ਸ੍ਰੀ ਮੁਕਤਸਰ ਸਾਹਿਬ, 3 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਨੇ ਕੇਂਦਰੀ ਬਜਟ ਸੰਬੰਧੀ ਕਿਹਾ ਕਿ ਆਮ ਲੋਕਾਂ ਲਈ ਜ਼ਰੂਰੀ ਚੀਜ਼ਾਂ ਦੀਆਂ ਵਧਦੀਆਂ ਕੀਮਤਾਂ ਅਤੇ ਘਟਦੀ ਆਮਦਨ ਹੀ ਅਸਲ ਮਸਲਾ ਹੁੰਦਾ ਹੈ, ਪਰ ਅਫ਼ਸੋਸ ਦੀ ਗੱਲ ਹੈ ਕਿ ਬਜਟ ਇਨ੍ਹਾਂ ਮੁਢਲੀਆਂ ਸਹੂਲਤਾਂ ਨੂੰ ਪੂਰਾ ਕਰਨ 'ਚ ਅਸਫ਼ਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕੁਝ ਵਿਸ਼ੇਸ਼ ਰਿਆਇਤਾਂ ਕੇਂਦਰ ਨੇ ਕੀ ਦੇਣੀਆਂ ਸੀ, ਪਰ ਵਿੱਤ ਮੰਤਰੀ ਨੇ ਆਪਣੇ ਭਾਸ਼ਣ 'ਚ ਪੰਜਾਬ ਦਾ ਇਕ ਵਾਰੀ ਵੀ ਜ਼ਿਕਰ ਤੱਕ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਇਹ ਬਜਟ ਉਸੇ ਦਿਨ ਪੇਸ਼ ਕੀਤਾ ਗਿਆ, ਜਦੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਵਿਚ ਆਏ ਹੋਏ ਸਨ, ਪਰ ਪੰਜਾਬ ਨੂੰ ਫ਼ਿਰ ਵੀ ਪੂਰੀ ਤਰ੍ਹਾਂ ਨਜ਼ਰਅੰਦਾਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਪੇਸ਼ ਕੀਤੇ ਗਏ ਬਜਟ 'ਚ ਕਿਸਾਨਾਂ ਤੋਂ ਇਲਾਵਾ ਮਜ਼ਦੂਰ ਵਰਗ ਨੂੰ ਪੂਰੀ ਤਰ੍ਹਾਂ ਅਣਦੇਖਿਆ ਕੀਤਾ ਗਿਆ ਹੈ |