ਮਲੋਟ, 28 ਜਨਵਰੀ (ਪਾਟਿਲ)-ਸਮੂਹ ਸਮਾਜ ਸੇਵੀ ਸੰਸਥਾਵਾਂ ਤੇ ਧਾਰਮਿਕ ਜਥੇਬੰਦੀਆਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿਚ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਵਲੋਂ ਨਵ-ਨਿਯੁਕਤ ਸਿਵਲ ਸਰਜਨ ਡਾ. ਸੁਨੀਲ ਬਾਂਸਲ ਨੂੰ ਗੁਲਦਸਤਾ ਭੇਟ ਕਰਕੇ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ ਗਈ | ਡਾ. ਗਿੱਲ ਨੇ ਕਿਹਾ ਕਿ ਇਤਿਹਾਸਕ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਲਈ ਮਾਣ ਵਾਲੀ ਗੱਲ ਹੈ ਕਿ ਮਲੋਟ ਸ਼ਹਿਰ ਦੇ ਜੰਮਪਲ ਡਾ. ਸੁਨੀਲ ਬਾਂਸਲ ਨੇ ਬਤੌਰ ਸਿਵਲ ਸਰਜਨ ਦਾ ਅਹੁਦਾ ਸੰਭਾਲਿਆ ਹੈ | ਡਾ. ਗਿੱਲ ਤੇ ਸਮਾਜ ਸੇਵੀ ਸੰਸਥਾਵਾਂ ਦੇ ਅਹੁਦੇਦਾਰਾਂ ਨੇ ਸਿਵਲ ਸਰਜਨ ਨੂੰ ਅਪੀਲ ਕੀਤੀ ਕਿ ਲੋੜਵੰਦ ਬਜ਼ੁਰਗਾਂ, ਔਰਤਾਂ ਤੇ ਅਪਾਹਜ ਵਿਅਕਤੀਆਂ ਦੇ ਕੰਮਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਵੇ | ਡਾ. ਸੁਨੀਲ ਬਾਂਸਲ ਨੇ ਵਿਸ਼ਵਾਸ ਦਿਵਾਇਆ ਕਿ 15 ਫ਼ਰਵਰੀ ਤੱਕ ਸਾਰੇ ਬਿੱਲ ਪਾਸ ਕਰ ਦਿੱਤੇ ਜਾਣਗੇ ਅਤੇ ਡਾਕਟਰਾਂ ਦੀ ਘਾਟ ਵੀ ਜਲਦੀ ਪੂਰੀ ਕੀਤੀ ਜਾਵੇਗੀ | ਕਿਸੇ ਵੀ ਵਿਅਕਤੀ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ | ਇਸ ਮੌਕੇ ਚੇਅਰਮੈਨ ਡਾ. ਨਰੇਸ਼ ਪਰੂਥੀ, ਪ੍ਰਧਾਨ ਮਾਸਟਰ ਹਰਜਿੰਦਰ ਸਿੰਘ, ਪ੍ਰਧਾਨ ਹਰਜੀਤ ਸਿੰਘ, ਪ੍ਰਧਾਨ ਦੇਸਰਾਜ ਸਿੰਘ, ਪ੍ਰਧਾਨ ਸਰੂਪ ਸਿੰਘ, ਪ੍ਰਧਾਨ ਜੋਗਿੰਦਰ ਸਿੰਘ ਆਦਿ ਹਾਜ਼ਰ ਸਨ |