ਕਰਨ ਸੰਬੰਧੀ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸੀ.ਸੀ. ਕੈਡਿਟਸ ਅਤੇ ਸਕੂਲੀ ਵਿਦਿਆਰਥੀਆਂ ਦੀਆਂ ਬੈਂਡ ਟੀਮਾਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ | ਇਸ ਤੋਂ ਬਾਅਦ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਪੇਸ਼ ਕੀਤੀਆਂ ਜਾਣਗੀਆਂ | ਐੱਸ.ਡੀ.ਐੱਮ. ਨੇ ਦੱਸਿਆ ਕਿ ਗਣਤੰਤਰ ਦਿਵਸ ਸਮਾਗਮ ਵਿਚ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵਲੋਂ ਦੇਸ਼ ਭਗਤੀ ਅਤੇ ਪੰਜਾਬ ਦੇ ਸੱਭਿਆਚਾਰ ਨਾਲ ਲਬਰੇਜ਼ ਸ਼ਾਨਦਾਰ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ | ਸਮਾਗਮ ਦੌਰਾਨ ਸੁਤੰਤਰਤਾ ਸੈਨਾਨੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਤੋਂ ਇਲਾਵਾ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਨੂੰ ਵੀ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਇਸ ਸਮਾਗਮ ਵਿਚ ਪਹੁੰਚਣ ਦੀ ਅਪੀਲ ਕੀਤੀ |